ਪੰਚਾਇਤੀ ਚੋਣਾਂ : ਗੁਰਦਾਸਪੁਰ ‘ਚ ਆਪਸ ‘ਚ ਭਿੜੇ ਕਾਂਗਰਸ ਤੇ ਆਪ ਦੇ ਵਰਕਰ, BDPO ਦਫਤਰ ਬਾਹਰ ਗਰਮਾ ਗਿਆ ਮਾਹੌਲ

0
666

 ਗੁਰਦਾਸਪੁਰ, 1 ਅਕਤੂਬਰ | ਗ੍ਰਾਮ ਪੰਚਾਇਤ ਦੀਆਂ ਆਮ ਚੋਣਾਂ ਦੇ ਮੱਦੇਨਜ਼ਰ ਬੀਡੀਪੀਓ ਦਫ਼ਤਰ ਵੱਲੋਂ ਲੋੜੀਂਦੇ ਦਸਤਾਵੇਜ਼ ਮੁਹੱਈਆ ਨਹੀਂ ਕਰਵਾਏ ਗਏ। ਕਾਂਗਰਸੀ ਵਰਕਰਾਂ ਨਾਲ ਪਹੁੰਚੇ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਰੰਧਾਵਾ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਗੁਰਦੀਪ ਸਿੰਘ ਰੰਧਾਵਾ ਵੀ ਆਪਣੇ ਵਰਕਰਾਂ ਨਾਲ ਬੀਡੀਪੀਓ ਦਫ਼ਤਰ ਪੁੱਜੇ।

ਇਸ ਮੌਕੇ ਵੱਡੀ ਗਿਣਤੀ ’ਚ ਪੁੱਜੇ ਦੋਵਾਂ ਧਿਰਾਂ ਦੇ ਵਰਕਰਾਂ ਦਰਮਿਆਨ ਦਫ਼ਤਰ ਵਿਚ ਤਕਰਾਰ ਹੋ ਗਿਆ। ਦੋਵਾਂ ਪਾਰਟੀਆਂ ਦੇ ਵਰਕਰਾਂ ਨੇ ਇੱਕ ਦੂਜੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਸਬੰਧੀ ਜਦੋਂ ਸੰਸਦ ਮੈਂਬਰ ਸੁਖਜਿੰਦਰ ਰੰਧਾਵਾ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਰਪੰਚ ਚੋਣਾਂ ਲਈ ਉਮੀਦਵਾਰਾਂ ਨੂੰ ਪਰਾਲੀ ਟੈਕਸ ਦੀਆਂ ਪਰਚੀਆਂ ਨਹੀਂ ਦੇ ਰਹੀ।

ਉਨ੍ਹਾਂ ਕਿਹਾ ਕਿ ਜਦੋਂ ਮੈਂ ਬੀਡੀਪੀਓ ਨੂੰ ਮਿਲ ਕੇ ਬਾਹਰ ਜਾ ਰਿਹਾ ਸੀ ਤਾਂ ਆਮ ਆਦਮੀ ਪਾਰਟੀ ਦੇ ਵਰਕਰ ਆ ਗਏ ਅਤੇ ਕਾਂਗਰਸੀ ਵਰਕਰਾਂ ਨਾਲ ਹੱਥੋਪਾਈ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਵਰਕਰਾਂ ਦਾ ਝਗੜਾ ਹੋ ਗਿਆ। ਇਸ ਮੌਕੇ ਰੰਧਾਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੰਚਾਇਤੀ ਚੋਣਾਂ ਵੱਲ ਵੀ ਧਿਆਨ ਦੇਣ ਦੀ ਅਪੀਲ ਕੀਤੀ।

ਦੂਜੇ ਪਾਸੇ ਜਦੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਗੁਰਦੀਪ ਰੰਧਾਵਾ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸੰਸਦ ਮੈਂਬਰ ਰੰਧਾਵਾ ਕਲਾਨੌਰ ਬਲਾਕ ਵਿਚ ਆਏ ਹਨ ਅਤੇ ਅਧਿਕਾਰੀਆਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ, ਜਿਸ ਨੂੰ ਅਸੀਂ ਬਰਦਾਸ਼ਤ ਨਹੀਂ ਕਰਾਂਗੇ। ਉਨ੍ਹਾਂ ਕਿਹਾ ਕਿ ਇਸੇ ਕਾਰਨ ਕਾਂਗਰਸ ਤੇ ‘ਆਪ’ ਵਰਕਰਾਂ ਵਿਚਾਲੇ ਤਕਰਾਰ ਹੋ ਗਈ। ਇਸ ਮੌਕੇ ਜਦੋਂ ਐਸਪੀ ਹੈੱਡ ਕੁਆਰਟਰ ਜੁਗਰਾਜ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਦੋਵਾਂ ਧਿਰਾਂ ਨੂੰ ਸਮਝਾਉਣ ਤੋਂ ਬਾਅਦ ਮਾਮਲਾ ਸ਼ਾਂਤ ਕੀਤਾ ਗਿਆ ਹੈ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)