ਹੁਸ਼ਿਆਰਪੁਰ | ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਬਿਜਲੀ ਦੇ ਖੇਤਰ ਵਿਚ ਹੁਣ ਸੂਰਜੀ ਊਰਜਾ ਨਾਲ ਤਰੱਕੀ ਕਰਨ ਦਾ ਸਮਾਂ ਆ ਗਿਆ ਹੈ, ਜਿਸ ਲਈ ਪੰਜਾਬ ਤੇ ਭਾਰਤ ਸਰਕਾਰ ਮਿਲ ਕੇ ਯਤਨ ਕਰ ਰਹੀਆਂ ਹਨ ਅਤੇ ਇਹ ਸਮੇਂ ਦੀ ਮੁੱਖ ਜ਼ਰੂਰਤ ਵੀ ਹੈ। ਉਹ ਡੀ.ਏ.ਵੀ.ਕਾਲਜ ਹੁਸ਼ਿਆਰਪੁਰ ਵਿਖੇ ਅੱਜ ਉਜਵੱਲ ਭਾਰਤ-ਉਜਵਲ ਭਵਿੱਖ ਉਤਸਵ ਤਹਿਤ ਆਯੋਜਿਤ ਸਮਾਰੋਹ ਦੌਰਾਨ ਬਤੌਰ ਮੁੱਖ ਮਹਿਮਾਨ ਵਜੋਂ ਸੰਬੋਧਨ ਕਰ ਰਹੇ ਸਨ। ਇਸ ਮੌਕੇ ਵਿਧਾਇਕ ਉੜਮੁੜ ਟਾਂਡਾ ਜਸਵੀਰ ਸਿੰਘ ਰਾਜਾ ਗਿੱਲ, ਡਿਪਟੀ ਕਮਿਸ਼ਨਰ ਸੰਦੀਪ ਹੰਸ, ਮੁੱਖ ਇੰਜੀਨੀਅਰ ਨਾਰਥ ਜ਼ੋਨ ਪੀ.ਐਸ.ਪੀ.ਸੀ.ਐਲ. ਦਵਿੰਦਰ ਕੁਮਾਰ ਸ਼ਰਮਾ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸੇ ਵੀ ਦੇਸ਼ ਦੀ ਤਰੱਕੀ ਵਿਚ ਬਿਜਲੀ ਦਾ ਵਿਸ਼ੇਸ਼ ਮਹੱਤਵ ਹੈ, ਕਿਉਂਕਿ ਸੁਚਾਰੂ ਢੰਗ ਨਾਲ ਬਿਜਲੀ ਦੀ ਸਪਲਾਈ ਤੋਂ ਬਿਨ੍ਹਾਂ ਤਰੱਕੀ ਸੰਭਵ ਨਹੀਂ ਹੈ। ਉਨ੍ਹਾਂ ਕਿਹਾ ਕਿ ਸਾਡਾ ਦੇਸ਼ ਊਰਜਾ ਦੇ ਖੇਤਰ ਵਿਚ ਦਿਨ-ਬ-ਦਿਨ ਵਿਕਾਸ ਕਰ ਰਿਹਾ ਹੈ ਅਤੇ ਇਹੀ ਕਾਰਨ ਹੈ ਕਿ ਪੂਰੇ ਦੇਸ਼ ਵਿਚ 75ਵੇਂ ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਨੂੰ ਸਮਰਪਿਤ ਬਿਜਲੀ ਮਹਾਉਤਸਵ ਤਹਿਤ ਵੱਖ-ਵੱਖ ਪ੍ਰੋਗਰਾਮਾਂ ਰਾਹੀਂ ਇਨ੍ਹਾਂ ਉਪਲਬੱਧੀਆਂ ਨੂੰ ਆਮ ਜਨਤਾ ਨਾਲ ਸਾਂਝਾ ਕੀਤਾ ਜਾ ਰਿਹਾ ਹੈ।
ਭਾਰਤ ਸਰਕਾਰ ਦੇ ਊਰਜਾ ਵਿਭਾਗ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੀ.ਐਸ.ਪੀ.ਸੀ.ਐਲ. ਤੇ ਐਸ.ਜੇ.ਵੀ.ਐਨ.ਐਲ. ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸਮਾਰੋਹ ਦੌਰਾਨ ਕੈਬਨਿਟ ਮੰਤਰੀ ਜਿੰਪਾ ਨੇ ਬਿਜਲੀ ਦੇ ਖੇਤਰ ਵਿਚ ਰਾਜ ਸਰਕਾਰ ਦੀਆਂ ਵੱਖ-ਵੱਖ ਉਪਲਬੱਧੀਆਂ ’ਤੇ ਵਿਸਥਾਰ ਨਾਲ ਚਾਨਣਾ ਪਾਉਂਦੇ ਹੋਏ ਬਿਜਲੀ ਦੀ ਬੱਚਤ ਕਰਨ ਦੀ ਵੀ ਅਪੀਲ ਕੀਤੀ। ਉਨ੍ਹਾਂ ਪਾਵਰ ਕਾਰਪੋਰੇਸ਼ਨ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਵਿਭਾਗ ਦੇ ਸਾਰੇ ਲੋਕ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨ੍ਹਾਂ ਖਰਾਬ ਮੌਸਮ ਵਿਚ ਵੀ ਸਾਨੂੰ ਨਿਰਵਿਘਨ ਬਿਜਲੀ ਸਪਲਾਈ ਲਈ ਸੇਵਾਵਾਂ ਨਿਭਾਅ ਰਹੇ ਹਨ, ਇਸ ਲਈ ਸਰਕਾਰ ਵਿਸ਼ੇਸ਼ ਤੌਰ ’ਤੇ ਲਾਈਨ ਸਟਾਫ਼ ਨੂੰ ਸੁਰੱਖਿਆ ਉਪਕਰਨ ਮੁਹੱਈਆ ਕਰਵਾਉਣ ਪ੍ਰਤੀ ਵਚਨਬੱਧ ਹੈ। ਉਨ੍ਹਾਂ ਦਰੱਖਤਾਂ ਅਤੇ ਬਿਜਲੀ ਦੀਆਂ ਤਾਰਾਂ ਸਬੰਧੀ ਭਵਿੱਖੀ ਸਮੱਸਿਆਵਾਂ ਦੇ ਹੱਲ ਲਈ ਜੰਗਲਾਤ ਵਿਭਾਗ ਅਤੇ ਪਾਵਰ ਕਾਰਪੋਰੇਸ਼ਨ ਨੂੰ ਆਪਸੀ ਤਾਲਮੇਲ ਹੋਰ ਵਧਾਉਣ ’ਤੇ ਜ਼ੋਰ ਵੀ ਦਿੱਤਾ।
ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਬਿਜਲੀ ਖੇਤਰ ਵਿਚ ਭਾਰਤ ਸਰਕਾਰ ਦੀਆਂ ਸਾਰੀਆਂ ਯੋਜਨਾਵਾਂ ਲਾਗੂ ਕਰਨ ਅਤੇ ਟੀਚੇ ਪ੍ਰਾਪਤ ਵਿਚ ਪੰਜਾਬ ਸਰਕਾਰ ਬਹੁਤ ਮਹੱਤਵਪੂਰਨ ਭੂਮਿਕਾ ਨਿਭਾਅ ਰਹੀ ਹੈ। ਉਨ੍ਹਾਂ ਕਿਹਾ ਕਿ ਦੀਨ ਦਿਆਲ ਉਪਾਧਿਆਏ ਗ੍ਰਾਮ ਜਿਓਤੀ ਯੋਜਨਾ (ਰਾਜ) ਤਹਿਤ ਹੁਸ਼ਿਆਰਪੁਰ ਦੇ ਪੇਂਡੂ ਖੇਤਰਾਂ ਵਿਚ ਗੈਰ ਕ੍ਰਿਸ਼ੀ ਫੀਡਰਾਂ ਨੂੰ ਵੱਖ ਕਰਨ ਅਤੇ ਹੋਰ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ 19.969 ਕਰੋੜ ਰੁਪਏ, ਦੀਨ ਦਿਆਲ ਉਪਾਧਿਆਏ ਗ੍ਰਾਮ ਜਿਓਤੀ ਯੋਜਨਾ (ਕੰਢੀ) ਤਹਿਤ 90.43 ਕਰੋੜ ਰੁਪਏ ਖਰਚ ਕੀਤੇ ਗਏ ਹਨ, ਜੋ ਕਿ ਇਕ ਸ਼ਲਾਘਾਯੋਗ ਉਪਲਬੱਧੀ ਹੈ। ਉਨ੍ਹਾਂ ਕਿਹਾ ਕਿ ਏਕੀਕ੍ਰਿਤ ਬਿਜਲੀ ਵਿਕਾਸ ਯੋਜਨਾ (ਆਈ.ਪੀ.ਡੀ.ਐਸ.) ਤਹਿਤ ਪੰਜ ਹਜ਼ਾਰ ਅਤੇ ਉਸ ਤੋਂ ਵੱਧ ਆਬਾਦੀ ਵਾਲੇ ਸ਼ਹਿਰੀ ਖੇਤਰਾਂ ਵਿਚ ਨੈਟਵਰਕ ਨੂੰ ਮਜ਼ਬੂਤ ਕਰਨ ਲਈ ਜ਼ਿਲ੍ਹੇ ਵਿਚ 33.83 ਕਰੋੜ ਰੁਪਏ ਖਰਚੇ ਕੀਤੇ ਗਏ ਹਨ।
ਵਿਧਾਇਕ ਉੜਮੁੜ ਸ੍ਰੀ ਜਸਵੀਰ ਸਿੰਘ ਰਾਜਾ ਗਿੱਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਤੱਕ ਨਿਰਵਿਘਨ ਬਿਜਲੀ ਪਹੁੰਚਾਉਣ ਲਈ ਪੰਜਾਬ ਸਰਕਾਰ ਗੰਭੀਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਸਰਪਲੱਸ ਬਿਜਲੀ ਮੁਹੱਈਆ ਕਰਵਾਈ ਗਈ ਹੈ, ਜਿਸ ਵਿਚ ਕੇਂਦਰ ਸਰਕਾਰ ਦਾ ਵੀ ਅਹਿਮ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕ ਹਿੱਤ ਵਿਚ ਕੇਂਦਰ ਨਾਲ ਮਿਲ ਕੇ ਸੂਬੇ ਦੇ ਲੋਕਾਂ ਤੱਕ ਹਰ ਬੁਨਿਆਦੀ ਸੁਵਿਧਾਵਾਂ ਪਹੁੰਚਾਉਣ ਲਈ ਵਚਨਬੱਧ ਹੈ।
ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬਿਜਲੀ ਖੇਤਰ ਦੇ ਨਾਲ-ਨਾਲ ਭਾਰਤ ਅਤੇ ਪੰਜਾਬ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਉਨ੍ਹਾਂ ਬਿਜਲੀ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਵਲੋਂ ਤਨਦੇਹੀ ਨਾਲ ਨਿਭਾਈ ਗਈ ਡਿਊਟੀ ਸਦਕਾ ਹੀ ਅੱਜ ਹਰ ਘਰ ਤੱਕ ਨਿਰਵਿਘਨ ਬਿਜਲੀ ਪਹੁੰਚਾਈ ਜਾ ਰਹੀ ਹੈ। ਇਸ ਮੌਕੇ ਜਿਥੇ ਪੰਜਾਬ ਪਾਵਰ ਕਾਰਪੋਰੇਸ਼ਨ ਦੇ ਮੁੱਖ ਇੰਜੀਨੀਅਰ ਨਾਰਥ ਜ਼ੋਨ ਪੀ.ਐਸ.ਪੀ.ਸੀ.ਐਲ. ਦਵਿੰਦਰ ਕੁਮਾਰ ਸ਼ਰਮਾ ਨੇ ਸੰਬੋਧਨ ਕਰਦਿਆਂ ਬਿਜਲੀ ਦੇ ਖੇਤਰ ਵਿਚ ਕੀਤੀਆਂ ਉਪਲਬੱਧੀਆਂ ਬਾਰੇ ਜਾਣਕਾਰੀ ਦਿੱਤੀ, ਉਥੇ ਡਿਪਟੀ ਜਨਰਲ ਮੈਨੇਜਰ ਐਸ.ਜੇ.ਵੀ.ਐਨ.ਐਲ. ਅਰਵਿੰਦ ਗੁਪਤਾ ਨੇ ਵੀ ਸੰਬੋਧਨ ਕੀਤਾ। ਇਸ ਦੌਰਾਨ ਬਿਜਲੀ ਖੇਤਰ ਵਿਚ ਹੋਣ ਵਾਲੇ ਵਿਕਾਸ ਸਬੰਧੀ ਲਘੂ ਵੀਡੀਓਜ਼ ਵੀ ਦਿਖਾਈਆਂ ਗਈਆਂ। ਇਸ ਤੋਂ ਇਲਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੌਹਾਲ ਦੇ ਸਾਬਕਾ ਵਿਦਿਆਰਥੀਆਂ ਵਲੋਂ ਅਧਿਆਪਕ ਅੰਕੂਰ ਸ਼ਰਮਾ ਦੀ ਅਗਵਾਈ ਵਿਚ ਨੁੱਕੜ ਨਾਟਕ, ਭੰਡ ਕਲਾ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਦੀਆਂ ਵਿਦਿਆਰਥਣਾਂ ਅਤੇ ਜੇ.ਐਸ.ਐਸ. ਆਸ਼ਾ ਕਿਰਨ ਸਪੈਸ਼ਲ ਸਕੂਲ ਦੇ ਬੱਚਿਆਂ ਵਲੋਂ ਦੇਸ਼ ਭਗਤੀ ਦੇ ਗੀਤਾਂ ’ਤੇ ਨਾਚ ਪੇਸ਼ ਕੀਤਾ ਗਿਆ। ਇਸ ਮੌਕੇ ਐਸ.ਡੀ.ਐਮ. ਸ੍ਰੀ ਸ਼ਿਵ ਰਾਜ ਸਿੰਘ ਬੱਲ, ਡਿਪਟੀ ਚੀਫ ਇੰਜੀਨੀਅਰ ਸ੍ਰੀ ਹਰਮਿੰਦਰ ਸਿੰਘ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਸ੍ਰੀ ਪ੍ਰੀਤ ਕੋਹਲੀ ਤੋਂ ਇਲਾਵਾ ਹੋਰ ਅਧਿਕਾਰੀ ਤੇ ਪਤਵੰਤੇ ਵੀ ਮੌਜੂਦ ਸਨ।