ਪੰਜਾਬ ਕੈਬਿਨੇਟ ਨੇ ਵਾਧੂ ਮਾਲੀਆ ਜੁਟਾਉਣ ਲਈ ਇੰਤਕਾਲ ਫੀਸ 300 ਤੋਂ ਵਧਾ ਕੇ 600 ਰੁਪਏ ਕੀਤੀ

0
14161
  • ਮੁੱਖ ਮੰਤਰੀ ਵੱਲੋਂ ਮਾਲ ਵਿਭਾਗ ਨੂੰ ਇੰਤਕਾਲ ਦੇ ਬਕਾਏ ਮਾਮਲੇ ਨਿਪਟਾਉਣ ਲਈ ਮੁਹਿੰਮ ਚਲਾਉਣ ਦੇ ਹੁਕਮ
  • ਮੁੱਖ ਸਕੱਤਰ ਨੂੰ ਲਟਕਵੀਆਂ ਸਮੱਸਿਆਵਾਂ ਦੀ ਨਜ਼ਰਸਾਨੀ ਕਰਨ ਲਈ ਆਖਿਆ

ਚੰਡੀਗੜ੍ਹ. ਸੂਬੇ ਦੀ ਵਿੱਤੀ ਹਾਲਤ ਸੁਧਾਰਨ ਲਈ ਵਾਧੂ ਮਾਲੀਆ ਜੁਟਾਉਣ ਦੀ ਕੋਸ਼ਿਸ਼ ਵਜੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਇੰਤਕਾਲ ਫੀਸ 300 ਰੁਪਏ ਤੋਂ ਵਧਾ ਕੇ 600 ਰੁਪਏ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਇਸ ਫੈਸਲੇ ਨਾਲ ਸੂਬੇ ਦੇ ਖਜ਼ਾਨੇ ਨੂੰ ਲਗਪਗ 10 ਕਰੋੜ ਰੁਪਏ ਦੀ ਮਾਲੀ ਮਦਦ ਮਿਲੇਗੀ।

ਮੁੱਖ ਮੰਤਰੀ ਨੇ ਮਾਲ ਵਿਭਾਗ ਨੂੰ ਜ਼ਮੀਨ ਮਾਲਕਾਂ ਦੇ ਹਿੱਤ ਵਿੱਚ ਸਾਰੇ ਬਕਾਇਆ ਇੰਤਕਾਲ ਨਿਪਟਾਉਣ ਲਈ ਵਿਸ਼ੇਸ਼ ਮੁਹਿੰਮ ਵੀ ਚਲਾਉਣ ਲਈ ਆਖਿਆ ਹੈ।

ਮੁੱਖ ਮੰਤਰੀ ਨੇ ਮਾਲ ਵਿਭਾਗ ਨੂੰ ਇੰਤਕਾਲ ਫੀਸ ਵਸੂਲਣ ਅਤੇ ਜ਼ਮੀਨ ਦੀ ਰਜਿਸਟਰੀ ਮੌਕੇ ਇੰਤਕਾਲ ਲਈ ਦਸਤਾਵੇਜ਼ਾਂ ਨੂੰ ਛੇਤੀ ਮੁੰਕਮਲ ਕਰਨ ‘ਤੇ ਵਿਚਾਰਨ ਕਰਨ ਦੇ ਹੁਕਮ ਦਿੱਤੇ ਤਾਂ ਕਿ ਇਸ ਸਬੰਧ ਵਿੱਚ ਬੇਲੋੜੀ ਦੇਰੀ ਨੂੰ ਰੋਕਿਆ ਜਾ ਸਕੇ। ਕੁਝ ਮੰਤਰੀਆਂ ਨੇ ਮੀਟਿੰਗ ਦੌਰਾਨ ਇਹ ਨੁਕਤਾ ਉਠਾਇਆ ਕਿ ਅਨੇਕਾਂ ਇੰਤਕਾਲ ਸਾਲਾਂ ਤੋਂ ਬਕਾਇਆ ਹਨ ਤਾਂ ਮੁੱਖ ਮੰਤਰੀ ਨੇ ਮੁੱਖ ਸਕੱਤਰ ਅਤੇ ਵਿੱਤ ਕਮਿਸ਼ਨਰ (ਮਾਲ) ਨੂੰ ਇਹ ਮਾਮਲਾ ਵਿਚਾਰਨ ਅਤੇ ਲੋੜੀਂਦੇ ਕਦਮ ਚੁੱਕਣ ਲਈ ਆਖਿਆ।

ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਮੁਤਾਬਕ ਸਰਕਾਰ ਵੱਲੋਂ ਤੈਅ ਕੀਤੀ ਫੀਸ ਅਜੋਕੇ ਮੁਦਰਾ ਪਾਸਾਰ ਦੇ ਮਾਹੌਲ ਵਿੱਚ ਮਾਲੀਆ ਉਗਰਾਹੁਣ ਲਈ ਬਹੁਤ ਘੱਟ ਹੈ। ਇਹ ਫੀਸ ਪਿਛਲੀ ਵਾਰ ਅਕਤੂਬਰ, 2012 ਵਿੱਚ ਵਧਾਈ ਗਈ ਸੀ ਜੋ 150 ਰੁਪਏ ਤੋਂ ਵਧਾ ਕੇ 300 ਰੁਪਏ ਕੀਤੀ ਗਈ ਸੀ। ਬੁਲਾਰੇ ਨੇ ਦੱਸਿਆ ਕਿ ਸੂਬੇ ਦੇ ਖਜ਼ਾਨੇ ‘ਤੇ ਖਰਚੇ ਦਾ ਬੋਝ ਵਧਣ ਕਰਕੇ ਸੂਬਾ ਸਰਕਾਰ ਨੇ ਅੱਠ ਸਾਲਾਂ ਦੇ ਲੰਮੇ ਸਮੇਂ ਬਾਅਦ ਇੰਤਕਾਲ ਫੀਸ ਵਧਾਉਣ ਦਾ ਫੈਸਲਾ ਕੀਤਾ ਹੈ।
ਗ੍ਰਹਿ ਮੰਤਰਾਲੇ ਦੀ ਰਿਪੋਰਟ ਮਨਜ਼ੂਰ – ਇਸ ਦੌਰਾਨ ਮੰਤਰੀ ਮੰਡਲ ਨੇ ਗ੍ਰਹਿ ਮਾਮਲਿਆਂ ਤੇ ਨਿਆਂ ਵਿਭਾਗ ਦੀ ਸਾਲ 2015 ਦੀ ਸਾਲਾਨਾ ਪ੍ਰਸ਼ਾਸਨਿਕ ਰਿਪੋਰਟ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।