ਹੁਣ ਆਰਟੀਫੀਸ਼ੀਅਲ ਇੰਟੈਲੀਜੈਂਸ ਨਾਲ ਹੋਵੇਗੀ ਸੜਕਾਂ ਦੀ ਉਸਾਰੀ, ਮੁੱਖ ਮੰਤਰੀ ਨੇ ਕੀਤਾ ਐਲਾਨ

0
131

ਚੰਡੀਗੜ੍ਹ| ਵਿਕਾਸ ਕਾਰਜਾਂ ਲਈ ਜਨਤਾ ਦੇ ਪੈਸੇ ਦੀ ਤਰਕਸੰਗਤ ਵਰਤੋਂ ਯਕੀਨੀ ਬਣਾਉਣ ਦੇ ਮੰਤਵ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਸੂਬੇ ਵਿੱਚ ਪੇਂਡੂ ਸੜਕਾਂ ਦੀ ਲੋੜ ਅਧਾਰਤ ਉਸਾਰੀ ਲਈ ’ਆਰਟੀਫੀਸ਼ੀਅਲ ਇੰਟੈਲੀਜੈਂਸ’ (ਏ.ਆਈ.) ਸ਼ੁਰੂ ਕਰਨ ਦਾ ਐਲਾਨ ਕੀਤਾ।

ਇੱਥੇ ਆਪਣੇ ਦਫ਼ਤਰ ਵਿਖੇ ਪੰਜਾਬ ਮੰਡੀ ਬੋਰਡ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸੂਬੇ ਵਿੱਚ ਪੇਂਡੂ ਸੜਕਾਂ ਦੀ ਲੋੜ ਆਧਾਰਤ ਉਸਾਰੀ ਲਈ ‘ਆਰਟੀਫੀਸ਼ੀਅਲ ਇੰਟੈਲੀਜੈਂਸ’ ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ। ਉਨ੍ਹਾਂ ਕਿਹਾ ਕਿ ਇਹ ਕਦਮ ਪੇਂਡੂ ਸੜਕਾਂ ਦੇ ਉੱਚ ਗੁਣਵੱਤਾ ਵਾਲੇ ਕੰਮ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਸੂਬੇ ਦੇ ਮੌਜੂਦਾ ਸਰੋਤਾਂ ਦੀ ਤਰਕਸੰਗਤ ਵਰਤੋਂ ਨੂੰ ਯਕੀਨੀ ਬਣਾਏਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਤਕਨੀਕ ਲੋਕਾਂ ਦੇ ਪੈਸੇ ਦੀ ਬੱਚਤ ਕਰਕੇ ਸੜਕਾਂ ਦੇ ਨਿਰਮਾਣ ਕਾਰਜਾਂ ਵਿੱਚ ਕ੍ਰਾਂਤੀ ਲਿਆਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੂਬੇ ਭਰ ਦੀਆਂ ਪੇਂਡੂ ਸੜਕਾਂ ਨੂੰ ਚੌੜਾ, ਮਜ਼ਬੂਤ ਅਤੇ ਅਪਗ੍ਰੇਡ ਕਰਕੇ ਸੰਪਰਕ ਸੜਕਾਂ ਦੇ ਬੁਨਿਆਦੀ ਢਾਂਚੇ ਨੂੰ ਨਵਾਂ ਰੂਪ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਸੜਕੀ ਨੈੱਟਵਰਕ ਦੀ ਮਹੱਤਤਾ ਨੂੰ ਦੇਖਦੇ ਹੋਏ ਸੂਬਾ ਸਰਕਾਰ ਨੇ ਇਹ ਫੈਸਲਾ ਲਿਆ ਹੈ। ਭਗਵੰਤ ਮਾਨ ਨੇ ਪੰਜਾਬ ਮੰਡੀ ਬੋਰਡ ਨੂੰ ਕੰਮ ਦੀ ਉੱਚ ਗੁਣਵੱਤਾ ਯਕੀਨੀ ਬਣਾਉਣ ਦੇ ਨਾਲ-ਨਾਲ ਸਬੰਧਤ ਪ੍ਰਾਜੈਕਟ ਲਈ ਅਲਾਟ ਕੀਤੇ ਇੱਕ-ਇੱਕ ਪੈਸੇ ਨੂੰ ਢੁਕਵੇਂ ਤਰੀਕੇ ਨਾਲ ਖਰਚਣਾ ਯਕੀਨੀ ਬਣਾਉਣ ਲਈ ਕਿਹਾ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸੜਕਾਂ ਨੂੰ ਮਜ਼ਬੂਤ ਅਤੇ ਅਪਗ੍ਰੇਡ ਕਰਨ ਦੀ ਸਖ਼ਤ ਲੋੜ ਹੈ ਤਾਂ ਜੋ ਪੇਂਡੂ ਖੇਤਰਾਂ ਵਿੱਚ ਆਉਣ-ਜਾਣ ਵਾਲੇ ਲੋਕਾਂ ਲਈ ਸੌਖ ਹੋ ਸਕੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਨੂੰ ਅਪਗ੍ਰੇਡ ਕਰਨ ਦੀ ਲੋੜ ਹੈ ਤਾਂ ਜੋ ਲੋਕਾਂ ਦਾ ਪਿੰਡਾਂ ਤੋਂ ਕਸਬਿਆਂ ਤੱਕ ਸੁਚਾਰੂ ਢੰਗ ਨਾਲ ਆਉਣਾ-ਜਾਣਾ ਯਕੀਨੀ ਬਣਾਇਆ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਸੜਕਾਂ ਦੇ ਨਿਰਮਾਣ ਲਈ ਰਣਨੀਤੀ ਤਿਆਰ ਕਰਦੇ ਸਮੇਂ ਇਸ ਗੱਲ ਦਾ ਪੂਰਾ ਧਿਆਨ ਰੱਖਿਆ ਗਿਆ ਹੈ ਕਿ ਜਿਹੜੀਆਂ ਸੜਕਾਂ ਛੇ ਸਾਲਾਂ ਤੋਂ ਨਹੀਂ ਬਣੀਆਂ ਹਨ, ਉਨ੍ਹਾਂ ਨੂੰ ਪਹਿਲ ਦਿੱਤੀ ਜਾਵੇ।