ਜਲੰਧਰ| ਪ੍ਰਾਪਰਟੀ ਖ਼ਰੀਦਦਾਰਾਂ ਤੋਂ ਫੀਡਬੈਕ ਇਕੱਤਰ ਕਰਨ ਲਈ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੱਲੋਂ ਅੱਜ ਇੱਕ ਨਿਵੇਕਲੀ ਪਹਿਲ ਦੀ ਸ਼ੁਰੂਆਤ ਕੀਤੀ ਗਈ, ਜਿਸ ਤਹਿਤ ਉਨ੍ਹਾਂ ਵੱਲੋਂ ਜ਼ਿਲ੍ਹੇ ਦੇ ਸਾਰੇ ਸਬ-ਰਜਿਸਟਰਾਰ ਅਫ਼ਸਰਾਂ ਤੋਂ ਪ੍ਰਾਪਰਟੀ ਰਜਿਸਟ੍ਰੇਸ਼ਨ ਸੇਵਾਵਾਂ ਲੈਣ ਵਾਲੇ ਪ੍ਰਾਪਰਟੀ ਖ਼ਰੀਦਦਾਰਾਂ ਨੂੰ ਫੋਨ ਕਰਕੇ ਉਨ੍ਹਾਂ ਦੇ ਰਜਿਸਟ੍ਰੇਸ਼ਨ ਅਨੁਭਵਾਂ ਬਾਰੇ ਪ੍ਰਤੀਕਿਰਿਆ ਹਾਸਲ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਫ਼ੋਨ ਕਾਲਾਂ ਇਸ ਗੱਲ ਨੂੰ ਯਕੀਨੀ ਬਣਾਉਣ ਲਈ ਕੀਤੀਆਂ ਜਾਣਗੀਆਂ ਕਿ ਬਿਨੈਕਾਰਾਂ ਨੂੰ ਮਾਲ ਸੇਵਾਵਾਂ ਸੁਚਾਰੂ ਢੰਗ ਨਾਲ ਮਿਲ ਰਹੀਆਂ ਹਨ ਅਤੇ ਉਨ੍ਹਾਂ ਨੂੰ ਰਜਿਸਟ੍ਰੇਸ਼ਨ ਦੇ ਕੰਮ ਲਈ ਵਾਧੂ ਪੈਸੇ ਦੇਣ ਲਈ ਨਹੀਂ ਕਿਹਾ ਗਿਆ ਹੈ।

ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ, ਐਸ.ਡੀ.ਐਮਜ਼ ਅਤੇ ਸਬ-ਰਜਿਸਟਰਾਰਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਨੂੰ ਕਿਹਾ ਕਿ ਜਾਇਦਾਦ ਦੇ ਖ਼ਰੀਦਦਾਰਾਂ ਅਤੇ ਵਿਕਰੇਤਾਵਾਂ ਦੀ ਸੂਚੀ ਤਿਆਰ ਕਰਕੇ ਰੋਜ਼ਾਨਾ ਦੇ ਆਧਾਰ ‘ਤੇ ਉਨ੍ਹਾਂ ਦੇ ਦਫ਼ਤਰ ਵਿੱਚ ਜਮ੍ਹਾ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਬਿਨੈਕਾਰਾਂ ਦੇ ਨਾਮ, ਮੋਬਾਈਲ ਨੰਬਰ ਅਤੇ ਹੋਰ ਮਹੱਤਵਪੂਰਨ ਜਾਣਕਾਰੀ ਸੂਚੀ ਵਿੱਚ ਦਰਸਾਈ ਜਾਣੀ ਚਾਹੀਦੀ ਹੈ ਤਾਂ ਜੋ ਉਹ ਉਨ੍ਹਾਂ ਨੂੰ ਰੈਂਡਮ ਢੰਗ ਨਾਲ ਫੋਨ ਕਰ ਸਕਣ।

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਹ ਸੇਵਾਵਾਂ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਮਿਲਣ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਇਹ ਉਪਰਾਲਾ ਕੀਤਾ ਗਿਆ ਹੈ। ਆਪਣੀਆਂ ਫ਼ੋਨ ਕਾਲਾਂ ਵਿੱਚ ਡਿਪਟੀ ਕਮਿਸ਼ਨਰ ਵੱਲੋਂ ਬਿਨੈਕਾਰਾਂ ਨੂੰ ਕੁਝ ਸਵਾਲ ਪੁੱਛੇ ਜਾਣਗੇ, ਜਿਨ੍ਹਾਂ ਵਿੱਚ ਰਜਿਸਟਰੇਸ਼ਨ ਪ੍ਰਕਿਰਿਆ ਨੂੰ ਪੂਰਾ ਕਰਨ ਵਿੱਚ ਕਿੰਨਾ ਸਮਾਂ ਲੱਗਿਆ, ਕੀ ਕਿਸੇ ਏਜੰਟ, ਡੀਡ ਰਾਈਟਰ ਜਾਂ ਮਾਲ ਅਧਿਕਾਰੀ ਨੇ ਉਨ੍ਹਾਂ ਤੋਂ ਰਿਸ਼ਵਤ/ਵਾਧੂ ਪੈਸੇ ਦੀ ਮੰਗ ਕੀਤੀ ਸੀ, ਆਦਿ ਸ਼ਾਮਲ ਹਨ।

ਸ੍ਰੀ ਸਾਰੰਗਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ-ਟਾਲਰੈਂਸ ਦੀ ਨੀਤੀ ਅਪਣਾਈ ਗਈ ਹੈ ਅਤੇ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਸੂਬੇ ਵਿੱਚ ਪਹਿਲਾਂ ਹੀ ਸਖ਼ਤ ਕਦਮ ਚੁੱਕੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਮਿਸ਼ਨ ਨੂੰ ਅੱਗੇ ਵਧਾਉਂਦੇ ਹੋਏ ਪ੍ਰਸ਼ਾਸਨ ਨੇ ਸਬ ਰਜਿਸਟਰਾਰ ਦਫ਼ਤਰਾਂ ਵਿੱਚ ਰਜਿਸਟ੍ਰੇਸ਼ਨ ਸੇਵਾਵਾਂ ਲੈਣ ਵਾਲੇ ਬਿਨੈਕਾਰਾਂ ਤੋਂ ਫੀਡਬੈਕ ਇਕੱਤਰ ਕਰਨ ਲਈ ਇਹ ਮੁਹਿੰਮ ਸ਼ੁਰੂ ਕੀਤੀ ਹੈ।

ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਪ੍ਰਾਪਰਟੀ ਖ਼ਰੀਦਦਾਰਾਂ/ਵਿਕਰੇਤਾਵਾਂ ਦੀਆਂ ਸਬ-ਰਜਿਸਟਰਾਰਾਂ ਤੋਂ ਸੂਚੀਆਂ ਇਕੱਤਰ ਕਰਨ ਅਤੇ ਰੋਜ਼ਾਨਾ ਸ਼ਾਮ ਨੂੰ ਇੱਕ ਸੰਕਲਿਤ ਰਿਪੋਰਟ ਤਿਆਰ ਕਰਨ ਲਈ ਆਪਣਾ ਨਿੱਜੀ ਸਟਾਫ਼ ਤਾਇਨਾਤ ਕੀਤਾ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਮਾਲ ਅਧਿਕਾਰੀਆਂ ਅਤੇ ਡੀਡ ਰਾਈਟਰਾਂ ਵੱਲੋਂ ਰਜਿਸਟ੍ਰੇਸ਼ਨ ਸੇਵਾਵਾਂ ਪ੍ਰਦਾਨ ਕਰਨ ਵਿੱਚ ਜੇਕਰ ਕੋਈ ਖਾਮੀ ਪਾਈ ਜਾਂਦੀ ਹੈ ਤਾਂ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਾਗਰਿਕ ਸੇਵਾਵਾਂ ਸੁਚਾਰੂ ਢੰਗ ਨਾਲ ਮੁਹੱਈਆ ਕਰਵਾਉਣ ਦੇ ਸੰਕਲਪ ਨੂੰ ਦੁਹਰਾਇਆ ਅਤੇ ਕਿਹਾ ਕਿ ਇਸ ਟੀਚੇ ਦੀ ਪ੍ਰਾਪਤੀ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਸਬ-ਰਜਿਸਟਰਾਰਾਂ ਨੂੰ ਆਪਣੇ ਪਰਿਸਰ ਦੇ ਅੰਦਰ ਏਜੰਟਾਂ, ਜੋ ਲੋਕਾਂ ਨੂੰ ਆਪਣੇ ਕੰਮ ਅਣਅਧਿਕਾਰਤ ਢੰਗ ਨਾਲ ਕਰਵਾਉਣ ਦਾ ਲਾਲਚ ਦਿੰਦੇ ਹਨ, ‘ਤੇ ਤਿੱਖੀ ਨਜ਼ਰ ਰੱਖਣ ਲਈ ਕਿਹਾ ਤਾਂ ਜੋ ਅਜਿਹੇ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਸਕੇ।

ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਮਹਾਜਨ, ਉਪ ਮੰਡਲ ਮੈਜਿਸਟਰੇਟ ਵਿਕਾਸ ਹੀਰਾ ਤੇ ਬਲਬੀਰ ਰਾਜ ਸਿੰਘ, ਸਬ ਰਜਿਸਟਰਾਰ ਪ੍ਰਦੀਪ ਕੁਮਾਰ ਤੇ ਕੁਲਵੰਤ ਸਿੰਘ ਸਿੱਧੂ, ਤਹਿਸੀਲਦਾਰ ਰੁਪਿੰਦਰ ਸਿੰਘ ਬੱਲ, ਨਾਇਬ ਤਹਿਸੀਲਦਾਰ ਗੁਰਨਾਇਬ ਸਿੰਘ ਅਤੇ ਮਾਲ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ