ਜਲੰਧਰ ਵਿੱਚ ‘ਨਿਤਿਨ ਦੇ ਸਾਥੀ’ ਵੱਲੋਂ ਦੁਸਹਿਰੇ ਤੋਂ ਅਗਲੀ ਸਵੇਰ ‘ਟਰੈਸ਼-ਏ-ਥੌਨ’ ਮੁਹਿੰਮ ਚਲਾਈ ਗਈ। ਆਦਰਸ਼ ਨਗਰ ਪਾਰਕ ਵਿੱਚ ਚੌਪਾਟੀ ਨੇੜੇ ਕਰਵਾਏ ਗਏ ਇਸ ਉਪਰਾਲੇ ਵਿੱਚ ਨੌਜਵਾਨ ਵਲੰਟੀਅਰਾਂ ਅਤੇ ਸਥਾਨਕ ਵਸਨੀਕਾਂ ਨੇ ਹਿੱਸਾ ਲੈ ਕੇ ਸਫ਼ਾਈ ਕੀਤੀ ਅਤੇ ਪੌਦੇ ਲਗਾਏ।
ਆਮ ਆਦਮੀ ਪਾਰਟੀ ਦੇ ਜਲੰਧਰ ਸੈਂਟਰਲ ਹਲਕਾ ਇੰਚਾਰਜ ਨਿਤਿਨ ਕੋਹਲੀ ਦੀ ਅਗਵਾਈ ਹੇਠ ਹੋਈ ਇਸ ਮੁਹਿੰਮ ਦਾ ਮਕਸਦ ਲੋਕਾਂ ਨੂੰ ਜਨਤਕ ਥਾਵਾਂ ਦੀ ਸਫ਼ਾਈ ਅਤੇ ਵਾਤਾਵਰਣ ਦੀ ਸੰਭਾਲ ਪ੍ਰਤੀ ਜਾਗਰੂਕ ਕਰਨਾ ਸੀ। ਇਸ ਦੌਰਾਨ ਪਾਰਕ ਵਿੱਚ ਸਵੇਰ ਦੀ ਸੈਰ ਕਰਨ ਆਏ ਲੋਕਾਂ ਨੇ ਵੀ ਮੁਹਿੰਮ ਵਿੱਚ ਸ਼ਮੂਲੀਅਤ ਕੀਤੀ।
ਇਸ ਮੌਕੇ ਨਿਤਿਨ ਕੋਹਲੀ ਨੇ ਵਲੰਟੀਅਰਾਂ ਅਤੇ ਸਥਾਨਕ ਵਸਨੀਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਸਿਰਫ਼ ਸ਼ਿਕਾਇਤਾਂ ਕਰਨਾ ਕਾਫ਼ੀ ਨਹੀਂ, ਸਗੋਂ ਹਰ ਨਾਗਰਿਕ ਨੂੰ ਆਪਣੀ ਜ਼ਿੰਮੇਵਾਰੀ ਸਮਝਦਿਆਂ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਏਜੰਸੀਆਂ ਅਤੇ ਸਫ਼ਾਈ ਕਰਮਚਾਰੀਆਂ ਦੀ ਆਪਣੀ ਜ਼ਿੰਮੇਵਾਰੀ ਹੈ, ਪਰ ਜਨਤਕ ਥਾਵਾਂ ਨੂੰ ਸਾਫ਼ ਰੱਖਣ ਵਿੱਚ ਲੋਕਾਂ ਦੀ ਭੂਮਿਕਾ ਵੀ ਅਹਿਮ ਹੈ।
ਨਿਤਿਨ ਕੋਹਲੀ ਨੇ ਨੌਜਵਾਨਾਂ ਨੂੰ ਦੋਸ਼ਾਰੋਪਣ ਤੋਂ ਬਾਹਰ ਨਿਕਲ ਕੇ ਸਮੱਸਿਆਵਾਂ ਦੇ ਹੱਲ ਲਈ ਖੁਦ ਪਹਿਲ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਪਹਿਲਕਦਮੀਆਂ ਨੂੰ ਸਿਰਫ਼ ਇੱਕ ਦਿਨ ਤੱਕ ਸੀਮਤ ਨਹੀਂ ਰੱਖਣਾ ਚਾਹੀਦਾ, ਸਗੋਂ ਹੋਰ ਮੁਹੱਲਿਆਂ ਅਤੇ ਪਾਰਕਾਂ ਵਿੱਚ ਵੀ ਇਸ ਤਰ੍ਹਾਂ ਦੇ ਉਪਰਾਲੇ ਕੀਤੇ ਜਾਣੇ ਚਾਹੀਦੇ ਹਨ।
ਪ੍ਰਬੰਧਕੀ ਟੀਮ ਮੁਤਾਬਕ, ‘ਨਿਤਿਨ ਦੇ ਸਾਥੀ’ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਸਫ਼ਾਈ, ਪੌਦੇ ਲਗਾਉਣ ਅਤੇ ਹੋਰ ਸਮਾਜਿਕ ਮੁੱਦਿਆਂ ਨਾਲ ਸਬੰਧਤ ਗਤੀਵਿਧੀਆਂ ਕਰਵਾਉਣ ਦੀ ਯੋਜਨਾ ਹੈ। ਇਸ ਦਾ ਉਦੇਸ਼ ਵੱਧ ਤੋਂ ਵੱਧ ਨੌਜਵਾਨਾਂ ਅਤੇ ਸਥਾਨਕ ਵਸਨੀਕਾਂ ਨੂੰ ਸਮਾਜਿਕ ਤੇ ਵਾਤਾਵਰਣਕ ਕਾਰਜਾਂ ਨਾਲ ਜੋੜਨਾ ਹੈ।








































