ਜਲੰਧਰ : ਨਵੇਂ ਸਾਲ ਦਾ ਜਸ਼ਨ ਮਨਾਉਣ ਸਮੇਂ ਨਿਯਮਾਂ ਦੀ ਪਾਲਣਾ ਕਰਨ ਲੋਕ- ਪੁਲਿਸ ਕਮਿਸ਼ਨਰ

0
1226

ਜਲੰਧਰ, 31 ਦਸੰਬਰ| ਜਲੰਧਰ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਐਤਵਾਰ ਨੂੰ ਕਿਹਾ ਕਿ ਜ਼ਿਲ੍ਹਾ ਪੁਲਿਸ ਨਵੇਂ ਸਾਲ ਦੇ ਜਸ਼ਨਾਂ ਦੌਰਾਨ ਪੂਰੀ ਚੌਕਸੀ ਰੱਖੇਗੀ ਅਤੇ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਨਵੇਂ ਸਾਲ ਦਾ ਸੁਆਗਤ ਸ਼ਾਂਤਮਈ, ਉਤਸ਼ਾਹ ਅਤੇ ਬਿਨਾਂ ਕਿਸੇ ਡਰ ਤੋਂ ਕਰਨ ਨੂੰ ਯਕੀਨੀ ਬਣਾਉਣ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਮਿਸ਼ਨਰੇਟ ਪੁਲਿਸ ਹਰ ਕੀਮਤ ‘ਤੇ ਕਾਨੂੰਨ ਨੂੰ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਨਵੇਂ ਸਾਲ ਤੋਂ ਪਹਿਲਾਂ ਦੇ ਜਸ਼ਨਾਂ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਲੋਕ ਨਵੇਂ ਸਾਲ ਦਾ ਸਵਾਗਤ ਪੂਰੇ ਉਤਸ਼ਾਹ ਅਤੇ ਧੂਮਧਾਮ ਨਾਲ ਕਰ ਸਕਣ। ਸਵਪਨ ਸ਼ਰਮਾ ਨੇ ਦੱਸਿਆ ਕਿ ਅਧਿਕਾਰੀਆਂ/ਕਰਮਚਾਰੀਆਂ ਨੂੰ ਸਾਰੀਆਂ ਨਾਜ਼ੁਕ ਥਾਵਾਂ ’ਤੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ​​ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਪੁਲਿਸ ਕਮਿਸ਼ਨਰ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸ਼ਹਿਰ ਵਿੱਚ ਪਹਿਲਾਂ ਹੀ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਸਮਾਗਮ ਦੌਰਾਨ ਕਿਸੇ ਨੂੰ ਵੀ ਕਾਨੂੰਨ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਸਵਪਨ ਸ਼ਰਮਾ ਨੇ ਅਪਰਾਧ ਨੂੰ ਰੋਕਣ ਲਈ ਲੋਕਾਂ ਤੋਂ ਪੂਰਨ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਪੁਲਿਸ ਲੋਕਾਂ ਦੀ ਮਦਦ ਅਤੇ ਸਹਾਇਤਾ ਲਈ 24 ਘੰਟੇ ਤਤਪਰ ਹੈ ਅਤੇ ਕਮਿਸ਼ਨਰੇਟ ਪੁਲਿਸ ਪੰਜਾਬ ਪੁਲਿਸ ਦੀ ਸ਼ਾਨਦਾਰ ਪਰੰਪਰਾ ਨੂੰ ਕਾਇਮ ਰੱਖਦਿਆਂ ਆਪਣੀ ਡਿਊਟੀ ਬਹੁਤ ਜੋਸ਼ ਅਤੇ ਪੇਸ਼ੇਵਰ ਇਮਾਨਦਾਰੀ ਨਾਲ ਨਿਭਾਏਗੀ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਨਵੇਂ ਸਾਲ ਦੇ ਜਸ਼ਨਾਂ ਦੇ ਮੱਦੇਨਜ਼ਰ ਸਖ਼ਤ ਚੌਕਸੀ ਰੱਖਣ ਲਈ 600 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ ਹੈ। ਕਿਸੇ ਵੀ ਤਰ੍ਹਾਂ ਦੀ ਸਮਾਜ ਵਿਰੋਧੀ ਗਤੀਵਿਧੀ ਨੂੰ ਰੋਕਣ ਲਈ ਸ਼ਹਿਰ ਵਿੱਚ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ। ਸਵਪਨ ਸ਼ਰਮਾ ਨੇ ਅੱਗੇ ਦੱਸਿਆ ਕਿ ਸ਼ਹਿਰ ਵਿੱਚ 24 ਘੰਟੇ ਚੌਕਸੀ ਲਈ ਪੁਲਿਸ ਦੀਆਂ ਵੱਖ-ਵੱਖ ਗਸ਼ਤ ਪਾਰਟੀਆਂ ਤਾਇਨਾਤ ਕੀਤੀਆਂ ਗਈਆਂ ਹਨ।

ਪੁਲਿਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਸਮਾਗਮ ਦੌਰਾਨ ਸੀਨੀਅਰ ਅਧਿਕਾਰੀ ਨਿੱਜੀ ਤੌਰ ‘ਤੇ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦੀ ਨਿਗਰਾਨੀ ਕਰਨਗੇ।ਪੂਰੇ ਸ਼ਹਿਰ ਨੂੰ ਚਾਰ ਜ਼ੋਨਾਂ ਵਿੱਚ ਵੰਡਿਆ ਗਿਆ ਹੈ ਅਤੇ ਡਰਿੰਕ ਐਂਡ ਡਰਾਈਵ ਦੇ ਮਾਮਲਿਆਂ ਦੀ ਜਾਂਚ ਲਈ ਅਲਕੋਮੀਟਰ ਦੀ ਵਰਤੋਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮਾਡਲ ਟਾਊਨ ਮਾਰਕੀਟ ਅਤੇ ਪੀਪੀਆਰ ਮਾਰਕੀਟ ਨੂੰ ਪਹਿਲਾਂ ਹੀ ਨੋ ਵਹੀਕਲ ਜ਼ੋਨ ਐਲਾਨਿਆ ਜਾ ਚੁੱਕਾ ਹੈ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।