ਸਿੰਘੂ ਬਾਰਡਰ ‘ਤੇ ਨਿਹੰਗਾਂ ਨੇ ਕੀਤਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਕੇਸ ਪਹੁੰਚਿਆ ਸੁਪਰੀਮ ਕੋਰਟ, ਪੜ੍ਹੋ ਪੂਰਾ ਮਾਮਲਾ

0
2246

ਨਵੀਂ ਦਿੱਲੀ | ਦਿੱਲੀ ਦੇ ਸਿੰਘੂ ਬਾਰਡਰ ‘ਤੇ ਇਕ ਨੌਜਵਾਨ ਦੇ ਕਤਲ ਦਾ ਮਾਮਲਾ ਸੁਪਰੀਮ ਕੋਰਟ ਕੋਲ ਪਹੁੰਚ ਗਿਆ ਹੈ। ਅਰਜ਼ੀ ਦਾਇਰ ਕਰਦਿਆਂ ਸੁਪਰੀਮ ਕੋਰਟ ਦੇ ਵਕੀਲ ਸ਼ਸ਼ਾਂਕ ਸ਼ੇਖਰ ਝਾਅ ਨੇ ਸਿੰਘੂ ਬਾਰਡਰ ਖਾਲੀ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਇਸ ਮਾਮਲੇ ਦੀ ਛੇਤੀ ਸੁਣਵਾਈ ਲਈ ਸੁਪਰੀਮ ਕੋਰਟ ‘ਚ ਅਪੀਲ ਵੀ ਕੀਤੀ ਗਈ ਹੈ।

ਸ਼ੁੱਕਰਵਾਰ ਨੂੰ ਸਵੇਰੇ ਅੰਦੋਲਨ ‘ਤੇ ਬੈਠੇ ਕਿਸਾਨਾਂ ਦੇ ਮੰਚ ਕੋਲ ਇਕ ਨੌਜਵਾਨ ਦੀ ਲਾਸ਼ ਮਿਲੀ ਸੀ। ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰਨ ਤੋਂ ਬਾਅਦ ਉਸ ਦੀ ਲਾਸ਼ ਦਾ ਇਕ ਹੱਥ ਕੱਟ ਕੇ ਬੈਰੀਕੇਡ ਨਾਲ ਲਟਕਾ ਦਿੱਤਾ ਗਿਆ ਸੀ।

ਇੰਨਾ ਹੀ ਨਹੀਂ, ਨੌਜਵਾਨ ਦੀ ਲਾਸ਼ ਨੂੰ 100 ਮੀਟਰ ਤੱਕ ਵੀ ਘਸੀੜਿਆ ਗਿਆ। ਉਸ ਦੇ ਸਰੀਰ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਨ ਦੇ ਨਿਸ਼ਾਨ ਵੀ ਹਨ।

ਦਰਅਸਲ, ਸੁਪਰੀਮ ਕੋਰਟ ‘ਚ ਦਾਇਰ ਪਟੀਸ਼ਨ ਵਿੱਚ ਕਿਸਾਨ ਅੰਦੋਲਨ ਨੂੰ ਗੈਰਕਾਨੂੰਨੀ ਕਰਾਰ ਦਿੰਦਿਆਂ ਦਿੱਲੀ ਦੇ ਬਾਰਡਰ ਤੋਂ ਹਟਾਉਣ ਦੀ ਮੰਗ ਕੀਤੀ ਗਈ ਹੈ। ਇਸ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਹੁਣ ਇਕ ਦਲਿਤ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ।

ਇਸ ਤੋਂ ਪਹਿਲਾਂ 26 ਜਨਵਰੀ ਨੂੰ ਟਰੈਕਟਰ ਰੈਲੀ ਦੌਰਾਨ ਹਿੰਸਾ ਭੜਕੀ ਸੀ। ਸੁਪਰੀਮ ਕੋਰਟ ਤੋਂ ਵਿਚਾਰ ਅਧੀਨ ਪਟੀਸ਼ਨ ‘ਤੇ ਛੇਤੀ ਸੁਣਵਾਈ ਦੀ ਮੰਗ ਕੀਤੀ ਗਈ ਹੈ।

ਦੱਸ ਦੇਈਏ ਕਿ ਕਤਲ ਕੇਸ ਦੇ 2 ਆਰੋਪੀਆਂ ਦੀ ਪਛਾਣ ਹੋ ਗਈ ਹੈ। ਪੁਲਿਸ ਨੇ ਸਰਬਜੀਤ ਸਿੰਘ ਨਾਂ ਦੇ ਨਿਹੰਗ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ।

ਸੂਤਰਾਂ ਦਾ ਦਾਅਵਾ ਹੈ ਕਿ ਸਿੰਘੂ ਬਾਰਡਰ ਕਤਲ ਕੇਸ ‘ਚ ਬਾਬਾ ਅਮਨਦੀਪ ਸਿੰਘ ਤੇ ਬਾਬਾ ਨਰਾਇਣ ਸਿੰਘ ਨਾਂ ਦੇ 2 ਆਰੋਪੀਆਂ ਦੀ ਪਛਾਣ ਹੋ ਗਈ ਹੈ। ਇਸ ਮਾਮਲੇ ਵਿੱਚ ਇਕ ਨਿਹੰਗ ਸਰਬਜੀਤ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।