ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਲਹਿਰਾਉਣਗੇ ਤਿਰੰਗਾ : ਡੀਸੀ

0
57
ਜਲੰਧਰ, 24 ਜਨਵਰੀ | 75ਵੇਂ ਗਣਤੰਤਰ ਦਿਵਸ ਮੌਕੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਤੋਂ ਪਹਿਲਾਂ ਅੱਜ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਫੁੱਲ ਡਰੈੱਸ ਰਿਹਰਸਲ ਕੀਤੀ ਗਈ, ਜਿਸ ਵਿਚ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੱਲੋਂ ਕੌਮੀ ਝੰਡਾ ਲਹਿਰਾਇਆ ਗਿਆ।

ਡਿਪਟੀ ਕਮਿਸ਼ਨਰ ਵੱਲੋਂ ਪਰੇਡ ਦਾ ਨਿਰੀਖਣ ਵੀ ਕੀਤਾ ਗਿਆ ਅਤੇ ਪਰੇਡ ਕਮਾਂਡਰ ਪੀ.ਪੀ.ਐਸ. ਅਫ਼ਸਰ ਦਮਨਬੀਰ ਸਿੰਘ ਦੀ ਅਗਵਾਈ ਵਿਚ ਮਾਰਚ ਪਾਸਟ ਤੋਂ ਸਲਾਮੀ ਲਈ ਗਈ। ਪਰੇਡ ਵਿਚ ਆਈ.ਟੀ.ਬੀ.ਪੀ., ਜਲੰਧਰ ਕਮਿਸ਼ਨਰੇਟ ਪੁਲਿਸ (ਪੁਰਸ਼ ਤੇ ਮਹਿਲਾ), ਪੁਲਿਸ ਰਿਕਰੂਟ ਟ੍ਰੇਨਿੰਗ ਸੈਂਟਰ ਜਹਾਨ ਖੇਲਾਂ, ਪੰਜਾਬ ਹੋਮ ਗਾਰਡਜ਼, ਐਨ.ਸੀ.ਸੀ. ਸਕਾਊਟਸ (ਲੜਕੇ ਅਤੇ ਲੜਕੀਆਂ), ਡੀ.ਐਸ.ਐਸ.ਡੀ. ਸੋਢਲ ਰੋਡ, ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਆਦਰਸ਼ ਨਗਰ, ਲਾਇਲਪੁਰ ਖਾਲਸਾ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਅਤੇ ਲਾਇਲਪੁਰ ਖਾਲਸਾ ਹਾਈ ਸਕੂਲ (ਲੜਕੀਆਂ) ਅਤੇ ਸੀ.ਆਰ.ਪੀ.ਐਫ. ਬੈਂਡ ਸ਼ਾਮਲ ਸਨ।

ਰਿਹਰਸਲ ਦੌਰਾਨ ਐਸ.ਡੀ. ਕਾਲਜ, ਰੈੱਡ ਕਰਾਸ ਸਕੂਲ ਫਾਰ ਡੈੱਫ ਐਂਡ ਡੰਬ, ਕੇ.ਐਮ.ਵੀ. ਕਾਲਜ, ਐਸ.ਡੀ. ਫੁੱਲਰਵਾਨ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਤੇ ਪੁਲਿਸ ਡੀ.ਏ.ਵੀ. ਸਕੂਲ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੀ ਭਾਵਨਾ ਨਾਲ ਭਰਪੂਰ ਸੱਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ ਗਈਆਂ।

ਇਸ ਉਪਰੰਤ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਅਤੇ 26 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਸਮਾਗਮ, ਜਿਸ ਵਿਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਤਿਰੰਗਾ ਲਹਿਰਾਇਆ ਜਾਵੇਗਾ, ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ ਗਏ। ਉਨ੍ਹਾਂ ਕਿਹਾ ਕਿ 26 ਜਨਵਰੀ ਦੇ ਸਮਾਗਮ ਦੌਰਾਨ ਸੁਰੱਖਿਆ, ਟ੍ਰੈਫਿਕ, ਪਾਰਕਿੰਗ ਆਦਿ ਸਮੇਤ ਸਮੁੱਚੇ ਲੋੜੀਂਦੇ ਪੁਖ਼ਤਾ ਇੰਤਜ਼ਾਮ ਕੀਤੇ ਜਾਣੇ ਚਾਹੀਦੇ ਹਨ।

ਉਨ੍ਹਾਂ ਇਹ ਵੀ ਦੱਸਿਆ ਕਿ ਸਮਾਗਮ ਵਿਚ ਵੱਖ-ਵੱਖ ਵਿਸ਼ਿਆਂ ‘ਤੇ ਆਧਾਰਿਤ ਝਾਕੀਆਂ ਵੀ ਪੇਸ਼ ਕੀਤੀਆਂ ਜਾਣਗੀਆਂ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਦਿਹਾੜੇ ਨੂੰ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ।
ਇਸ ਮੌਕੇ ਜੁਆਇੰਟ ਪੁਲਿਸ ਕਮਿਸ਼ਨਰ ਸੰਦੀਪ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ ਮੇਜਰ ਡਾ. ਅਮਿਤ ਮਹਾਜਨ ਅਤੇ ਵੱਖ-ਵੱਖ ਵਿਭਾਗਾਂ ਦੇ ਮੁਖੀ ਵੀ ਮੌਜੂਦ ਸਨ।