ਚੰਡੀਗੜ੍ਹ | ਪੰਜਾਬ ‘ਚ ਅਮਨ ਕਾਨੂੰਨ ਦੀ ਸਥਿਤੀ ਨੂੰ ਸੁਧਾਰਨ ਲਈ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਸ਼ਨੀਵਾਰ ਦੇਰ ਸ਼ਾਮ ਪੁਲਸ ਦੀ ਚੈਕਿੰਗ 3 ਘੰਟੇ ਤੱਕ ਚੱਲੀ। 10,000 ਪੁਲਿਸ ਮੁਲਾਜ਼ਮਾਂ ਨੇ ਸੂਬੇ ਭਰ ਵਿੱਚ 800 ਨਾਕੇ ਲਗਾਏ ਹਨ।

ਡੀਜੀਪੀ ਗੌਰਵ ਯਾਦਵ ਆਪ ਵੀ ਮੈਦਾਨ ਵਿੱਚ ਉਤਰੇ। ਡੀਜੀਪੀ ਗੌਰਵ ਯਾਦਵ ਨੇ ਅਪਰਾਧੀਆਂ ਨੂੰ ਚੇਤਾਵਨੀ ਦਿੱਤੀ ਕਿ ਉਹ ਅਪਰਾਧੀ ਸੂਬਾ ਛੱਡ ਜਾਣ ਨਹੀਂ ਤਾਂ ਅਸੀਂ ਨਹੀਂ ਛੱਡਾਂਗੇ।

ਪੰਜਾਬ ਵਿੱਚ ਇਸ ਸਮੇਂ ਦੌਰਾਨ ਲਗਾਏ ਗਏ 800 ਨਾਕਿਆਂ ਵਿੱਚੋਂ 56 ਅੰਤਰਰਾਜੀ ਨਾਕੇ ਲਗਾਏ ਗਏ ਹਨ। ਜਿਸ ਵਿੱਚ ਚੰਡੀਗੜ੍ਹ ਤੋਂ ਇਲਾਵਾ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਰਾਜਸਥਾਨ, ਉੱਤਰ ਪ੍ਰਦੇਸ਼ ਦੇ ਨਾਲ ਲੱਗਦੇ ਚੰਡੀਗੜ੍ਹ ਤੋਂ ਆਉਣ-ਜਾਣ ਵਾਲੇ ਲੋਕਾਂ ਦੀ ਜਾਂਚ ਕੀਤੀ ਗਈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਵਿੱਚੋਂ ਨਸ਼ਿਆਂ ਅਤੇ ਗੈਂਗਸਟਰਾਂ ਦੇ ਖਾਤਮੇ ਤੱਕ ਅਜਿਹੀ ਮੁਹਿੰਮ ਜਾਰੀ ਰਹੇਗੀ। ਡੀਜੀਪੀ ਨੇ ਕਿਹਾ ਕਿ ਇਹ ਬੇਸਿਕ ਪੁਲਿਸਿੰਗ ਦਾ ਹਿੱਸਾ ਹੈ।

ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਮਾੜੀ ਕਾਨੂੰਨ ਵਿਵਸਥਾ ਨਾਲ ਜੂਝ ਰਹੀ ਹੈ। ਉਨ੍ਹਾਂ ਦੀ ਸਰਕਾਰ ਦੌਰਾਨ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਹੈੱਡਕੁਆਰਟਰ ‘ਤੇ ਰਾਕੇਟ ਹਮਲਾ ਹੋਇਆ ਹੈ ਤੇ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੇ ਬਹੁਤ ਸਵਾਲ ਖੜ੍ਹੇ ਕੀਤੇ ਹਨ।