ਸੋਸ਼ਲ ਮੀਡੀਆ ‘ਤੇ ਅਫਵਾਹਾਂ ਫੈਲਾਉਣ ਵਾਲਿਆਂ ਦੀ ਨਹੀਂ ਹੁਣ ਖੈਰ, ਪੰਜਾਬ DGP ਨੇ ਸਖਤ ਹੁਕਮ ਕੀਤੇ ਜਾਰੀ

0
447

ਚੰਡੀਗੜ੍ਹ, 15 ਜਨਵਰੀ | ਸੋਸ਼ਲ ਮੀਡੀਆ ਯੂਜ਼ਰਸ ਲਈ ਵੱਡੀ ਖਬਰ ਆਈ ਹੈ। ਪੰਜਾਬ ਪੁਲਿਸ ਸੂਬੇ ਵਿਚ ਲੋਕਾਂ ਵਿਚ ਦਹਿਸ਼ਤ ਪੈਦਾ ਕਰਨ ਦੇ ਉਦੇਸ਼ ਨਾਲ ਅਫਵਾਹਾਂ ਫੈਲਾਉਣ ਵਾਲੇ ਅਨਸਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰੇਗੀ। ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਇਸ ਸਬੰਧੀ ਸਾਰੇ ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਹੁਕਮ ਜਾਰੀ ਕਰ ਦਿੱਤੇ ਹਨ ਕਿ ਅਫਵਾਹਾਂ ਫੈਲਾਉਣ ਵਾਲੇ ਅਨਸਰਾਂ ‘ਤੇ ਨਜ਼ਰ ਰੱਖੀ ਜਾਵੇ ਅਤੇ ਜਿਵੇਂ ਹੀ ਉਨ੍ਹਾਂ ਦਾ ਪਤਾ ਚੱਲਦਾ ਹੈ, ਉਨ੍ਹਾਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ।

ਪਿਛਲੇ 10 ਦਿਨਾਂ ਵਿਚ ਦੋ ਵਾਰ ਅੰਮ੍ਰਿਤਸਰ ਵਿਚ ਅਫਵਾਹ ਫੈਲਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਅੱਜ ਵੀ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਵਾਇਰਲ ਹੋਈ, ਜਿਸ ‘ਚ ਕਿਹਾ ਗਿਆ ਕਿ ਅੰਮ੍ਰਿਤਸਰ ਦੇ ਏਅਰਪੋਰਟ ਰੋਡ ‘ਤੇ ਧਮਾਕਾ ਹੋਇਆ ਹੈ। ਖਬਰ ਵਾਇਰਲ ਹੋਣ ਤੋਂ ਬਾਅਦ ਜਦੋਂ ਪੁਲਿਸ ਪਾਰਟੀ ਮੌਕੇ ‘ਤੇ ਪਹੁੰਚੀ ਤਾਂ ਦੇਖਿਆ ਕਿ ਅਜਿਹੀ ਕੋਈ ਘਟਨਾ ਨਹੀਂ ਵਾਪਰੀ ਅਤੇ ਇਹ ਸਿਰਫ ਅਫਵਾਹ ਹੈ।

ਪੁਲਿਸ ਨੇ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਤੋਂ ਬਾਅਦ ਹੁਣ ਸ਼ਰਾਰਤੀ ਅਨਸਰਾਂ ਦਾ ਪਤਾ ਲਗਾਉਣਾ ਸ਼ੁਰੂ ਕਰ ਦਿੱਤਾ ਹੈ ਅਤੇ ਉਨ੍ਹਾਂ ਖਿਲਾਫ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਜੇਕਰ ਕਿਸੇ ਸ਼ਰਾਰਤੀ ਅਨਸਰ ਵੱਲੋਂ ਅਜਿਹਾ ਕੁਝ ਕੀਤਾ ਗਿਆ ਤਾਂ ਉਸ ਖ਼ਿਲਾਫ਼ ਪੁਲਿਸ ਵੱਲੋਂ ਕੇਸ ਦਰਜ ਕੀਤਾ ਜਾਵੇਗਾ।

ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਵੀ ਸ਼ਰਾਰਤੀ ਅਨਸਰਾਂ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਜੇਕਰ ਪੁਲਿਸ ਨੂੰ ਇਨ੍ਹਾਂ ਅਨਸਰਾਂ ਖਿਲਾਫ ਸਬੂਤ ਮਿਲੇ ਤਾਂ ਅਜਿਹੇ ਅਨਸਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣਾ ਪੁਲਿਸ ਦਾ ਪਹਿਲਾ ਟੀਚਾ ਹੈ ਅਤੇ ਇਸ ਲਈ ਪੁਲਿਸ ਦੀ ਚੌਕਸੀ ਦਿਨ-ਰਾਤ ਵਧਾਈ ਗਈ ਹੈ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)