ਹੁਣ ਆਮ ਆਦਮੀ ਕਲੀਨਿਕਾਂ ‘ਤੇ ਵੀ ਹੋਵੇਗੀ 5 ਸਾਲ ਤਕ ਦੇ ਬੱਚਿਆਂ ਦੀ ਆਧਾਰ ਐਨਰੋਲਮੈਂਟ, ਪੜ੍ਹੋ ਪੂਰੀ ਖਬਰ

0
111

ਚੰਡੀਗੜ੍ਹ | 5 ਸਾਲ ਤੱਕ ਦੇ ਬੱਚਿਆਂ ਦੀ ਆਧਾਰ ਕਵਰੇਜ਼ ਵਧਾਉਣ ਲਈ ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਬੁੱਧਵਾਰ ਨੂੰ ਨਿਰਦੇਸ਼ ਦਿੱਤੇ ਕਿ ਸੂਬੇ ਵਿਚ ਆਮ ਆਦਮੀ ਕਲੀਨਿਕਾਂ ਵਿਚ ਵੀ ਇਨ੍ਹਾਂ ਬੱਚਿਆਂ ਦੇ ਆਧਾਰ ਕਾਰਡ ਦਰਜ ਕੀਤੇ ਜਾਣ। ਇਹ ਗੱਲ ਮੁੱਖ ਸਕੱਤਰ ਜੰਜੂਆ ਨੇ ਅੱਜ ਇਥੇ ਆਧਾਰ ਕਾਰਡ ਪ੍ਰਾਜੈਕਟ ਅਧੀਨ ਵੱਖ-ਵੱਖ ਗਤੀਵਿਧੀਆਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸੱਦੀ ਯੂ.ਆਈ.ਡੀ. ਲਾਗੂਕਰਨ ਕਮੇਟੀ ਦੀ ਮੀਟਿੰਗ ਵਿਚ ਕਹੀ।

ਉਨ੍ਹਾਂ ਕਿਹਾ ਕਿ ਪੰਜਾਬ ਆਧਾਰ ਕਵਰੇਜ਼ ਵਿਚ ਭਾਰਤ ਵਿਚੋਂ 5ਵੇਂ ਸਥਾਨ ’ਤੇ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬਾ ਵਾਸੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ 580 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ। ਕਲੀਨਿਕ ਆਉਣ ਵਾਲੇ ਮਰੀਜ਼ਾਂ ਦੀ ਵੱਡੀ ਗਿਣਤੀ ਨੂੰ ਦੇਖਦਿਆਂ ਹੁਣ ਬੱਚਿਆਂ ਦੀ ਆਧਾਰ ਐਨਰੋਲਮੈਂਟ ਵਧਾਉਣ ਲਈ ਇਥੇ ਵੀ ਆਧਾਰ ਦਰਜ ਕਰਵਾਉਣ ਦੀ ਸਹੂਲਤ ਦੇਣ ਦਾ ਫੈਸਲਾ ਕੀਤਾ ਹੈ।

ਮੁੱਖ ਸਕੱਤਰ ਨੇ ਸਕੂਲ ਸਿੱਖਿਆ ਅਤੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਨੂੰ ਵੀ ਨਿਰਦੇਸ਼ ਦਿੱਤੇ ਹਨ ਕਿ ਆਂਗਣਵਾੜੀ ਅਤੇ ਸਕੂਲਾਂ ਵਿਚ ਆ ਰਹੇ ਬੱਚਿਆਂ ਦੇ ਆਧਾਰ ਬਣਾਉਣ ਦੇ ਕੰਮ ਵਿਚ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਆਖਿਆ ਕਿ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਕਿ ਆਧਾਰ ਕਾਰਡ ਵਿਚ ਮੋਬਾਇਲ ਨੰਬਰ, ਘਰ ਦਾ ਪਤਾ ਆਦਿ ਅੱਪਡੇਟ ਕੀਤਾ ਜਾਵੇ।

ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਵਿੱਤ ਕਮਿਸ਼ਨਰ ਮਾਲ ਕੇ.ਏ.ਪੀ. ਸਿਨਹਾ, ਵਧੀਕ ਮੁੱਖ ਸਕੱਤਰ ਸਮਾਜਿਕ ਨਿਆਂ ਤੇ ਸਸ਼ਕਤੀਕਰਨ ਰਮੇਸ਼ ਕੁਮਾਰ ਗੰਟਾ, ਪ੍ਰਮੁੱਖ ਸਕੱਤਰ ਯੋਜਨਾ ਵਿਕਾਸ ਪ੍ਰਤਾਪ, ਸਕੱਤਰ ਸਥਾਨਕ ਸਰਕਾਰਾਂ ਅਜੋਏ ਸ਼ਰਮਾ, ਡਾਇਰੈਕਟਰ ਪ੍ਰਸ਼ਾਸਨਿਕ ਸੁਧਾਰ ਗਿਰੀਸ਼ ਦਿਆਲਨ ਤੇ ਵਿਸ਼ੇਸ਼ ਸਕੱਤਰ ਸਕੂਲ ਸਿੱਖਿਆ ਵਿਨੇ ਬੁਬਲਾਨੀ ਆਦਿ ਹਾਜ਼ਰ ਸਨ।

ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ ਨੇ ਕਮੇਟੀ ਨੂੰ ਵਿਸਥਾਰ ਵਿਚ ਆਧਾਰ ਪ੍ਰਾਜੈਕਟ ਦੀ ਪੇਸ਼ਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਕੇਵਲ 5-7 ਅਤੇ 15-17 ਸਾਲ ਦੇ ਬੱਚਿਆਂ ਦੇ ਲਾਜ਼ਮੀ ਬਾਇਓਮੈਟ੍ਰਿਕ ਅੱਪਡੇਟ ਦੀ ਸੁਵਿਧਾ ਮੁਫਤ ਹੈ। ਇਸ ਲਈ ਰਜਿਸਟਰਾਰ ਯੂ.ਆਈ.ਡੀ. ਪੰਜਾਬ ਵੱਲੋਂ ਇਸ ਉਮਰ ਦੇ ਬੱਚਿਆਂ ਦੇ ਬਾਇਓਮੈਟ੍ਰਿਕ ਅੱਪਡੇਟ 100 ਫ਼ੀਸਦੀ ਕਰਵਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ)