ਪੰਚਾਇਤ ਸਕੱਤਰ ਤੇ ਸਰਪੰਚ ਦਾ ਪਤੀ 5 ਹਜ਼ਾਰ ਦੀ ਰਿਸ਼ਵਤ ਲੈਂਦੇ ਗ੍ਰਿਫਤਾਰ, ਮਕਾਨ ਦੀ ਗ੍ਰਾਂਟ ਮਨਜ਼ੂਰ ਕਰਵਾਉਣ ਬਦਲੇ ਮੰਗੇ ਸਨ ਪੈਸੇ

0
507

ਚੰਡੀਗੜ੍ਹ | ਸੂਬੇ ਵਿਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮਕਸਦ ਨਾਲ ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ਨੀਵਾਰ ਨੂੰ ਇਕ ਪੰਚਾਇਤ ਸਕੱਤਰ ਅਤੇ ਇਕ ਪ੍ਰਾਈਵੇਟ ਵਿਅਕਤੀ ਜੋ ਕਿ ਸਰਪੰਚ ਦਾ ਪਤੀ ਹੈ, ਨੂੰ 5 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਦੇ ਸਰਕਾਰੀ ਦਫ਼ਤਰਾਂ ਅਤੇ ਜਨਤਕ ਜੀਵਨ ਵਿਚੋਂ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਬਿਊਰੋ ਵੱਲੋਂ ਮੁਹਿੰਮ ਵਿੱਢੀ ਹੋਈ ਹੈ।

ਇਸ ਸਬੰਧੀ ਵਿਜੀਲੈਂਸ ਬਿਊਰੋ ਨੇ ਬੀਡੀਪੀਓ ਦਫ਼ਤਰ ਸਾਦਿਕ ਜ਼ਿਲ੍ਹਾ ਫ਼ਰੀਦਕੋਟ ਅਧੀਨ ਪੈਂਦੇ ਪਿੰਡ ਭਾਗ ਸਿੰਘ ਵਾਲਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਗੁਰਪ੍ਰੀਤ ਸਿੰਘ ਅਤੇ ਇਸੇ ਪਿੰਡ ਦੀ ਸਰਪੰਚ ਸਿਮਰਨੀਤ ਕੌਰ ਦੇ ਪਤੀ ਗੁਰਪ੍ਰੀਤ ਸਿੰਘ ਨੂੰ ਸ਼ਿਕਾਇਤਕਰਤਾ ਹਰਬੰਸ ਸਿੰਘ ਤੋਂ 5 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਕਥਿਤ ਦੋਸ਼ੀ ਪੰਚਾਇਤ ਸਕੱਤਰ ਅਤੇ ਉਪਰੋਕਤ ਪਿੰਡ ਦੀ ਸਰਪੰਚ ਦਾ ਪਤੀ ਬੀਪੀਐਲ ਪਰਿਵਾਰਾਂ ਨੂੰ ਨਵੇਂ ਘਰ ਬਣਾਉਣ ਲਈ ਸਰਕਾਰੀ ਸਕੀਮ ਤਹਿਤ ਉਸਦੀ ਮਾਤਾ ਦੇ ਨਾਮ ਉਪਰ ਮਨਜ਼ੂਰ ਗ੍ਰਾਂਟ ਦੀ ਤੀਜੀ ਕਿਸ਼ਤ ਜਾਰੀ ਕਰਨ ਬਦਲੇ 10 ਹਜ਼ਾਰ ਰੁਪਏ ਦੀ ਰਿਸ਼ਵਤ ਮੰਗ ਰਹੇ ਹਨ।

ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਦੋਵੇਂ ਮੁਲਜ਼ਮਾਂ ਨੇ ਇਹ ਰਿਸ਼ਵਤ 2 ਕਿਸ਼ਤਾਂ ਵਿਚ ਦੇਣ ਲਈ ਕਿਹਾ ਹੈ ਪਰ ਉਹ ਰਿਸ਼ਵਤ ਦੀ ਰਕਮ ਨਹੀਂ ਦੇਣਾ ਚਾਹੁੰਦਾ। ਸ਼ਿਕਾਇਤ ਵਿਚਲੇ ਤੱਥਾਂ ਦੀ ਸੱਚਾਈ ਦਾ ਪਤਾ ਲਾਉਣ ਤੋਂ ਬਾਅਦ ਫਿਰੋਜ਼ਪੁਰ ਯੂਨਿਟ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਦੋਵਾਂ ਮੁਲਜ਼ਮਾਂ ਨੂੰ 2 ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ 5 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿਚ ਐਫ.ਆਈ.ਆਰ. ਨੰਬਰ 10, ਮਿਤੀ 18-03-2023 ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7 (ਏ) ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਜਾਂਚ ਆਰੰਭ ਦਿੱਤੀ ਹੈ।