ਮਾਨਸਾ| ਪੰਜਾਬੀ ਗਾਇਕ ਸ਼ੁਭਦੀਪ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਅੱਜ ਪਿੰਡ ਜਵਾਹਰਕੇ ਵਿਖੇ ਸਿੱਧੂ ਮੂਸੇਵਾਲੇ ਦੀ ਯਾਦ ਵਿੱਚ ਕਰਵਾਏ ਗਏ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਮੌਕੇ ਮੱਥਾ ਟੇਕਣ ਲਈ ਪਹੁੰਚੀ। ਇਸ ਦੌਰਾਨ ਉਨ੍ਹਾਂ ਨਮ ਅੱਖਾਂ ਨਾਲ ਪੁੱਤਰ ਮੂਸੇਵਾਲਾ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਦੌਰਾਨ ਉਹ ਸਿੱਧੂ ਨੂੰ ਜਿੱਥੇ ਮਾਰਿਆ ਗਿਆ ਸੀ ਉਸ ਥਾਂ ਉਸਨੂੰ ਯਾਦ ਕਰਕੇ ਭਾਵੁਕ ਹੋ ਕੇ ਰੋਣ ਲੱਗੀ। ਇਸ ਦੌਰਾਨ ਉਨ੍ਹਾਂ ਨਾਲ ਪਹੁੰਚੇ ਕੁਝ ਲੋਕਾਂ ਨੇ ਉਨ੍ਹਾਂ ਨੂੰ ਹੌਸਲਾ ਦਿੱਤਾ।

ਜਾਣਕਾਰੀ ਲਈ ਦੱਸ ਦੇਈਏ ਕਿ 29 ਮਈ ਨੂੰ ਮੂਸੇਵਾਲਾ ਦੀ ਪਹਿਲੀ ਬਰਸੀ ਮੌਕੇ ਉਸ ਦੇ ਤਾਏ ਚਮਕੌਰ ਸਿੰਘ ਵਲੋਂ ਪਿੰਡ ਮੂਸਾ ਦੇ ਗੁਰਦੁਆਰਾ ਸਾਹਿਬ ‘ਚ ਪਾਠ ਦੇ ਭੋਗ ਪਾਏ ਜਾਣ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਨਾਲ ਹੀ ਪਿੰਡ ‘ਚ ਮੂਸੇਵਾਲਾ ਦੀ ਯਾਦ ‘ਚ ਇੱਕ ਖੂਨਦਾਨ ਕੈਂਪ ਵੀ ਲਗਾਇਆ ਜਾਵੇਗਾ।

ਇਸ ਤੋਂ ਇਲਾਵਾ ਚਮਕੌਰ ਸਿੰਘ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਮੂਸੇਵਾਲਾ ਦੀ ਯਾਦ ਵਿੱਚ ਮਾਨਸਾ ਦੇ ਗੁਰਦੁਆਰਾ ਚੌਕ ਤੋਂ ਬੱਸ ਅੱਡਾ ਚੌਕ ਤੱਕ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਲਈ ਰੋਸ ਮਾਰਚ ਵੀ ਕੱਢਿਆ ਜਾਵੇਗਾ। ਇਸ ਮੌਕੇ ਮੂਸੇਵਾਲਾ ਦੇ ਪ੍ਰਸ਼ੰਸਕਾਂ ਨੂੰ ਮੂਸਾ ਪਿੰਡ ਪੁੱਜਣ ਦੀ ਵੀ ਅਪੀਲ ਕੀਤੀ ਗਈ ਹੈ। 

ਇਸ ਤੋਂ ਇਲਾਵਾ ਕੈਨੇਡਾ ਦੇ ਸਰੀ ‘ਚ ਵੀ ਮੂਸੇਵਾਲਾ ਦੀ ਯਾਦ ‘ਚ 28 ਮਈ ਐਤਵਾਰ ਨੂੰ ਗੁਰਦੁਆਰਾ ਸਾਹਿਬ ‘ਚ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣੇ ਹਨ। ਮੂਸੇਵਾਲਾ ਦੀ ਮਾਂ ਚਰਨ ਕੌਰ ਨੇ ਇਸ ਬਾਰੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਪਾ ਕੇ ਜਾਣਕਾਰੀ ਦਿੱਤੀ ਹੈ। ਹਾਲਾਂਕਿ ਚਰਨ ਕੌਰ ਪਿੰਡ ਜਵਾਹਰਕੇ ਵਿਖੇ ਪਹੁੰਚੇ ਹਨ।