ਚੰਡੀਗੜ੍ਹ | ਪੰਜਾਬ ਦੇ ਸਾਬਕਾ ਮਾਲ ਮੰਤਰੀ ਅਤੇ ਭਾਜਪਾ ਆਗੂ ਗੁਰਪ੍ਰੀਤ ਸਿੰਘ ਕਾਂਗੜ ਦੀਆਂ ਮੁਸ਼ਕਿਲਾਂ ਵੀ ਵਧ ਗਈਆਂ ਹਨ। ਵਿਜੀਲੈਂਸ ਨੇ ਉਸ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਵਿਜੀਲੈਂਸ ਟੀਮਾਂ ਹੁਣ ਉਨ੍ਹਾਂ ਦੀਆਂ ਜਾਇਦਾਦਾਂ ਦੀ ਪੜਤਾਲ ਕਰ ਰਹੀਆਂ ਹਨ। ਵਿਜੀਲੈਂਸ ਨੂੰ ਕੁਝ ਸੂਚਨਾ ਮਿਲੀ ਸੀ ਕਿ ਉਸ ਨੇ ਆਮਦਨ ਤੋਂ ਵੱਧ ਜਾਇਦਾਦ ਇਕੱਠੀ ਕੀਤੀ ਹੈ। ਵਿਜੀਲੈਂਸ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਪੜਤਾਲ ਦੀ ਪ੍ਰਕਿਰਿਆ ਅਜੇ ਸ਼ੁਰੂਆਤੀ ਪੜਾਅ ‘ਤੇ ਹੈ। ਜੇਕਰ ਲੋੜ ਪਈ ਤਾਂ ਸਾਬਕਾ ਮੰਤਰੀ ਨੂੰ ਸੰਮਨ ਭੇਜੇ ਜਾਣਗੇ।

ਵਿਜੀਲੈਂਸ ਟੀਮਾਂ ਪੰਜਾਬ ਅਤੇ ਹੋਰ ਰਾਜਾਂ ਵਿੱਚ ਉਸ ਦੀਆਂ ਜਾਇਦਾਦਾਂ ਦੀ ਜਾਂਚ ਕਰ ਰਹੀਆਂ ਹਨ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਵਿਧਾਨ ਸਭਾ ਚੋਣਾਂ ਵਿੱਚ ਦਿੱਤੇ ਹਲਫ਼ਨਾਮੇ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ। ਵਿਜੀਲੈਂਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਉਨ੍ਹਾਂ ਨੇ ਮੰਤਰੀ ਰਹਿੰਦਿਆਂ ਕਿੰਨੀ ਜਾਇਦਾਦ ਬਣਾਈ ਹੈ। ਵਿਜੀਲੈਂਸ ਹਰ ਨੁਕਤੇ ‘ਤੇ ਗੰਭੀਰਤਾ ਨਾਲ ਕੰਮ ਕਰ ਰਹੀ ਹੈ।

2017 ‘ਚ ਜਦੋਂ ਸੂਬੇ ‘ਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਕਾਂਗਰਸ ਦੀ ਸਰਕਾਰ ਬਣੀ ਸੀ ਤਾਂ ਉਸ ਸਮੇਂ ਕਾਂਗੜ ਨੂੰ ਮਾਲ ਮੰਤਰੀ ਬਣਾਇਆ ਗਿਆ ਸੀ। ਉਂਝ, ਕਾਂਗੜ ਨੂੰ ਉਦੋਂ ਮੰਤਰੀ ਮੰਡਲ ਵਿੱਚੋਂ ਬਾਹਰ ਕਰ ਦਿੱਤਾ ਗਿਆ ਸੀ, ਜਦੋਂ ਕੈਪਟਨ ਦੀ ਥਾਂ ਚਰਨਜੀਤ ਸਿੰਘ ਚੰਨੀ ਨੂੰ ਨਿਯੁਕਤ ਕੀਤਾ ਗਿਆ ਸੀ। ਹਾਲਾਂਕਿ ਵਿਧਾਨ ਸਭਾ ਚੋਣਾਂ ਤੋਂ ਬਾਅਦ ਉਹ ਭਾਜਪਾ ‘ਚ ਸ਼ਾਮਲ ਹੋ ਗਏ ਸਨ। ਜੇਕਰ ਭਵਿੱਖ ਵਿੱਚ ਵਿਜੀਲੈਂਸ ਨੇ ਉਸ ਵਿਰੁੱਧ ਕਾਰਵਾਈ ਕੀਤੀ ਤਾਂ ਉਹ ਸ਼ੱਕ ਦੇ ਘੇਰੇ ਵਿੱਚ ਆਉਣ ਵਾਲਾ ਦੂਜਾ ਭਾਜਪਾ ਆਗੂ ਹੋਵੇਗਾ। ਇਸ ਤੋਂ ਪਹਿਲਾਂ ਭਾਜਪਾ ਆਗੂ ਸੁੰਦਰ ਸ਼ਾਮ ਅਰੋੜਾ ਖ਼ਿਲਾਫ਼ ਬਿਊਰੋ ਦੀ ਕਾਰਵਾਈ ਚੱਲ ਰਹੀ ਹੈ।

ਇਸ ਦੇ ਨਾਲ ਹੀ ਵਿਜੀਲੈਂਸ ਬਿਊਰੋ ਨੇ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ, ਭਾਰਤ ਭੂਸ਼ਣ ਆਸ਼ੂ, ਸੰਗਤ ਸਿੰਘ ਗਿਲਜੀਆਂ ਅਤੇ ਹੋਰ ਕਈ ਆਗੂਆਂ ਖ਼ਿਲਾਫ਼ ਕੇਸ ਦਰਜ ਕੀਤੇ ਹਨ। ਸਿੰਚਾਈ ਘੁਟਾਲੇ ਦੀ ਜਾਂਚ ਵੱਖਰੇ ਤੌਰ ‘ਤੇ ਚੱਲ ਰਹੀ ਹੈ। ਇਸ ਵਿੱਚ 2 ਸਾਬਕਾ ਅਕਾਲੀ ਮੰਤਰੀਆਂ ਸ਼ਰਨਜੀਤ ਸਿੰਘ ਢਿੱਲੋਂ ਅਤੇ ਜਨਮੇਜਾ ਸਿੰਘ ਸੇਖੋਂ ਅਤੇ ਤਿੰਨ ਸਾਬਕਾ ਆਈਏਐਸ ਅਧਿਕਾਰੀਆਂ ਕਾਹਨ ਸਿੰਘ ਪੰਨੂ, ਕੇਬੀਐਸ ਸਿੱਧੂ ਅਤੇ ਸਰਵੇਸ਼ ਕੌਸ਼ਲ ਤੋਂ ਪੁੱਛਗਿੱਛ ਕੀਤੀ ਗਈ ਹੈ।