ਸਿੰਘੂ ਬਾਰਡਰ ‘ਤੇ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਨਿਹੰਗ ਦਲ ਦੇ ਮੁਖੀ ਦੀਆਂ ਭਾਜਪਾ ਆਗੂਆਂ ਨਾਲ ਤਸਵੀਰਾਂ ਨੇ ਖੜ੍ਹੇ ਕੀਤੇ ਗੰਭੀਰ ਸਵਾਲ

0
931

ਚੰਡੀਗੜ੍ਹ | ਸਿੰਘੂ ਬਾਰਡਰ ’ਤੇ ਲਖਬੀਰ ਸਿੰਘ ਨਾਂ ਦੇ ਵਿਅਕਤੀ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਨਿਹੰਗ ਦਲ ਦੇ ਮੁਖੀ ਨਿਹੰਗ ਬਾਬਾ ਅਮਨ ਸਿੰਘ ਦੀਆਂ ਤਸਵੀਰਾਂ ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ ਤੇ ਹੋਰ ਭਾਜਪਾ ਆਗੂਆਂ ਨਾਲ ਵਾਇਰਲ ਹੋ ਗਈਆਂ ਹਨ।

ਇਸ ਦੌਰਾਨ ਉਨ੍ਹਾਂ ਨਾਲ ਪੁਲਿਸ ਅਧਿਕਾਰੀ ਗੁਰਮੀਤ ਸਿੰਘ ਪਿੰਕੀ ਵੀ ਮੌਜੂਦ ਹਨ। ਹਾਲਾਂਕਿ ਇਹ ਤਸਵੀਰ ਜੁਲਾਈ ਮਹੀਨੇ ਦੀ ਦੱਸੀ ਜਾ ਰਹੀ ਹੈ ਪਰ ਜਿਵੇਂ ਹੀ ਇਹ ਵਾਇਰਲ ਹੋਈ, ਵਿਵਾਦ ਵਧ ਗਿਆ।

ਇਨ੍ਹਾਂ ਤਿੰਨਾਂ ਫੋਟੋਆਂ ‘ਚ ਬਾਬਾ ਅਮਨ ਸਿੰਘ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ, ਸੁਖਮਿੰਦਰਪਾਲ ਸਿੰਘ ਗਰੇਵਾਲ ਤੇ ਹੋਰ ਭਾਜਪਾ ਨੇਤਾਵਾਂ ਨਾਲ ਦਿਖਾਈ ਦੇ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਫੋਟੋਆਂ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਰਾਜ ਮੰਤਰੀ ਕੈਲਾਸ਼ ਚੌਧਰੀ ਦੇ ਘਰ ਲਈਆਂ ਗਈਆਂ ਸਨ।

ਫੋਟੋਆਂ ਸਾਹਮਣੇ ਆਉਣ ਤੋਂ ਬਾਅਦ ਨਿਹੰਗ ਸਿੰਘਾਂ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ ਕਿਉਂਕਿ ਪਹਿਲਾਂ ਹੀ ਸੰਯੁਕਤ ਕਿਸਾਨ ਮੋਰਚਾ ਸਮੇਤ ਕਈ ਹੋਰ ਪਾਰਟੀਆਂ ਉਨ੍ਹਾਂ ਦਾ ਵਿਰੋਧ ਕਰ ਰਹੀਆਂ ਸਨ।

ਦੱਸ ਦੇਈਏ ਕਿ ਤਰਨਤਾਰਨ ਦਾ ਰਹਿਣ ਵਾਲਾ ਲਖਬੀਰ ਸਿੰਘ ਨਾਂ ਦਾ ਵਿਅਕਤੀ, ਜੋ ਸਿੰਘੂ ਬਾਰਡਰ ‘ਤੇ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਣ ਆਇਆ ਸੀ, ਦਾ ਸ਼ੁੱਕਰਵਾਰ ਸਵੇਰੇ ਕਿਸਾਨ ਅੰਦੋਲਨ ਵਿੱਚ ਮੌਜੂਦ ਨਿਹੰਗਾਂ ਨੇ ਤਲਵਾਰ ਨਾਲ ਲੱਤਾਂ-ਬਾਹਾਂ ਵੱਢ ਕੇ ਕਤਲ ਕਰ ਦਿੱਤਾ। ਉਨ੍ਹਾਂ ਦੋਸ਼ ਲਾਇਆ ਕਿ ਉਹ ਗੁਰਬਾਣੀ ਜੀ ਦੀ ਬੇਅਦਬੀ ਕਰ ਰਿਹਾ ਸੀ, ਇਸ ਲਈ ਉਸ ਨੂੰ ਮੌਕੇ ‘ਤੇ ਸਜ਼ਾ ਦਿੱਤੀ ਗਈ ਹੈ।