ਜਲੰਧਰ ‘ਚ ਵਿਆਹ ਤੋਂ ਮੁੱਕਰਿਆ NRI ਲਾੜਾ, ਲੜਕੀ ਦੇ ਪਰਿਵਾਰ ਨੇ ਢਿੱਲਵਾਂ ਚੌਕ ‘ਚ ਕੀਤਾ ਹੰਗਾਮਾ

0
9

ਰਾਮਾਮੰਡੀ ਦੇ ਢਿੱਲਵਾਂ ਚੌਕ ਵਿੱਚ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ ਇੱਕ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਵਿਆਹ ਤੋਂ ਮੁੱਕਰ ਜਾਣ ਵਾਲੇ NRI ਲੜਕੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਹੰਗਾਮੇ ਕਾਰਨ ਚੌਕ ਵਿੱਚ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ ਅਤੇ ਆਵਾਜਾਈ ਪ੍ਰਭਾਵਿਤ ਹੋਈ।

ਮਿਲੀ ਜਾਣਕਾਰੀ ਮੁਤਾਬਕ ਲੱਦੋਵਾਲ ਦੀ ਰਹਿਣ ਵਾਲੀ ਇੱਕ ਲੜਕੀ ਦਾ ਰਿਸ਼ਤਾ NRI ਲੜਕੇ ਨਾਲ ਤੈਅ ਹੋਇਆ ਸੀ। ਦੋਵਾਂ ਪਰਿਵਾਰਾਂ ਵਿਚਾਲੇ ਵਿਆਹ ਸਬੰਧੀ ਗੱਲਬਾਤ ਵੀ ਅੱਗੇ ਵਧ ਚੁੱਕੀ ਸੀ। ਦੱਸਿਆ ਜਾ ਰਿਹਾ ਹੈ ਕਿ ਇਸ ਰਿਸ਼ਤੇ ਨੂੰ ਲੈ ਕੇ ਪ੍ਰੀ-ਵੈਡਿੰਗ ਸ਼ੂਟ ਵੀ ਹੋ ਚੁੱਕਾ ਸੀ, ਪਰ ਬਾਅਦ ਵਿੱਚ ਲੜਕੇ ਨੇ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ।

ਲੜਕੇ ਵੱਲੋਂ ਵਿਆਹ ਤੋਂ ਇਨਕਾਰ ਕਰਨ ਤੋਂ ਬਾਅਦ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਨਾਰਾਜ਼ਗੀ ਜਤਾਈ ਅਤੇ ਉਸ ਖ਼ਿਲਾਫ਼ ਕਾਰਵਾਈ ਦੀ ਮੰਗ ਕਰਦਿਆਂ ਢਿੱਲਵਾਂ ਚੌਕ ਵਿੱਚ ਹੰਗਾਮਾ ਸ਼ੁਰੂ ਕਰ ਦਿੱਤਾ। ਇਸ ਕਾਰਨ ਚੌਕ ਵਿੱਚ ਲੰਮਾ ਜਾਮ ਲੱਗ ਗਿਆ ਅਤੇ ਰਾਹਗੀਰਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।

ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ। ਪੁਲਿਸ ਵੱਲੋਂ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਕੇ ਮਾਮਲਾ ਸ਼ਾਂਤ ਕਰਵਾਉਣ ਅਤੇ ਆਵਾਜਾਈ ਬਹਾਲ ਕਰਨ ਦੀ ਕੋਸ਼ਿਸ਼ ਕੀਤੀ ਗਈ। ਫਿਲਹਾਲ ਪਰਿਵਾਰ ਲੜਕੇ ਖ਼ਿਲਾਫ਼ ਕਾਰਵਾਈ ਦੀ ਮੰਗ ਕਰ ਰਿਹਾ ਹੈ।