ਪਟਿਆਲਾ, 20 ਜਨਵਰੀ | ਜ਼ਿਲੇ ਵਿਚ ਆਵਾਰਾ ਕੁੱਤਿਆਂ ਦੀ ਦਹਿਸ਼ਤ ਦਾ ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਨਾਭਾ ਦੇ ਪਿੰਡ ਢੀਂਗੀ ਵਿਚ ਐਤਵਾਰ ਦੇਰ ਸ਼ਾਮ 10 ਤੋਂ ਵੱਧ ਆਵਾਰਾ ਕੁੱਤਿਆਂ ਨੇ 9 ਸਾਲਾਂ ਦੇ ਬੱਚੇ ਸ਼ਿਵਮ ‘ਤੇ ਹਮਲਾ ਕਰ ਦਿੱਤਾ। ਕੁੱਤਿਆਂ ਨੇ ਬੱਚੇ ਨੂੰ ਇੰਨੀ ਬੁਰੀ ਤਰ੍ਹਾਂ ਰਗੜਿਆ ਕਿ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਗਈ।

ਸ਼ਿਵਮ ਦੇ ਪਰਿਵਾਰਕ ਮੈਂਬਰ ਖੇਤਾਂ ਵਿਚ ਮਜ਼ਦੂਰੀ ਕਰਦੇ ਹਨ। ਐਤਵਾਰ ਸ਼ਾਮ ਨੂੰ ਅਚਾਨਕ ਆਵਾਰਾ ਕੁੱਤਿਆਂ ਦੇ ਝੁੰਡ ਨੇ ਬੱਚੇ ਸ਼ਿਵਮ ਨੂੰ ਘੇਰ ਲਿਆ ਅਤੇ ਉਸ ‘ਤੇ ਹਮਲਾ ਕਰ ਦਿੱਤਾ। ਜਦੋਂ ਤੱਕ ਆਸ-ਪਾਸ ਦੇ ਲੋਕ ਬੱਚੇ ਦੀ ਮਦਦ ਲਈ ਪਹੁੰਚੇ, ਉਦੋਂ ਤੱਕ ਕੁੱਤਿਆਂ ਨੇ ਉਸ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਪਰਿਵਾਰ ਵਾਲੇ ਤੁਰੰਤ ਬੱਚੇ ਨੂੰ ਨਜ਼ਦੀਕੀ ਹਸਪਤਾਲ ਲੈ ਕੇ ਗਏ ਪਰ ਉਦੋਂ ਤੱਕ ਕਾਫੀ ਦੇਰ ਹੋ ਚੁੱਕੀ ਸੀ। ਹਸਪਤਾਲ ‘ਚ ਡਾਕਟਰਾਂ ਨੇ ਬੱਚੇ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਘਟਨਾ ਆਵਾਰਾ ਕੁੱਤਿਆਂ ਦੇ ਵਧਦੇ ਖਤਰੇ ਵੱਲ ਇਸ਼ਾਰਾ ਕਰਦੀ ਹੈ। ਸਥਾਨਕ ਪ੍ਰਸ਼ਾਸਨ ਤੋਂ ਮੰਗ ਹੈ ਕਿ ਆਵਾਰਾ ਕੁੱਤਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸਖ਼ਤ ਕਦਮ ਚੁੱਕੇ ਜਾਣ ਤਾਂ ਜੋ ਭਵਿੱਖ ਵਿਚ ਅਜਿਹੀਆਂ ਦਰਦਨਾਕ ਘਟਨਾਵਾਂ ਨੂੰ ਰੋਕਿਆ ਜਾ ਸਕੇ।