ਬਠਿੰਡਾ ‘ਚ ਪੁਲਿਸ ਨੇ ਕਿਸਾਨ ਕੀਤੇ ਗ੍ਰਿਫਤਾਰ, ਖਨੌਰੀ ਬਾਰਡਰ ਵੱਲ ਜਾਣ ਤੋਂ ਰੋਕਿਆ

0
507

ਬਠਿੰਡਾ, 26 ਨਵੰਬਰ | ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਹਿਰਾਸਤ ਵਿਚ ਲਏ ਜਾਣ ਤੋਂ ਬਾਅਦ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਖਨੌਰੀ ਸਰਹੱਦ ਵੱਲ ਰੁਖ਼ ਕਰ ਲਿਆ। ਬਠਿੰਡਾ ਪੁਲਿਸ ਨੇ ਚੰਡੀਗੜ੍ਹ ਨੈਸ਼ਨਲ ਹਾਈਵੇ ਪਿੰਡ ਜੇਠੂਕੇ ’ਤੇ ਨਾਕਾਬੰਦੀ ਕਰ ਕੇ ਕਿਸਾਨਾਂ ਨੂੰ ਹਿਰਾਸਤ ਵਿਚ ਲੈ ਲਿਆ।

ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਵੱਲੋਂ ਹਿਰਾਸਤ ਵਿਚ ਲੈ ਕੇ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿਚ ਦਾਖ਼ਲ ਕਰਵਾਉਣ ਤੋਂ ਬਾਅਦ ਵੱਖ-ਵੱਖ ਜ਼ਿਲ੍ਹਿਆਂ ਦੇ ਪਿੰਡਾਂ ਵਿਚੋਂ ਵੱਡੀ ਗਿਣਤੀ ਵਿਚ ਕਿਸਾਨ ਖਨੌਰੀ ਸਰਹੱਦ ਵੱਲ ਜਾ ਰਹੇ ਹਨ।

ਬਠਿੰਡਾ ਦੇ ਪਿੰਡਾਂ ਤੋਂ ਜਾ ਰਹੇ ਇਨ੍ਹਾਂ ਕਿਸਾਨਾਂ ਨੂੰ ਪੁਲਿਸ ਨੇ ਬਠਿੰਡਾ-ਚੰਡੀਗੜ੍ਹ ਕੌਮੀ ਮਾਰਗ ’ਤੇ ਪੈਂਦੇ ਪਿੰਡ ਜੇਠੂਕੇ ਵਿਖੇ ਬੈਰੀਕੇਡ ਲਾ ਕੇ ਰੋਕ ਲਿਆ, ਜਿਸ ਤੋਂ ਬਾਅਦ ਜਦੋਂ ਕਿਸਾਨਾਂ ਨੇ ਸੜਕ ਜਾਮ ਕਰਨ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿਚ ਲੈ ਲਿਆ।

ਦੱਸ ਦੇਈਏ ਕਿ ਡੱਲੇਵਾਲ ਅੱਜ ਸਵੇਰ ਤੋਂ ਹੀ ਮਰਨ ਵਰਤ ਸ਼ੁਰੂ ਕਰਨ ਵਾਲੇ ਸਨ। ਉਸ ਨੂੰ ਖਨੌਰੀ ਸਰਹੱਦ ਤੋਂ ਹਿਰਾਸਤ ਵਿਚ ਲੈ ਕੇ ਡੀਐਮਸੀ ਲੁਧਿਆਣਾ ਵਿਚ ਦਾਖ਼ਲ ਕਰਵਾਇਆ ਗਿਆ, ਜਿਸ ਤੋਂ ਬਾਅਦ ਕਿਸਾਨਾਂ ਵੱਲੋਂ ਭਾਰੀ ਰੋਸ ਪ੍ਰਦਰਸ਼ਨ ਕੀਤਾ ਗਿਆ। ਖਨੌਰੀ ਵੱਲ ਵਧ ਰਹੇ ਕਿਸਾਨਾਂ ਨੂੰ ਬਠਿੰਡਾ ਪੁਲਿਸ ਨੇ ਬਰਨਾਲਾ ਜ਼ਿਲੇ ਦੀ ਹੱਦ ’ਤੇ ਬੈਰੀਕੇਡ ਲਾ ਕੇ ਰੋਕ ਲਿਆ।

ਜਦੋਂ ਕਿਸਾਨਾਂ ਨੇ ਸੜਕ ਜਾਮ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ। ਇਸ ਮੌਕੇ ਧਰਨਾਕਾਰੀ ਕਿਸਾਨਾਂ ਨੇ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਸਰਕਾਰ ਨੇ ਸੂਬਾ ਪ੍ਰਧਾਨ ਨੂੰ ਨਜ਼ਰਬੰਦ ਕੀਤਾ ਹੋਇਆ ਹੈ। ਇਸ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਸਰਕਾਰ ਦੀ ਇਸ ਗਲਤ ਮਨਸ਼ਾ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ। ਜਦੋਂ ਤੱਕ ਸਾਡੀਆਂ ਮੰਗਾਂ ਕੇਂਦਰ ਸਰਕਾਰ ਵੱਲੋਂ ਲਾਗੂ ਨਹੀਂ ਕੀਤੀਆਂ ਜਾਂਦੀਆਂ, ਸਾਡੇ ਵੱਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)