ਚੰਡੀਗੜ੍ਹ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਹੁਕਮਾਂ ‘ਤੇ ਅੱਜ ਪੰਜਾਬ ਰੋਡਵੇਜ਼ ਦੇ ਜਨਰਲ ਮੈਨੇਜਰ ਸਮੇਤ ਚਾਰ ਮੁਲਾਜ਼ਮਾਂ ਨੂੰ ਬੇਨਿਯਮੀਆਂ ਅਤੇ ਭ੍ਰਿਸ਼ਟ ਗਤੀਵਿਧੀਆਂ ਦੇ ਦੋਸ਼ਾਂ ਤਹਿਤ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੰਜਾਬ ਰੋਡਵੇਜ਼ ਦੇ ਸ੍ਰੀ ਮੁਕਤਸਰ ਸਾਹਿਬ ਡਿਪੂ ਵਿਖੇ ਹੋ ਰਹੀਆਂ ਬੇਨਿਯਮੀਆਂ ਸਬੰਧੀ ਉਨ੍ਹਾਂ ਨੂੰ ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ ਜਿਸ ਸਬੰਧੀ ਮੁਢਲੀ ਪੜਤਾਲ ਕਰਵਾਉਣ ਲਈ ਜਾਂਚ ਟੀਮ ਗਠਿਤ ਕੀਤੀ ਗਈ ਸੀ।

ਉਨ੍ਹਾਂ ਦੱਸਿਆ ਕਿ ਜਾਂਚ ਟੀਮ ਵੱਲੋਂ ਪੇਸ਼ ਪੜਤਾਲੀਆ ਰਿਪੋਰਟ ਦੇ ਆਧਾਰ ‘ਤੇ ਸ੍ਰੀ ਮੁਕਤਸਰ ਸਾਹਿਬ ਡਿਪੂ ਦੇ ਜਨਰਲ ਮੈਨੇਜਰ ਰਣਜੀਤ ਸਿੰਘ ਬੱਗਾ, ਸਬ ਇੰਸਪੈਕਟਰ ਬਲਵਿੰਦਰ ਸਿੰਘ, ਸੀਨੀਅਰ ਸਹਾਇਕ ਪਰਗਟ ਸਿੰਘ ਅਤੇ ਕੰਡਕਟਰ ਗੁਰਸ਼ਰਨ ਸਿੰਘ ਨੂੰ ਸਰਕਾਰੀ ਖ਼ਜ਼ਾਨੇ ਨੂੰ ਵਿੱਤੀ ਨੁਕਸਾਨ ਪਹੁੰਚਾਉਣ ਅਤੇ ਭ੍ਰਿਸ਼ਟਾਚਾਰ ਗਤੀਵਿਧੀਆਂ ਚਲਾਉਣ ਦੇ ਗੰਭੀਰ ਦੋਸ਼ਾਂ ਤਹਿਤ ਮੁਅੱਤਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਅਧਿਕਾਰੀ ਅਤੇ ਕਰਮਚਾਰੀ ਪ੍ਰਾਈਵੇਟ ਬੱਸਾਂ ਦੀ ਅੱਡਾ ਫੀਸ ਤਾਂ ਲੈ ਲੈਂਦੇ ਸਨ ਪਰ ਉਸ ਦੀ ਪਰਚੀ ਨਹੀਂ ਸਨ ਦਿੰਦੇ ਅਤੇ ਬਣਦੀ ਰਕਮ ਸਰਕਾਰੀ ਖਜ਼ਾਨੇ ਵਿੱਚ ਜਮ੍ਹਾਂ ਕਰਵਾਉਣ ਦੀ ਥਾਂ ਆਪਣੀਆਂ ਜੇਬਾਂ ਵਿੱਚ ਪਾ ਲੈਂਦੇ ਸਨ।

ਇਨ੍ਹਾਂ ਮੁਲਾਜ਼ਮਾਂ ਨੂੰ ਪੰਜਾਬ ਸਿਵਲ ਸੇਵਾਵਾਂ (ਸਜ਼ਾ ਅਤੇ ਅਪੀਲ) ਰੂਲਜ਼, 1970 ਦੇ ਨਿਯਮ 4 (2) (ਏ) ਤਹਿਤ ਤੁਰੰਤ ਡਿਊਟੀ ਤੋਂ ਮੁਅੱਤਲ ਕੀਤਾ ਗਿਆ ਹੈ। ਮੁਲਾਜ਼ਮਾਂ ਦਾ ਮੁਅੱਤਲੀ ਸਮੇਂ ਦੌਰਾਨ ਹੈੱਡ ਕੁਆਰਟਰ ਦਫਤਰ ਡਾਇਰੈਕਟਰ ਸਟੇਟ ਟਰਾਂਸਪੋਰਟ, ਪੰਜਾਬ, ਚੰਡੀਗੜ੍ਹ ਹੋਵੇਗਾ।