27 ਨੂੰ ਵਿਧਾਨ ਸਭਾ ਦਾ ਸੈਸ਼ਨ ਬੁਲਾ ਕੇ ਸੰਦੇਸ਼ ਦਿਆਂਗੇ ਕਿ ਲੋਕਤੰਤਰ ਲੋਕਾਂ ਦਾ ਹੈ, ਕਿਸੇ ਇੱਕ ਦਾ ਨਹੀਂ : ਮਾਨ

0
714

ਪੰਜਾਬ ਦੇ ਰਾਜਪਾਲ ਵੱਲੋਂ ਅੱਜ ਹੋਣ ਵਾਲੇ ਵਿਧਾਨ ਸਭਾ ਸੈਸ਼ਨ ਦੀ ਮਨਜ਼ੂਰੀ ਦੇਣ ਤੋਂ ਬਾਅਦ ਵਾਪਸ ਲੈਣ ਨਾਲ ਸੂਬੇ ਦੀ ਸਿਆਸਤ ਗਰਮਾ ਗਈ ਹੈ। ਆਮ ਆਦਮੀ ਪਾਰਟੀ ਨੇ ਇਸ ਨੂੰ ਲੈ ਕੇ ਵੀਰਵਾਰ ਸਵੇਰ ਤੋਂ ਹੀ ਪਾਰਟੀ ਦੇ ਵਿਧਾਇਕਾਂ ਦੀ ਬੈਠਕ ਬੁਲਾਈ। ਇਸ ਤੋਂ ਬਾਅਦ ‘ਆਪ’ ਵਿਧਾਇਕਾਂ ਨੇ ਰਾਜ ਭਵਨ ਵੱਲ ਕੂਚ ਕੀਤਾ। ਪੁਲਿਸ ਨੇ ਉਨ੍ਹਾਂ ਨੂੰ ਰਸਤੇ ਵਿੱਚ ਰੋਕ ਦਿੱਤਾ। ਜਿਸ ਤੋਂ ਬਾਅਦ ਵਿਧਾਇਕ ਉੱਥੇ ਸੜਕ ‘ਤੇ ਹੀ ਧਰਨਾ ਦੇ ਕੇ ਬੈਠ ਗਏ। ਉੱਥੇ ਹੀ ਦੂਜੇ ਪਾਸੇ ਭਗਵੰਤ ਮਾਨ ਸਰਕਾਰ ਨੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਹੁਣ 27 ਸਤੰਬਰ ਨੂੰ ਫਿਰ ਬੁਲਾਉਣ ਦਾ ਫ਼ੈਸਲਾ ਕੀਤਾ ਹੈ।

ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 27 ਸਤੰਬਰ ਨੂੰ ਸੈਸ਼ਨ ਬੁਲਾਇਆ ਜਾ ਰਿਹਾ ਹੈ। ਕੈਬਨਿਟ ਨੇ ਇਸ ਦੀ ਮਨਜ਼ੂਰੀ ਦੇ ਦਿੱਤੀ ਹੈ। CM ਮਾਨ ਨੇ ਇਲਜ਼ਾਮ ਲਗਾਇਆ ਕਿ ਕਾਂਗਰਸ ਭਾਜਪਾ ਦਾ ਆਪ੍ਰੇਸ਼ਨ ਲੋਟਸ ਵਿੱਚ ਸਾਥ ਦੇ ਰਹੀ ਹੈ। ਉਨ੍ਹਾਂ ਨੇ ਪੂਰੇ ਮਾਮਲੇ ਵਿੱਚ ਸੁਪਰੀਮ ਕੋਰਟ ਜਾਣ ਦੀ ਵੀ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਕਿਸੇ ਵੀ ਤਰ੍ਹਾਂ ਦੇ ਗੈਰ-ਲੋਕਤੰਤਰੀ ਹਰਕਤਾਂ ਤੋਂ ਨਹੀਂ ਡਰਾਂਗੇ। ਪੰਜਾਬ ਵਿਧਾਨ ਸਭਾ ਦਾ ਸੈਸ਼ਨ ਬੁਲਾ ਕੇ ਪੂਰੇ ਦੇਸ਼ ਨੂੰ ਸੰਦੇਸ਼ ਦਿਆਂਗੇ ਕਿ ਲੋਕਤੰਤਰ ਲੋਕਾਂ ਦਾ ਹੈ ਕਿਸੇ ਇੱਕ ਵਿਅਕਤੀ ਦਾ ਨਹੀਂ।

ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਕੈਬਨਿਟ ਦੀ ਬੈਠਕ ਹੋਈ। ਜਿਸ ਵਿੱਚ ਸਰਬਸੰਮਤੀ ਨਾਲ ਫ਼ੈਸਲਾ ਲਿਆ ਗਿਆ ਕਿ 27 ਸਤੰਬਰ ਨੂੰ ਵਿਧਾਨ ਸਭਾ ਦਾ ਸੈਸ਼ਨ ਬੁਲਾਇਆ ਜਾਵੇਗਾ। ਇਸ ਸੈਸ਼ਨ ਵਿੱਚ ਬਿਜਲੀ, ਪਰਾਲੀ ਵਰਗੇ ਮੁੱਦਿਆਂ ‘ਤੇ ਚਰਚਾ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਰਾਜਪਾਲ ਨੇ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਮਨਜ਼ੂਰੀ ਦੇ ਕੇ ਬਾਅਦ ਵਿੱਚ ਰੱਦ ਕਰ ਦਿੱਤਾ ਜੋ ਕਿ ਮੰਦਭਾਗੀ ਗੱਲ ਹੈ। ਜਿਸ ਕਾਰਨ ਅਸੀਂ ਸੁਪਰੀਮ ਕੋਰਟ ਜਾਵਾਂਗੇ, ਤਾਂ ਜੋ ਲੋਕਾਂ ਦੇ ਹੱਕਾਂ ਦੀ ਲੜਾਈ ਲੜੀ ਜਾ ਸਕੇ।

ਇਸ ਸਬੰਧੀ CM ਮਾਨ ਨੇ ਟਵੀਟ ਕਰਦਿਆਂ ਲਿਖਿਆ, “ਲੋਕਤੰਤਰ ਵਿੱਚ ਲੋਕ ਵੱਡੇ ਹੁੰਦੇ ਨੇ…ਲੋਕਾਂ ਵੱਲੋਂ ਚੁਣੀ ਹੋਈ ਸਰਕਾਰ ਨੂੰ ਕੰਮ ਨਾ ਕਰਨ ਦੇਣਾ…ਲੋਕਤੰਤਰ ਦਾ ਕਤਲ ਹੈ…ਅੱਜ ਕੈਬਨਿਟ ਮੀਟਿੰਗ ਵਿੱਚ 27 ਸਤੰਬਰ ਨੂੰ ਸੈਸ਼ਨ ਸੱਦਣ ਦਾ ਫੈਸਲਾ ਲਿਆ…ਦਰਿਆਵਾਂ ਨੂੰ ਨੱਕੇ ਨਹੀਂ ਲੱਗ ਸਕਦੇ…ਇਨਕਲਾਬ ਜ਼ਿੰਦਾਬਾਦ..!”