ਨਵੀਂ ਦਿੱਲੀ | ਆਪ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਾਰੀਫ ਕੀਤੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਪੰਜਾਬ ਦੀ ਸ਼ਾਂਤੀ ਅਤੇ ਸੁਰੱਖਿਆ ਲਈ ਵਚਨਬੱਧ ਹੈ। ਇਸ ਲਈ ਜੋ ਵੀ ਸਖ਼ਤ ਫੈਸਲੇ ਲੈਣੇ ਪੈਣਗੇ, ਸਾਡੀ ਸਰਕਾਰ ਉਸ ਲਈ ਤਿਆਰ ਹੈ।

ਸੂਬਾ ਪੁਲਿਸ ਨੇ ਬਿਨਾਂ ਕਿਸੇ ਖੂਨ-ਖਰਾਬੇ ਅਤੇ ਗੋਲੀਬਾਰੀ ਦੇ ਇੰਨੀ ਵੱਡੀ ਸਫਲਤਾ ਹਾਸਲ ਕੀਤੀ। ਕੇਜਰੀਵਾਲ ਨੇ ਪੂਰੇ ਆਪ੍ਰੇਸ਼ਨ ਦੌਰਾਨ ਸ਼ਾਂਤੀ ਬਣਾਈ ਰੱਖਣ ਅਤੇ ਪੰਜਾਬ ਸਰਕਾਰ ਦਾ ਸਾਥ ਦੇਣ ਲਈ ਪੰਜਾਬ ਦੇ ਲੋਕਾਂ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਅਤੇ ਪੰਜਾਬ ਵਿਚ ਅਮਨ-ਸ਼ਾਂਤੀ ਅਤੇ ਭਾਈਚਾਰਾ ਕਾਇਮ ਕਰਨਾ ਸਾਡੀ ਤਰਜੀਹ ਹੈ। ਕਿਸੇ ਨੂੰ ਵੀ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਐਤਵਾਰ ਨੂੰ ਇੱਕ ਟਵੀਟ ਵਿਚ ਕੇਜਰੀਵਾਲ ਨੇ ਲਿਖਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਡਿਊਟੀ ਬਾਖੂਬੀ ਨਿਭਾਈ ਹੈ। ਮੁੱਖ ਮੰਤਰੀ ਮਾਨ ਨੇ ਇਸ ਮਿਸ਼ਨ ਨੂੰ ਪੂਰੀ ਸਮਝਦਾਰੀ ਅਤੇ ਹਿੰਮਤ ਨਾਲ ਪੂਰਾ ਕੀਤਾ। ਕੇਜਰੀਵਾਲ ਨੇ ਪੰਜਾਬ ਪੁਲਿਸ ਦੀ ਵੀ ਤਾਰੀਫ ਕੀਤੀ ਅਤੇ ਕਿਹਾ ਕਿ ਪੰਜਾਬ ਪੁਲਿਸ ਦੇ ਜਵਾਨ ਬਹੁਤ ਦਲੇਰ ਅਤੇ ਬਹਾਦਰ ਹਨ।