ਹਰਿਆਣਾ ਵਲੋਂ ਪੰਜਾਬ ਦੀ ਹੱਦ ਅੰਦਰ ਡਰੋਨ ਉਡਾਣ ’ਤੇ ਪਟਿਆਲਾ ਪ੍ਰਸ਼ਾਸਨ ਨੇ ਜਤਾਇਆ ਇਤਰਾਜ਼

0
739

ਪਟਿਆਲਾ, 14 ਫਰਵਰੀ| ਪੰਜਾਬ ਦੇ ਅਧਿਕਾਰੀਆਂ ਨੇ ਹਰਿਆਣਾ ਵਲੋਂ ਸ਼ੰਭੂ ਸਰਹੱਦ ‘ਤੇ ਪੰਜਾਬ ਦੇ ਖੇਤਰ ਵਿਚ ਅੰਦੋਲਨ ਕਰ ਰਹੇ ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਛੱਡਣ ਲਈ ਡਰੋਨ ਦੀ ਵਰਤੋਂ ਕਰਨ ‘ਤੇ ਇਤਰਾਜ਼ ਜਤਾਇਆ ਹੈ। ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਾਰੇ ਨੇ ਅੰਬਾਲਾ ਦੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਅੰਬਾਲਾ ਨੇੜੇ ਸ਼ੰਭੂ ਸਰਹੱਦ ‘ਤੇ ਪੰਜਾਬ ਦੀ ਹੱਦ ਅੰਦਰ ਅਪਣੇ ਡਰੋਨ ਨਾ ਭੇਜਣ ਲਈ ਕਿਹਾ ਹੈ।

ਹਰਿਆਣਾ ਪੁਲਿਸ ਨੇ ਮੰਗਲਵਾਰ ਨੂੰ ਵੱਖ-ਵੱਖ ਮੰਗਾਂ ਨੂੰ ਲੈ ਕੇ ਕੇਂਦਰ ‘ਤੇ ਦਬਾਅ ਬਣਾਉਣ ਲਈ ਦਿੱਲੀ ਵੱਲ ਮਾਰਚ ਕਰਦੇ ਹੋਏ ਕਿਸਾਨਾਂ ਨੂੰ ਰੋਕਣ ਲਈ ਅੱਥਰੂ ਗੈਸ ਦੇ ਗੋਲੇ ਛੱਡਣ ਲਈ ਡਰੋਨ ਤਾਇਨਾਤ ਕੀਤਾ ਸੀ। ਕਿਸਾਨਾਂ ਨੇ ਦਾਅਵਾ ਕੀਤਾ ਕਿ ਜਦੋਂ ਉਹ ਪੰਜਾਬ ਦੀ ਹੱਦ ਦੇ ਅੰਦਰ ਖੜ੍ਹੇ ਸੀ ਤਾਂ ਡਰੋਨ ਨੇ ਉਨ੍ਹਾਂ ‘ਤੇ ਅੱਥਰੂ ਗੈਸ ਦੇ ਕਈ ਗੋਲੇ ਸੁੱਟੇ।

ਡੀ.ਸੀ. ਪਟਿਆਲਾ ਨੇ ਸਮਾਚਾਰ ਏਜੰਸੀ ਨੂੰ ਦਸਿਆ, ”ਮੈਂ ਅੰਬਾਲਾ ਦੇ ਡਿਪਟੀ ਕਮਿਸ਼ਨਰ ਨੂੰ ਸਾਡੇ ਖੇਤਰ ਦੇ ਅੰਦਰ ਡਰੋਨ ਨਾ ਭੇਜਣ ਲਈ ਪੱਤਰ ਲਿਖਿਆ ਹੈ।” ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਨ੍ਹਾਂ ਨੇ ਇਸ ਬਾਰੇ ਅੰਬਾਲਾ ਦੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਵੀ ਸੂਚਿਤ ਕਰ ਦਿਤਾ ਹੈ। ਪਾਰੇ ਨੇ ਕਿਹਾ ਕਿ ਅੰਬਾਲਾ ਦੇ ਅਧਿਕਾਰੀਆਂ ਕੋਲ ਮਾਮਲਾ ਉਠਾਏ ਜਾਣ ਤੋਂ ਬਾਅਦ ਉਨ੍ਹਾਂ ਨੇ ਹੁਣ ਸਰਹੱਦ ‘ਤੇ ਡਰੋਨ ਦੀ ਵਰਤੋਂ ‘ਤੇ ਪਾਬੰਦੀ ਲਗਾ ਦਿਤੀ ਹੈ।