ਨਵੰਬਰ ‘ਚ ਕੋਰੋਨਾ ਦੀ ਦੂਜੀ ਲਹਿਰ ਦੀ ਸੰਭਾਵਨਾ : ਮੁੱਖ ਸਕੱਤਰ ਨੇ ਹਰ ਪਾਜ਼ੀਟਿਵ ਮਰੀਜ਼ ਨਾਲ ਜੁੜੇ 15 ਲੋਕਾਂ ਦੇ ਟੈਸਟ ਦੇ ਹੁਕਮ ਦਿੱਤੇ

0
14270

ਚੰਡੀਗੜ੍ਹ | ਸੂਬੇ ਵਿੱਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਟਾਕਰੇ ਲਈ ਪ੍ਰਸ਼ਾਸਨ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਸਰਕਾਰ ਨੇ ਅਜਿਹਾ ਲਗ ਰਿਹਾ ਹੈ ਕਿ ਕੋਰੋਨਾ ਦੀ ਦੂਜੀ ਲਹਿਰ ਇਸ ਮਹੀਨੇ ਦੇ ਅਖੀਰ ਤੱਕ ਆ ਸਕਦੀ ਹੈ।

ਵੱਧ ਰਹੇ ਕੋਰੋਨਾਂ ਕੇਸਾਂ ਨੂੰ ਵੇਖਦੇ ਹੋਏ ਮੁੱਖ ਸਕੱਤਰ ਵਿਨੀ ਮਹਾਜਨ ਨੇ ਪ੍ਰਬੰਧਕੀ ਸਕੱਤਰਾਂ ਨੂੰ ਸਬੰਧਤ ਜ਼ਿਲਿਆਂ ਦਾ ਦੌਰਾ ਕਰਨ ਅਤੇ ਕੋਵਿਡ-19 ਲਈ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੇ ਹੁਕਮ ਦਿੱਤੇ ਹਨ।

ਇਸ ਮਹਾਂਮਾਰੀ ਦੀ ਸੰਭਾਵੀ ਦੂਜੀ ਲਹਿਰ ਤੋਂ ਪਹਿਲਾਂ ਮਰੀਜ਼ਾਂ ਤੇ ਉਨਾਂ ਦੇ ਸੰਪਰਕਾਂ ਦੀ ਪਛਾਣ ਤੋਂ ਇਲਾਵਾ ਕੋਵਿਡ ਟੈਸਟਿੰਗ ਦੇ ਢਾਂਚੇ ਅਤੇ ਹਸਪਤਾਲਾਂ ਵਿੱਚ ਤੀਜੇ ਪੱਧਰ ਦੀਆਂ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।

ਮੁੱਖ ਸਕੱਤਰ ਨੇ ਦੱਸਿਆ- ਸਾਰੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ ਕਿ ਹਰੇਕ ਕੋਵਿਡ ਮਰੀਜ਼ ਦੇ ਘੱਟੋ-ਘੱਟ 15 ਸੰਪਰਕਾਂ ਦੀ ਸ਼ਨਾਖ਼ਤ ਨੂੰ ਯਕੀਨੀ ਬਣਾਇਆ ਜਾਵੇ। ਉਨਾਂ ਦੀ ਕੋਵਿਡ-19 ਦਿਸ਼ਾ-ਨਿਰਦੇਸ਼ਾਂ ਮੁਤਾਬਕ ਜਾਂਚ ਕੀਤੀ ਜਾਵੇ।

ਵਿਨੀ ਮਹਾਜਨ ਨੇ ਦੱਸਿਆ ਕਿ ਲੋਕਾਂ ਦੀ ਵੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਸਖਤੀ ਨਾਲ ਸੁਰੱਖਿਆ ਨਿਯਮਾਂ ਦੀ ਪਾਲਣਾਂ ਕਰਦਿਆਂ ਬਿਮਾਰੀ ਖ਼ਿਲਾਫ਼ ਲੜਾਈ ਵਿੱਚ ਸਰਗਰਮੀ ਨਾਲ ਹਿੱਸਾ ਲੈਣ। ਉਨਾਂ ਅਪੀਲ ਕੀਤੀ ਕਿ ਜਦੋਂ ਤੱਕ ਕੋਵਿਡ ਦੀ ਵੈਕਸੀਨ ਨਹੀਂ ਆ ਜਾਂਦੀ ਉਦੋਂ ਤੱਕ ‘ਮਾਸਕ ਹੀ ਵੈਕਸੀਨ ਹੈ’ ਉਤੇ ਪਹਿਰਾ ਦਿੱਤਾ ਜਾਵੇ।

ਡੀਜੀਪੀ ਦਿਨਕਰ ਗੁਪਤਾ ਨੇ ਕਿਹਾ ਕਿ ਪੁਲੀਸ ਕੋਵਿਡ -19 ਸੁਰੱਖਿਆ ਨਿਯਮਾਂ ਨੂੰ ਲਾਗੂ ਕਰਨ ਵਿੱਚ ਸਿਵਲ ਪ੍ਰਸ਼ਾਸਨ ਨਾਲ ਮਿਲ ਕੇ ਕੰਮ ਕਰੇਗੀ।

ਮੁੱਖ ਸਕੱਤਰ ਨੇ ਕੋਵਿਡ ਦੇ ਨਵੇਂ ਮਾਮਲਿਆਂ ਵਿੱਚ ਵਾਧੇ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰਾਂ, ਪੁਲੀਸ ਕਮਿਸ਼ਨਰਾਂ, ਐਸਐਸਪੀਜ਼ ਅਤੇ ਮਿਊਂਸੀਪਲ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਕੀਤੀ। ਉਨਾਂ ਨੇ ਡਿਪਟੀ ਕਮਿਸ਼ਨਰਾਂ, ਐਸ.ਐਸ.ਪੀਜ਼ ਤੇ ਸਿਹਤ ਅਧਿਕਾਰੀਆਂ ਨੂੰ ਕਿਹਾ ਕਿ ਉਹ ਵੱਡੇ ਸਮਾਜਿਕ ਇਕੱਠਾਂ ’ਤੇ ਸਖਤੀ ਨਾਲ ਨਜ਼ਰ ਰੱਖਣ ਅਤੇ ਇਸ ਦੇ ਨਾਲ ਹੀ ਘਰਾਂ ਵਿੱਚ ਇਕਾਂਤਵਾਸ ਮਰੀਜ਼ਾਂ ਦੀ ਨਿਯਮਤ ਨਿਗਰਾਨੀ ਯਕੀਨੀ ਬਣਾਈ ਜਾਵੇ।