ਜਲੰਧਰ, 6 ਮਾਰਚ | ਵਧੀਕ ਡਿਪਟੀ ਕਮਿਸ਼ਨਰ ਅਮਿਤ ਮਹਾਜਨ ਵਲੋਂ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਜਾਗਰੂਕ ਕਰਨ ਲਈ ਵਿਆਪਕ ਜਾਗਰੂਕਤਾ ਮੁਹਿੰਮ ਚਲਾਉਣ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ ਤਾਂ ਜੋ ਆਉਂਦੀਆਂ ਲੋਕ ਸਭਾ ਚੋਣਾਂ ਦੌਰਾਨ 70 ਫੀਸਦੀ ਤੋਂ ਵੱਧ ਵੋਟਾਂ ਦੇ ਟੀਚੇ ਨੂੰ ਹਾਸਿਲ ਕੀਤਾ ਜਾ ਸਕੇ।
ਸਵੀਪ ਕੋਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਿਛਲੀਆਂ ਚੋਣਾਂ ਦੌਰਾਨ ਘੱਟ ਵੋਟ ਪ੍ਰਤੀਸ਼ਤ ਵਾਲੇ ਖੇਤਰਾਂ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇ ਤਾਂ ਜੋ ਅਜਿਹੇ ਖੇਤਰਾਂ ਦੇ ਵਾਸੀਆਂ ‘ਚ ਵੱਧ ਤੋਂ ਵੱਧ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਸਬੰਧੀ ਜਾਗਰੂਕਤਾ ਫੈਲਾਈ ਜਾ ਸਕੇ।
ਉਨ੍ਹਾਂ ਸਪਸ਼ਟ ਕਿਹਾ ਕਿ ਆਪਸੀ ਤਾਲਮੇਲ ਨਾਲ ਸੰਜੀਦਾ ਉਪਰਾਲਿਆਂ ਸਦਕਾ ਹੀ ਜ਼ਿਲੇ ‘ਚ 70 ਫੀਸਦੀ ਵੋਟ ਪ੍ਰਤੀਸ਼ਤ ਦੇ ਟੀਚੇ ਨੂੰ ਹਾਸਿਲ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਾਰੇ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਹੋਰਨਾਂ ਵਿਭਾਗਾਂ ਨੂੰ ਆਪਣੇ-ਆਪਣੇ ਖੇਤਰਾਂ ‘ਚ ਵੋਟਰਾਂ ਖਾਸ ਕਰ ਕੇ ਨੌਜਵਾਨਾਂ ਵੋਟਰਾਂ ਨੂੰ ਸ਼ਾਮਿਲ ਕਰ ਕੇ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾਣ।
ਉਨ੍ਹਾਂ ਕਿਹਾ ਕਿ ਚੋਣਾਂ ਸਬੰਧੀ ਲੜੀਵਾਰ ਗਤੀਵਿਧੀਆਂ ਕਰਵਾਈਆਂ ਜਾਣ ਤਾਂ ਜੋ ਵੱਧ ਤੋਂ ਵੱਧ ਵੋਟਰਾਂ ਨੂੰ ਵੋਟ ਦੀ ਤਾਕਤ ਬਾਰੇ ਜਾਗਰੂਕ ਕੀਤਾ ਜਾ ਸਕੇ। ਇਸ ਮੌਕੇ ਉਨ੍ਹਾਂ ਵਲੋਂ ਸਬੰਧਤ ਅਧਿਕਾਰੀਆਂ ਨੂੰ ਸਾਰੇ ਕੰਮ ਸਮੇਂ ਸਿਰ ਮੁਕੰਮਲ ਕਰਨ ਦੀਆਂ ਹਦਾਇਤਾਂ ਕਰਨ ਤੋਂ ਇਲਾਵਾ ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਨਿਸ਼ਾਨਦੇਹੀ ਸਬੰਧੀ ਅਪਣਾਈ ਜਾਣ ਵਾਲੀ ਪ੍ਰਕਿਰਿਆ ਦਾ ਵੀ ਜਾਇਜ਼ਾ ਲਿਆ ਗਿਆ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਆਪਣੇ-ਆਪਣੇ ਅਧਿਕਾਰ ਖੇਤਰ ‘ਚ ਸੁਰੱਖਿਆ ਕਰਮੀਆਂ ਦੇ ਠਹਿਰਾਓ ਦੇ ਸੁਚੱਜੇ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇ।