ਮਾਨਸਾ/ਲੁਧਿਆਣਾ, 12 ਫਰਵਰੀ | ਮਾਨਸਾ ‘ਚ ਆਯੋਜਿਤ ਇਕ ਸੰਮੇਲਨ ‘ਚ ਪਹੁੰਚੇ ਲੁਧਿਆਣਾ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਦਿੱਲੀ ਜਾਣ ਵਾਲੇ ਕਿਸਾਨਾਂ ਨੂੰ ਰੋਕਣ ਲਈ ਵੱਖ-ਵੱਖ ਥਾਵਾਂ ‘ਤੇ ਬੈਰੀਕੇਡ ਅਤੇ ਕੇਂਦਰੀ ਬਲ ਲਗਾਏ ਹੋਏ ਹਨ। ਇੰਨੇ ਬੈਰੀਕੇਡ ਤਾਂ ਪਾਕਿਸਤਾਨ ਦੀ ਸਰਹੱਦ ‘ਤੇ ਵੀ ਨਹੀਂ ਲਗਾਏ ਗਏ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਦਾ ਕੋਈ ਨੁਕਸਾਨ ਹੋਇਆ ਤਾਂ ਅਸੀਂ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਧਰਨਾ ਦੇਣ ਲਈ ਮਜਬੂਰ ਹੋਵਾਂਗੇ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਬਣਾਉਣ ਵਿਚ ਹਰਸਿਮਰਤ ਕੌਰ ਬਾਦਲ ਨੇ ਵੱਡੀ ਭੂਮਿਕਾ ਨਿਭਾਈ ਸੀ।
ਰਵਨੀਤ ਬਿੱਟੂ ਨੇ ਕਿਹਾ ਕਿ ਹੁਣ ਭਾਜਪਾ ਅਤੇ ਅਕਾਲੀ ਦਲ ਦਾ ਮੁੜ ਤੋਂ ਗਠਜੋੜ ਹੋਣ ਜਾ ਰਿਹਾ ਹੈ ਪਰ ਪਹਿਲਾਂ ਜੋ ਖੇਤੀ ਕਾਨੂੰਨਾਂ ਸਬੰਧੀ 3 ਬਿੱਲ ਸਰਕਾਰ ਵੱਲੋਂ ਲਿਆਂਦੇ ਗਏ ਸਨ, ਉਹ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕੋਲ ਬੈਠ ਕੇ ਬਣਵਾਏ ਸਨ। ਮਾਨਸਾ ਦੇ ਡੇਰਾ ਬਾਬਾ ਭਾਈ ਗੁਰਦਾਸ ਵਿਖੇ ਕੌਮੀ ਸੰਤ ਸੰਮੇਲਨ ਵਿਚ ਪਹੁੰਚੇ ਲੁਧਿਆਣਾ ਦੇ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਕਿਹਾ ਕਿ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ 13 ਫਰਵਰੀ ਨੂੰ ਦਿੱਲੀ ਵਿਚ ਰੋਸ ਪ੍ਰਦਰਸ਼ਨ ਕਰਨ ਜਾ ਰਹੇ ਹਨ ਪਰ ਇਸ ਤੋਂ ਪਹਿਲਾਂ ਹੀ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਰੋਕਣ ਦਾ ਫੈਸਲਾ ਕਰ ਲਿਆ ਹੈ।
ਸੀ.ਆਰ.ਪੀ.ਐਫ., ਬੀ.ਐਸ.ਐਫ ਆਦਿ ਸਮੇਤ ਹੋਰ ਬਲਾਂ ਵੱਲੋਂ ਵੱਖ-ਵੱਖ ਥਾਵਾਂ ‘ਤੇ ਬੈਰੀਕੇਡ ਲਗਾ ਕੇ ਕਿਸਾਨਾਂ ਨੂੰ ਰੋਕਣ ਦੇ ਯਤਨ ਕੀਤੇ ਜਾ ਰਹੇ ਹਨ। ਇਹ ਬੈਰੀਕੇਡ ਲਗਾ ਕੇ ਕੇਂਦਰ ਸਰਕਾਰ ਨੇ ਪੰਜਾਬ ਨੂੰ ਪਾਕਿਸਤਾਨ ਬਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਖੁਦ ਅਨਾਜ ਦੇਸ਼ ਦੇ ਵੱਖ-ਵੱਖ ਸੂਬਿਆਂ ਨੂੰ ਭੇਜਦਾ ਹੈ। ਪੰਜਾਬ ਦੇ ਨੌਜਵਾਨ ਫੌਜ ਵਿਚ ਭਰਤੀ ਹੋ ਕੇ ਦੇਸ਼ ਦੀ ਸੇਵਾ ਕਰਦੇ ਹਨ ਪਰ ਪੰਜਾਬ ਨੂੰ ਹੱਕ ਦੇਣ ਲਈ ਕੇਂਦਰ ਸਰਕਾਰ ਉਨ੍ਹਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ।