ਅੰਮ੍ਰਿਤਸਰ| ਅੰਮ੍ਰਿਤਸਰ ਵਿਚ ਦਰਬਾਰ ਸਾਹਿਬ ਨੇੜੇ ਲਗਾਤਾਰ ਹੋ ਰਹੇ ਬੰਬ ਧਮਾਕਿਆਂ ਨੂੰ ਲੈ ਕੇ ਸਿਆਸੀ ਮਾਹੌਲ ਗਰਮਾਉਣਾ ਸ਼ੁਰੂ ਹੋ ਗਿਆ ਹੈ। ਇਸ ਮੁੱਦੇ ਉਤੇ ਵਿਰੋਧੀ ਪਾਰਟੀਆਂ ਨੇ ਪੰਜਾਬ ਸਰਕਾਰ ਖਾਸ ਤੌਰ ਉਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਕਾਰਗੂਜਾਰੀ ਉਤੇ ਸਵਾਲ ਚੁੱਕਣੇ ਸ਼ੁੂਰੂ ਕਰ ਦਿੱਤੇ ਹਨ।
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦਰਬਾਰ ਸਾਹਿਬ ਨੇੜੇ ਹੋਏ ਧਮਾਕਿਆਂ ਉਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਪੰਜਾਬ ਨੂੰ ਨਜ਼ਰ ਲੱਗ ਗਈ ਹੈ, ਇਸਦੀ ਨਜ਼ਰ ਉਤਾਰਨ ਦੀ ਲੋੜ ਹੈ। ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਦਰਬਾਰ ਸਾਹਿਬ ਗਲਿਆਰੇ ਅੰਦਰ ਹੋ ਰਹੇ ਧਮਾਕਿਆਂ ਉਤੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਨੇ ਮਾਨ ਸਰਕਾਰ ਤੋਂ ਮੰਗ ਕੀਤੀ ਹੈ ਕਿ ਧਮਾਕਿਆਂ ਦੇ ਦੋਸ਼ੀਆਂ ਉਤੇ ਸਖਤ ਕਾਰਵਾਈ ਹੋਣੀ ਚਾਹੀਦੀ ਹੈ।
ਦੂਜੇ ਪਾਸੇ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਨੇ ਇਸ ਘਟਨਾ ਉਤੇ ਮਾਨ ਸਰਕਾਰ ਉਤੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਮੁੱਖ ਮੰਤਰੀ ਉਤੇ ਨਿਸ਼ਾਨਾ ਸਾਧਦਿਆਂ ਕਿਹਾ ਹੈ ਕਿ ਪੰਜਾਬ ਦੀ ਅਮਨ ਸ਼ਾਂਤੀ ਨੂੰ ਭੰਗ ਨਾ ਹੋਣ ਦਿੱਤਾ ਜਾਵੇ। ਉਨ੍ਹਾਂ ਨੇ ਕਿਹਾ ਹੈ ਕਿ ਇਸ ਹਮਲੇ ਪਿੱਛੇ ਕਿਸਦਾ ਹੱਥ ਹੈ, ਇਸਦੀ ਗੰਭੀਰਤਾ ਨਾਲ ਜਾਂਚ ਹੋਣੀ ਚਾਹੀਦੀ ਹੈ ਤੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਹੋੋਣੀ ਚਾਹੀਦੀ ਹੈ।