ਕਿਹਾ, ਪ੍ਰਧਾਨ ਮੰਤਰੀ ਨੂੰ ਖੁਦ ਇਸ ਮੁੱਦੇ ‘ਤੇ ਸੰਸਦ ‘ਚ ਜਵਾਬ ਦੇਣਾ ਚਾਹੀਦੈ ਅਤੇ ਭਵਿੱਖ ‘ਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਠੋਸ ਕਦਮ ਚੁੱਕਣ ਦੀ ਮੰਗ ਕੀਤੀ
ਜਲੰਧਰ | ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਸੋਮਵਾਰ ਨੂੰ ਮਨੀਪੁਰ ਹਿੰਸਾ ਦੇ ਵਿਰੋਧ ਵਿੱਚ ਸੰਸਦ ਦੇ ਬਾਹਰ ਵਿਰੋਧੀ ਪਾਰਟੀਆਂ ਦੇ ਸੰਸਦ ਮੈਂਬਰਾਂ ਦੇ ਧਰਨੇ ਵਿੱਚ ਸ਼ਾਮਲ ਹੋਏ ਅਤੇ ਇਸ ਮੁੱਦੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦਖਲ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਸ ਹਿੰਸਾ ‘ਚ 150 ਤੋਂ ਵੱਧ ਲੋਕ ਪੀੜਤ ਹੋ ਚੁੱਕੇ ਹਨ ਪਰ ਪ੍ਰਧਾਨ ਮੰਤਰੀ ਨੇ ਇਸ ਪੂਰੇ ਮਾਮਲੇ ‘ਤੇ ਚੁੱਪ ਧਾਰੀ ਰੱਖੀ ਹੈ। ਸੰਸਦ ਮੈਂਬਰ ਨੇ ਅੱਗੇ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਦੇਸ਼ ਦੇ ਇੰਨੇ ਵੱਡੇ ਮੁੱਦੇ ‘ਤੇ ਪ੍ਰਧਾਨ ਮੰਤਰੀ ਤੋਂ ਜਵਾਬ ਮੰਗਣ ਵਾਲਿਆਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ‘ਤੇ ਸੰਸਦ ਦੀ ਕਾਰਵਾਈ ‘ਚ ਰੁਕਾਵਟ ਪਾਉਣ ਦੇ ਦੋਸ਼ ਲਗਾਏ ਜਾ ਰਹੇ ਹਨ।
ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਸੰਸਦ ‘ਚ ਆ ਕੇ ਇਸ ਮੁੱਦੇ ‘ਤੇ ਖੁੱਲ੍ਹ ਕੇ ਜਵਾਬ ਦੇਣਾ ਚਾਹੀਦਾ ਹੈ ਅਤੇ ਇਹ ਵੀ ਦੱਸਣਾ ਚਾਹੀਦਾ ਹੈ ਕਿ ਮਨੀਪੁਰ ਹਿੰਸਾ ਦੇ ਦੋਸ਼ੀਆਂ ਖਿਲਾਫ ਸਰਕਾਰ ਨੇ ਕੀ ਕਾਰਵਾਈ ਕੀਤੀ ਹੈ ਅਤੇ ਭਵਿੱਖ ‘ਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਕੀ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਇਸ ਮਾਮਲੇ ਵਿੱਚ ਪ੍ਰਧਾਨ ਮੰਤਰੀ ਦੀ ਤਰਫੋਂ ਸੰਸਦ ਵਿੱਚ ਜਵਾਬ ਮੰਗਣ ਵਾਲੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਮਾਨਸੂਨ ਸੈਸ਼ਨ ਵਿੱਚੋਂ ਬਾਹਰ ਕਰਨ ਦੀ ਕਾਰਵਾਈ ਦੀ ਵੀ ਨਿਖੇਧੀ ਕੀਤੀ ਅਤੇ ਨਾਲ ਹੀ ਕਿਹਾ ਕਿ ਸੰਸਦ ਵਿੱਚ ਜਵਾਬ ਮੰਗਣ ਵਾਲੇ ਸੰਸਦ ਮੈਂਬਰਾਂ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਏ ਕੇਂਦਰ ਸਰਕਾਰ ਨੂੰ ਇਸ ਮੁੱਦੇ ਦੀ ਜਾਣਕਾਰੀ ਸਾਰੇ ਸੰਸਦ ਮੈਂਬਰਾਂ ਦੇ ਸਾਹਮਣੇ ਸੈਸ਼ਨ ਦੇ ਦੌਰਾਨ ਰੱਖਣੀ ਚਾਹੀਦੀ ਹੈ।
ਰਿੰਕੂ ਨੇ ਅੱਗੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਅਜਿਹੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ ਜਦੋਂ ਲਾਲ ਬਹਾਦਰ ਸ਼ਾਸਤਰੀ, ਮਨਮੋਹਨ ਸਿੰਘ ਸਮੇਤ ਕਈ ਪ੍ਰਧਾਨ ਮੰਤਰੀਆਂ ਨੇ ਆਪਣੇ ਅਹੁਦੇ ਦੀ ਮਰਿਆਦਾ ਨੂੰ ਕਾਇਮ ਰੱਖਦੇ ਹੋਏ ਅਸਤੀਫ਼ੇ ਤੱਕ ਦੀ ਪੇਸ਼ਕਸ਼ ਕੀਤੀ ਸੀ ਪਰ ਮੌਜੂਦਾ ਪ੍ਰਧਾਨ ਮੰਤਰੀ ਇਸ ਮੁੱਦੇ ‘ਤੇ ਸੰਸਦ ਵਿੱਚ ਜਵਾਬ ਦੇਣ ਲਈ ਵੀ ਤਿਆਰ ਨਹੀਂ ਹਨ। ਉਨ੍ਹਾਂ ਕਿਹਾ ਕਿ ਕਿੰਨੀ ਸ਼ਰਮ ਦੀ ਗੱਲ ਹੈ ਕਿ ਸਰਕਾਰ ਇੰਨੇ ਵੱਡੇ ਮੁੱਦੇ ‘ਤੇ ਬੋਲਣਾ ਨਹੀਂ ਚਾਹੁੰਦੀ।