ਚੰਡੀਗੜ੍ਹ | ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਪੀ.ਐੱਸ.ਪੀ.ਸੀ.ਐੱਲ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ‘ਤੇ ਤੁਰੰਤ ਕਾਰਵਾਈ ਕਰਦਿਆਂ ਵਿਭਾਗ ਨੂੰ ਮੁਲਾਜ਼ਮਾਂ ਦੀਆਂ ਤਨਖਾਹਾਂ ‘ਚੋਂ ਵਸੂਲੀ ਨੂੰ ਰੋਕਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਜਲਦ ਤੋਂ ਜਲਦ ਹੱਲ ਕਰਨ ਲਈ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਸੀ.ਆਰ.ਏ. 293/19, 294/19, 295/19 ਅਤੇ 296/19 ਦੇ ਤਹਿਤ ਜੁਲਾਈ 17,2020 ਤੋਂ ਬਾਅਦ ਭਰਤੀ/ਨਿਯੁਕਤ ਕਰਮਚਾਰੀਆਂ ਦੀਆਂ ਤਨਖਾਹਾਂ ਦਾ ਮੁੱਦਾ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੇ ਜਾਣ ਤੋਂ ਬਾਅਦ ਉਨ੍ਹਾਂ ਨੇ ਵਿਭਾਗ ਨੂੰ ਮੁਲਾਜ਼ਮਾਂ ਦੀਆਂ ਤਨਖਾਹਾਂ ‘ਚੋਂ ਰਿਕਵਰੀ ਨੂੰ ਰੋਕਣ ਦੇ ਨਿਰਦੇਸ਼ ਜਾਰੀ ਕੀਤੇ।
ਉਕਤ ਸੀ.ਆਰ.ਏ. ਅਧੀਨ 17.7.2020 ਤੋਂ ਬਾਅਦ ਭਰਤੀ/ਨਿਯੁਕਤ ਕਰਮਚਾਰੀਆਂ ਦੀਆਂ ਤਨਖ਼ਾਹਾਂ ਨਾਲ ਸਬੰਧਤ ਮੁੱਦਿਆਂ ਬਾਰੇ ਪੰਜਾਬ ਸਰਕਾਰ ਤੋਂ ਲੋੜੀਂਦੇ ਨਿਰਦੇਸ਼ ਪ੍ਰਾਪਤ ਹੋਣ ਤੱਕ, ਫਿਲਹਾਲ ਉਨ੍ਹਾਂ ਦੀਆਂ ਤਨਖ਼ਾਹਾਂ ‘ਚੋਂ ਵਸੂਲੀ ਨੂੰ ਰੋਕਣ ਦੇ ਨਿਰਦੇਸ਼ ਦਿੱਤੇ ਗਏ ਹਨ ਜੋ ਪਹਿਲਾਂ 7ਵੇਂ ਤਨਖ਼ਾਹ ਕਮਿਸ਼ਨ ਦੇ ਅਨੁਸਾਰ ਘੱਟੋ-ਘੱਟ ਯੋਗ ਤਨਖਾਹ ਪ੍ਰਾਪਤ ਕਰ ਰਹੇ ਸਨ ਪਰ ਮੀਮੋ ਨੰਬਰ 14475/15175 ਮਿਤੀ 24.05.2022 ਰਾਹੀਂ ਜਾਰੀ ਹਦਾਇਤਾਂ ਤੋਂ ਬਾਅਦ ਉਨ੍ਹਾਂ ਨੂੰ ਘੱਟੋ-ਘੱਟ ਪੇ-ਬੈਂਡ/ਡੀਸੀ ਰੇਟ ਮਿਲ ਰਿਹਾ ਹੈ।