ਪੱਟੀ, ਤਰਨਤਾਰਨ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਪੁਲਿਸ ਥਾਣਾ ਸਦਰ ਪੱਟੀ ਅਧੀਨ ਪੈਂਦੇ ਪਿੰਡ ਸੈਦਪੁਰ ਵਿਖੇ ਦੇਰ ਸ਼ਾਮ ਇਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ ਜਗਰੂਪ ਸਿੰਘ (26) ਪੁੱਤਰ ਹਰਭਜਨ ਸਿੰਘ ਜੱਟ ਵਾਸੀ ਸੈਦਪੁਰ ਵਜੋਂ ਹੋਈ ਹੈ, ਜਿਸ ਨੂੰ ਤੁੁਰੰਤ ਜ਼ਖ਼ਮੀ ਹਾਲਤ ਵਿਚ ਪੱਟੀ ਦੇ ਨਿੱਜੀ ਹਸਪਤਾਲ ਵਿਚ ਲਿਆਂਦਾ ਗਿਆ, ਜਿਥੇ ਇਲਾਜ ਦੌਰਾਨ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਮ੍ਰਿਤਕ ਦਾ 5 ਸਾਲ ਦਾ ਲੜਕਾ ਵੀ ਹੈ।
ਮ੍ਰਿਤਕ ਦੇ ਪਿਤਾ ਹਰਭਜਨ ਸਿੰਘ ਨੇ ਦੱਸਿਆ ਕਿ ਪੁਰਾਣੀ ਰੰਜਿਸ਼ ਨੂੰ ਲੈ ਕੇ ਸੈਦਪੁਰ ਦੇ ਹੀ ਵਾਸੀ ਜਜਬੀਰ ਸਿੰਘ ਨੇ ਆਪਣੇ 4-5 ਅਣਪਛਾਤੇ ਸਾਥੀਆਂ ਸਮੇਤ ਉਸ ਵੇਲੇ ਹਮਲਾ ਕੀਤਾ, ਜਦੋਂ ਜਗਰੂਪ ਸਿੰਘ ਪਿੰਡ ਦੇ ਖੇਡ ਮੈਦਾਨ ਵਿਚ ਖੇਡ ਕੇ ਵਾਪਸ ਘਰ ਜਾ ਰਿਹਾ ਸੀ ਤਾਂ ਦੋਸ਼ੀਆਂ ਨੇ ਪਿਸਟਲ ਨਾਲ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ।
ਮ੍ਰਿਤਕ ਦੇ ਪਿਤਾ ਹਰਭਜਨ ਸਿੰਘ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਜਜਬੀਰ ਸਿੰਘ ਨੇ ਅੱਜ ਹੀ ਵਿਦੇਸ਼ ਜਾਣਾ ਹੈ, ਜਿਸ ਨੂੰ ਤੁਰੰਤ ਰੋਕਿਆ ਜਾਵੇ ਤੇ ਗ੍ਰਿਫ਼ਤਾਰ ਕਰਕੇ ਕਾਰਵਾਈ ਕੀਤੀ ਜਾਵੇ। ਇਸ ਸਬੰਧੀ ਜਦੋਂ ਸਤਨਾਮ ਸਿੰਘ ਡੀ. ਐੱਸ. ਪੀ. ਸਬ-ਡਵੀਜ਼ਨ ਪੱਟੀ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਇਸ ਘਟਨਾ ਸਬੰਧੀ ਪੁਲਿਸ ਥਾਣਾ ਸਦਰ ਪੱਟੀ ਦੇ ਮੁਖੀ ਹਰਜਿੰਦਰ ਸਿੰਘ ਵੱਲੋਂ ਪੁਲਿਸ ਪਾਰਟੀ ਸਮੇਤ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।