ਰਾਜ਼ੀਨਾਮਾ ਕਰਵਾਉਣ ਬਦਲੇ 10 ਹਜ਼ਾਰ ਦੀ ਰਿਸ਼ਵਤ ਲੈਂਦਾ ਥਾਣੇਦਾਰ ਗ੍ਰਿਫਤਾਰ

0
488

ਚੰਡੀਗੜ੍ਹ | ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਵਿੱਢੀ ਮੁਹਿੰਮ ਦੌਰਾਨ ਇੱਕ ਸਬ-ਇੰਸਪੈਕਟਰ (ਐਸ.ਆਈ.) ਜਰਨੈਲ ਸਿੰਘ, ਇੰਚਾਰਜ ਪੁਲਿਸ ਚੌਕੀ, ਮੁੱਦਕੀ, ਜ਼ਿਲ੍ਹਾ ਫਿਰੋਜ਼ਪੁਰ ਨੂੰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਕਰਮਚਾਰੀ ਦੇ ਖਿਲਾਫ ਭ੍ਰਿਸ਼ਟਾਚਾਰ ਦਾ ਇਹ ਮੁਕੱਦਮਾ ਪਿੰਡ ਪੱਕਾ ਜ਼ਿਲ੍ਹਾ ਫ਼ਰੀਦਕੋਟ ਦੇ ਰਹਿਣ ਵਾਲੇ ਸੇਵਕ ਸਿੰਘ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ | ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਪਰੋਕਤ ਥਾਣੇਦਾਰ ਨੇ ਇੱਕ ਪੁਲਿਸ ਸ਼ਿਕਾਇਤ ਦੇ ਮਾਮਲੇ ਵਿੱਚ ਦੋ ਧਿਰਾਂ ਵਿਚਾਲੇ ਸਮਝੌਤਾ ਕਰਵਾਉਣ ਲਈ 30 ਹਜ਼ਾਰ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ, ਜਿਸ ਵਿੱਚ ਉਸਦਾ ਲੜਕਾ ਵੀ ਸ਼ਾਮਲ ਸੀ।

ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਇਸ ਸਬੰਧ ਵਿਚ ਸੌਦਾ 28 ਹਜ਼ਾਰ ਰੁਪਏ ਵਿਚ ਹੋਇਆ ਅਤੇ ਦੋਸ਼ੀ ਨੇ ਸਮਝੌਤੇ ਦੀ ਕਾਪੀ ਦੇਣ ਲਈ ਮੌਕੇ ‘ਤੇ ਹੀ 8 ਹਜ਼ਾਰ ਰੁਪਏ ਲੈ ਲਏ। ਸ਼ਿਕਾਇਤਕਰਤਾ ਨੇ ਥਾਣੇਦਾਰ ਨੂੰ ਇਹ ਪੈਸੇ ਸੌਂਪਦੇ ਸਮੇਂ ਸਬੂਤ ਵਜੋਂ ਆਪਣੇ ਫੋਨ ‘ਤੇ ਹੋਈ ਸਾਰੀ ਗੱਲਬਾਤ ਨੂੰ ਰੀਕਾਰਡ ਕਰ ਲਿਆ।

ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਮੁੱਢਲੀ ਜਾਂਚ ਕਰਕੇ ਇੱਕ ਜਾਲ ਵਿਛਾਇਆ ਹੈ ਜਿਸ ਵਿੱਚ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਤੋਂ ਦੂਜੀ ਕਿਸ਼ਤ ਵਜੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਐਸਆਈ ਜਰਨੈਲ ਸਿੰਘ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।