ਜਲੰਧਰ, 28 ਜਨਵਰੀ | ਅੰਮ੍ਰਿਤਸਰ ਵਿਖੇ ਬਾਬਾ ਸਾਹਿਬ ਡਾ. ਬੀ. ਆਰ.ਅੰਬੇਡਕਰ ਜੀ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੀ ਵਾਪਰੀ ਘਟਨਾ ਤੋਂ ਬਾਅਦ ਅੱਜ ਜਲੰਧਰ ਜ਼ਿਲੇ ਵਿਚ ਬੰਦ ਦਾ ਸ਼ਾਂਤੀਪੂਰਵਕ ਸਮਰਥਨ ਕੀਤਾ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ 26 ਜਨਵਰੀ ਨੂੰ ਅੰਮ੍ਰਿਤਸਰ ਦੀ ਹੈਰੀਟੇਜ ਸਟਰੀਟ ਵਿਖੇ ਇਕ ਸ਼ਰਾਰਤੀ ਅਨਸਰ ਵਲੋਂ ਬਾਬਾ ਸਾਹਿਬ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ ਸੀ। ਬਾਬਾ ਸਾਹਿਬ ਦੇ ਕੀਤੇ ਇਸ ਅਪਮਾਨ ਨਾਲ ਜਨਤਾ ਦੀਆਂ ਭਾਵਨਾਵਾਂ ਨੂੰ ਭਾਰੀ ਠੇਸ ਪੁੱਜੀ, ਜਿਸ ਸਦਕਾ ਕਈ ਜ਼ਿਲਿਆਂ ਵਿਚ ਬੰਦ ਦੀ ਕਾਲ ਕੀਤੀ ਗਈ। ਜਲੰਧਰ ਵਿਚ ਵੀ ਇਸ ਬੰਦ ਦੌਰਾਨ ਲੋਕਾਂ ਦਾ ਸਮਰਥਨ ਰਿਹਾ। ਲੋਕ ਅੰਮ੍ਰਿਤਸਰ ਵਿਖੇ ਮੰਦਭਾਗੀ ਘਟਨਾ ਨੂੰ ਅੰਜਾਮ ਦੇਣ ਵਾਲੇ ਸ਼ਰਾਰਤੀ ਅਨਸਰ ‘ਤੇ ਸਖਤ ਕਾਰਵਾਈ ਦੀ ਮੰਗ ਕਰ ਰਹੇ ਹਨ।

ਦੂਜੇ ਪਾਸੇ ਜਲੰਧਰ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਇਸ ਘਟਨਾ ਦੀ ਸਖਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਅੰਮ੍ਰਿਤਸਰ ਵਿਖੇ ਮੰਦਭਾਗੀ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜਲੰਧਰ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵਲੋਂ ਵੀ ਅੰਮ੍ਰਿਤਸਰ ਵਿਖੇ ਡਾ. ਬੀ.ਆਰ ਅੰਬੇਡਕਰ ਜੀ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੀ ਵਾਪਰੀ ਮੰਦਭਾਗੀ ਘਟਨਾ ’ਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਜ਼ਿਲਾ ਵਾਸੀਆਂ ਨੂੰ ਸੰਜਮ ਵਰਤਦਿਆਂ ਜ਼ਿਲ੍ਹੇ ਵਿਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਕਾਇਮ ਰੱਖਣ ਦੀ ਅਪੀਲ ਵੀ ਕੀਤੀ ਜਾ ਚੁੱਕੀ ਹੈ।

ਅੰਮ੍ਰਿਤਸਰ ਵਿਖੇ ਵਾਪਰੀ ਘਟਨਾ ਦੇ ਰੋਸ ਵਜੋਂ ਅੱਜ ਜਲੰਧਰ ਵਿਚ ਵੀ ਲੋਕਾਂ ਵਲੋਂ ਬਾਬਾ ਸਾਹਿਬ ਦੇ ਬੁੱਤ ਦੇ ਕੀਤੇ ਅਪਮਾਨ ਦੀ ਨਿਖੇਧੀ ਕਰਦਿਆਂ ਦੋਸ਼ੀ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਲੋਕਾਂ ਵਲੋਂ ਜਲੰਧਰ ਬੰਦ ਦੀ ਕਾਲ ਦਾ ਸਵੇਰ ਤੋਂ ਹੀ ਦੁਕਾਨਾਂ ਆਦਿ ਬੰਦ ਕਰ ਕੇ ਸਮਰਥਨ ਕੀਤਾ ਜਾ ਰਿਹਾ ਹੈ।