ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਇਨਸਾਫ ਲਈ ਜਾ ਸਕਦੇ ਨੇ ਹਾਈਕੋਰਟ, ਵਕੀਲਾਂ ਤੋਂ ਲੈ ਰਹੇ ਨੇ ਕਾਨੂੰਨੀ ਰਾਇ

0
344

ਚੰਡੀਗੜ੍ਹ | ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਪਿਛਲੇ ਕਾਫੀ ਸਮੇਂ ਤੋਂ ਬੇਟੇ ਦੇ ਕਤਲ ਮਾਮਲੇ ‘ਚ ਸਰਕਾਰ ਤੋਂ ਇਨਸਾਫ ਦੀ ਮੰਗ ਕਰ ਰਹੇ ਹਨ। ਉਹ ਗੋਲਡੀ ਬਰਾੜ ਨੂੰ ਗ੍ਰਿਫਤਾਰ ਕਰਨ ਦੀ ਮੰਗ ਕਰ ਰਹੇ ਹਨ। ਪਿਤਾ ਬਲਕੌਰ ਸਿੰਘ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰ ਸਕਦੇ ਹਨ।

ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਆਪਣੇ ਪੁੱਤਰ ਦੇ ਕਤਲ ਕੇਸ ‘ਚ ਕਈ ਵਕੀਲਾਂ ਤੋਂ ਕਾਨੂੰਨੀ ਸਲਾਹ ਲੈ ਚੁੱਕੇ ਹਨ। ਉਨ੍ਹਾਂ ਕਾਨੂੰਨੀ ਰਾਹਾਂ ਦੀ ਮੰਗ ਕੀਤੀ ਕਿ ਸੂਬਾ ਸਰਕਾਰ ਵੱਲੋਂ ਕੀਤੀ ਗਈ ਅਧੂਰੀ ਕਾਰਵਾਈ ਨੂੰ ਕਿਵੇਂ ਸਾਹਮਣੇ ਲਿਆਂਦਾ ਜਾ ਸਕਦਾ ਹੈ।

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਟਵੀਟ ਕੀਤਾ ਹੈ ਕਿ ਅਕਾਲੀ ਦਲ ਮੂਸੇਵਾਲਾ ਪਰਿਵਾਰ ਦੇ ਨਾਲ ਹੈ। ਉਹ ਪੰਜਾਬ ਸਰਕਾਰ ਨੂੰ ਇਸ ਮਾਮਲੇ ‘ਚ ਇਨਸਾਫ਼ ਕਰਨ ਲਈ ਮਜਬੂਰ ਕਰਨਗੇ। ਇਸ ਦੇ ਨਾਲ ਹੀ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਚੁਟਕੀ ਲੈਂਦਿਆਂ ਕਿਹਾ ਕਿ ਉਹ ਗੈਂਗਸਟਰਾਂ ਅੱਗੇ ਝੁਕ ਗਏ ਹਨ।

ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਇਨਸਾਫ਼ ਲਈ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨੇ ਵਿਧਾਨ ਸਭਾ ਦੇ ਬਾਹਰ ਧਰਨਾ ਦਿੱਤਾ। ਸੂਬਾ ਸਰਕਾਰ ਤੋਂ ਮੁਲਜ਼ਮ ਗੋਲਡੀ ਬਰਾੜ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਗਈ। ਇਸ ਦੇ ਨਾਲ ਹੀ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਕਿਹਾ ਸੀ ਕਿ ਜੇਕਰ ਮਾਨਯੋਗ ਸਰਕਾਰ ਸਿੱਧੂ ਦੇ ਪਰਿਵਾਰ ਦਾ ਸਮਰਥਨ ਕਰਨਾ ਚਾਹੁੰਦੀ ਹੈ ਤਾਂ ਉਨ੍ਹਾਂ ਵੱਲੋਂ ਨਾਮਜ਼ਦ ਕੀਤੇ ਗਏ ਦੋਸ਼ੀਆਂ ਨੂੰ ਗ੍ਰਿਫਤਾਰ ਕਿਉਂ ਨਹੀਂ ਕੀਤਾ ਜਾ ਰਿਹਾ।