ਚੰਡੀਗੜ੍ਹ | ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਮਕਸਦ ਨਾਲ ਚਲਾਈ ਮੁਹਿੰਮ ਦੌਰਾਨ ਅੱਜ ਦਫ਼ਤਰ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ, ਗੁਰੂਹਰਸਹਾਏ, ਜ਼ਿਲ੍ਹਾ ਫਿਰੋਜ਼ਪੁਰ ਵਿਖੇ ਤਾਇਨਾਤ ਸੰਮਤੀ ਪਟਵਾਰੀ ਸੁਖਬੀਰ ਸਿੰਘ ਨੂੰ 6 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸੰਮਤੀ ਪਟਵਾਰੀ ਨੂੰ ਸਰਪੰਚ ਮਨਪ੍ਰੀਤ ਸਿੰਘ ਅਤੇ ਹਰਚਰਨ ਸਿੰਘ, ਵਾਸੀ ਪਿੰਡ ਕੋਹਰ ਸਿੰਘ ਵਾਲਾ, ਤਹਿਸੀਲ ਗੁਰੂਹਰਸਹਾਏ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਹੈ।

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪਟਵਾਰੀ ਇਕ ਅਦਾਲਤੀ ਮੁਕੱਦਮੇ ਵਿਚ ਸਹਾਇਤਾ ਕਰਨ ਬਦਲੇ 12 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ ਪਰ ਸੌਦਾ 7500 ਰੁਪਏ ਵਿਚ ਤੈਅ ਹੋਇਆ। ਉਸ ਨੇ ਅੱਗੇ ਦੱਸਿਆ ਕਿ ਪਟਵਾਰੀ ਪਹਿਲਾਂ ਹੀ 1500 ਰੁਪਏ ਲੈ ਚੁੱਕਾ ਹੈ ਅਤੇ ਹੁਣ ਬਾਕੀ 6000 ਰੁਪਏ ਦੀ ਮੰਗ ਕਰ ਰਿਹਾ ਹੈ।

ਇਸ ਸ਼ਿਕਾਇਤ ਦੀ ਪੜਤਾਲ ਉਪਰੰਤ ਫਿਰੋਜ਼ਪੁਰ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਪਟਵਾਰੀ ਨੂੰ 2 ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 6 ਹਜ਼ਾਰ ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ ਉਸ ਕੋਲੋਂ ਰਿਸ਼ਵਤ ਦੇ ਪੈਸੇ 2 ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਬਰਾਮਦ ਕਰ ਲਏ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।