ਸ੍ਰੀ ਮੁਕਤਸਰ ਸਾਹਿਬ/ਮਲੋਟ | ਇਥੋਂ ਇਕ ਖੌਫਨਾਕ ਖਬਰ ਸਾਹਮਣੇ ਆਈ ਹੈ। ਮਲੋਟ ਦੇ ਹਰਜਿੰਦਰ ਨਗਰ ਦੇ ਰਹਿਣ ਵਾਲੇ ਮਨਜੀਤ ਸਿੰਘ ਦਾ ਗੁਆਂਢੀ ਨੇ ਲੱਕੜ ਦਾ ਫਹੋੜਾ ਮਾਰ ਕੇ ਕਤਲ ਕਰ ਦਿੱਤਾ। ਦੱਸ ਦਈਏ ਕਿ ਮਾਮੂਲੀ ਵਿਵਾਦ ਨੇ ਖੌਫਨਾਕ ਰੂਪ ਧਾਰਨ ਕੀਤਾ।
ਜਾਣਕਾਰੀ ਅਨੁਸਾਰ ਵਾਰਦਾਤ ਨੂੰ ਅੰਜਾਮ ਦੇਣ ਉਪਰੰਤ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ। ਉਧਰ ਮੌਕੇ ‘ਤੇ ਪੁੱਜ ਕੇ ਥਾਣਾ ਸਿਟੀ ਮਲੋਟ ਦੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਘਟਨਾ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ।
ਮ੍ਰਿਤਕ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਮਨਜੀਤ ਸਿੰਘ ਗੁਆਂਢ ਵਿਚ ਰਹਿਣ ਵਾਲੇ ਇਕ ਵਿਅਕਤੀ ਨਾਲ ਮਿਲ ਕੇ ਪਸ਼ੂਆਂ ਨੂੰ ਵੇਚਣ ਅਤੇ ਖਰੀਦਣ ਦਾ ਕੰਮ ਕਰਦਾ ਸੀ। ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਦੋਵਾਂ ਵਿਚਾਲੇ ਝਗੜਾ ਹੋ ਗਿਆ। ਸ਼ੁੱਕਰਵਾਰ ਨੂੰ ਦੋਵੇਂ ਇਕੱਠੇ ਬੈਠ ਕੇ ਗੱਲਾਂ ਕਰ ਰਹੇ ਸਨ। ਇਸ ਦੌਰਾਨ ਦੋਵਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ।
ਗੁਆਂਢੀ ਨੇ ਗੁੱਸੇ ‘ਚ ਆ ਕੇ ਮਨਜੀਤ ਸਿੰਘ ‘ਤੇ ਲੱਕੜ ਦੇ ਫਹੁੜੇ ਨਾਲ ਕਈ ਵਾਰ ਕੀਤੇ, ਜਿਸ ਕਾਰਨ ਮਨਜੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਦੂਜੇ ਪਾਸੇ ਮੌਕੇ ‘ਤੇ ਪਹੁੰਚੀ ਪੁਲਿਸ ਥਾਣਾ ਮਲੋਟ ਨੇ ਮ੍ਰਿਤਕ ਦੀ ਪਤਨੀ ਦੇ ਬਿਆਨ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।