ਚੰਡੀਗੜ੍ਹ| ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਪਿਛਲੇ ਸਾਲ ਸਤੰਬਰ ਵਿੱਚ ਪੰਜਾਬ ਦੇ ਜਲਾਲਾਬਾਦ ਵਿੱਚ ਹੋਈ ਅੱਤਵਾਦੀ ਘਟਨਾ ਵਿੱਚ ਸ਼ਾਮਲ ਦੋ ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਹੈ। NIA ਦੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਘਟਨਾ ਨੂੰ ਪਾਕਿਸਤਾਨ ਦੇ ਇੱਕ ਅੱਤਵਾਦੀ ਸੰਗਠਨ ਨੇ ਅੰਜ਼ਾਮ ਦਿੱਤਾ ਹੈ।
ਜਲਾਲਾਬਾਦ ਵਿੱਚ 15 ਸਤੰਬਰ ਨੂੰ ਮੋਟਰਸਾਈਕਲ ਟੈਂਕੀ ਵਿੱਚ ਹੋਏ ਧਮਾਕੇ ਵਿੱਚ ਬਲਵਿੰਦਰ ਸਿੰਘ (22) ਦੀ ਮੌਤ ਹੋ ਗਈ ਸੀ। ਜਦੋਂ ਪੰਜਾਬ ਪੁਲਿਸ ਨੇ ਇਸ ਨੂੰ ਅੱਤਵਾਦੀ ਘਟਨਾ ਕਰਾਰ ਦਿੱਤਾ ਤਾਂ ਐਨਆਈਏ ਨੇ ਜਾਂਚ ਆਪਣੇ ਹੱਥਾਂ ਵਿੱਚ ਲੈ ਲਈ। ਇਸ ਦੀ ਸਾਜ਼ਿਸ਼ 14 ਸਤੰਬਰ ਨੂੰ ਸੁਖਵਿੰਦਰ ਸਿੰਘ ਉਰਫ ਸੁੱਖਾ ਦੇ ਘਰ ਰਚੀ ਗਈ ਸੀ। ਸੁੱਖਾ ਫ਼ਿਰੋਜ਼ਪੁਰ ਦੇ ਪਿੰਡ ਚੰਦੀ ਵਾਲਾ ਦਾ ਰਹਿਣ ਵਾਲਾ ਹੈ।
ਬੀਕਾਨੇਰ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਧਮਾਕੇ ਦੀ ਸਾਜ਼ਿਸ਼ ਵਿੱਚ ਸ਼ਾਮਲ ਗੁਰਚਰਨ ਸਿੰਘ (38) ਬੀਕਾਨੇਰ ਵਿੱਚ ਹੈ। ਉਹ ਇੱਕ ਮਿੱਲ ਵਿੱਚ ਮਜ਼ਦੂਰ ਵਜੋਂ ਕੰਮ ਕਰਦਾ ਸੀ, ਉਸ ‘ਤੇ ਦੋ ਲੱਖ ਦਾ ਇਨਾਮ ਵੀ ਸੀ। ਸੂਚਨਾ ਤੋਂ ਬਾਅਦ ਪੁਲਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ। ਹੁਣ ਐਨਆਈਏ ਨੇ ਗੁਰਚਰਨ ਸਿੰਘ ਅਤੇ ਉਸ ਦੇ ਇੱਕ ਸਾਥੀ ਸੂਰਤ ਸਿੰਘ ਖ਼ਿਲਾਫ਼ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਹੈ।
ਐਨਆਈਏ ਨੇ ਸਾਲ ਦੀ ਸ਼ੁਰੂਆਤ ਵਿੱਚ ਦੋ ਪਾਕਿਸਤਾਨੀਆਂ ਸਮੇਤ ਛੇ ਖਾਲਿਸਤਾਨੀ ਦਹਿਸ਼ਤਗਰਦਾਂ ਖ਼ਿਲਾਫ਼ ਐਨਆਈਏ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਸੀ। ਜਾਂਚ ‘ਚ ਸਾਹਮਣੇ ਆਇਆ ਹੈ ਕਿ ਅੱਤਵਾਦੀ ਲਖਬੀਰ ਸਿੰਘ ਰੋਡੇ ਨੇ ਪੰਜਾਬ ‘ਚ ਭੀੜ-ਭੜੱਕੇ ਵਾਲੀਆਂ ਥਾਵਾਂ ‘ਤੇ ਕਈ ਧਮਾਕੇ ਕਰਨ ਦੀ ਸਾਜ਼ਿਸ਼ ਰਚੀ ਸੀ। ਲਖਬੀਰ ਸਿੰਘ ਰੋਡੇ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ ਦੇ ਮੁਖੀ ਹਨ। ਐਨਆਈਏ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਅੱਤਵਾਦੀ ਸੰਗਠਨ ਦੇ ਮੈਂਬਰ ਸਨ ਅਤੇ ਦੋਵੇਂ ਪਾਕਿਸਤਾਨ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਦੇ ਸਨ ਅਤੇ ਵਿਕਰੀ ਤੋਂ ਹੋਣ ਵਾਲੀ ਕਮਾਈ ਨੂੰ ਅੱਤਵਾਦ ਲਈ ਵਰਤਦੇ ਸਨ।