ਚੰਡੀਗੜ੍ਹ| ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਹੁਣ ਤੱਕ 1000 ਕਿਲੋ ਹੈਰੋਇਨ ਫੜੀ ਜਾ ਚੁੱਕੀ ਹੈ ਜਦਕਿ ਨਸ਼ਾ ਤਸਕਰੀ ਅਤੇ ਵਿਕਰੀ ਦੇ ਮਾਮਲਿਆਂ ‘ਚ ਇਸ ਦੌਰਾਨ 22 ਹਜ਼ਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਮੀਟਿੰਗ ਦੌਰਾਨ ਦਿੱਤੀ।
ਸੋਮਵਾਰ ਨੂੰ ਨਵੀਂ ਦਿੱਲੀ ਵਿੱਚ ਉੱਤਰੀ ਰਾਜਾਂ ਵਿੱਚ ਨਸ਼ਿਆਂ ਦੀ ਤਸਕਰੀ ਅਤੇ ਕੌਮੀ ਸੁਰੱਖਿਆ ਦੇ ਮੁੱਦੇ ਤੇ ਨੌਂ ਰਾਜਾਂ ਦੀ ਮੀਟਿੰਗ ਵਿੱਚ ਵੀਡੀਓ ਕਾਨਫਰੰਸ ਰਾਹੀਂ ਹਿੱਸਾ ਲੈਂਦਿਆਂ ਮੁੱਖ ਮੰਤਰੀ ਮਾਨ ਨੇ ਅਮਿਤ ਸ਼ਾਹ ਅੱਗੇ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦਾ ਮੁੱਦਾ ਉਠਾਇਆ।
ਮਾਨ ਨੇ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ।
ਮੀਟਿੰਗ ਵਿੱਚ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਹੁਣ ਤੱਕ ਅਸੀਂ 1000 ਕਿਲੋ ਹੈਰੋਇਨ ਜ਼ਬਤ ਕਰਕੇ 22000 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਅਸੀਂ ਪੰਚਾਇਤਾਂ ਦੇ ਸਹਿਯੋਗ ਨਾਲ ਨਸ਼ਾ ਮੁਕਤ ਪਿੰਡ ਮੁਹਿੰਮ ਵੀ ਚਲਾ ਰਹੇ ਹਾਂ। ਇਸ ਦੇ ਨਾਲ ਹੀ ਮਾਨ ਨੇ ਮੀਟਿੰਗ ਵਿੱਚ ਕੁਝ ਸੁਝਾਅ ਵੀ ਦਿੱਤੇ। ਉਨ੍ਹਾਂ ਕਿਹਾ ਕਿ ਭਾਰਤ ਵਿੱਚ ਡਰੋਨਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ ਕੀਤੀ ਜਾਣੀ ਚਾਹੀਦੀ ਹੈ। ਇਸ ਤੋਂ ਇਲਾਵਾ ਉਨ੍ਹਾਂ ਐਨਡੀਪੀਐਸ ਐਕਟ ਵਿੱਚ ਸੋਧ ਕਰਕੇ ਇਸ ਕਾਨੂੰਨ ਨੂੰ ਹੋਰ ਸਖ਼ਤ ਬਣਾਉਣ ਦੀ ਲੋੜ ਤੇ ਜ਼ੋਰ ਦਿੱਤਾ।