ਫਿਰੋਜ਼ਪੁਰ, 11 ਅਕਤੂਬਰ | ਜ਼ਿਲਾ ਮੈਜਿਸਟਰੇਟ ਫਿਰੋਜ਼ਪੁਰ ਰਾਜੇਸ਼ ਧੀਮਾਨ ਆਈ.ਏ.ਐਸ. ਵੱਲੋਂ ਫਿਰੋਜ਼ਪੁਰ ‘ਚ ਮੂੰਹ ਢੱਕ ਕੇ ਚੱਲਣ ‘ਤੇ ਰੋਕ ਲਗਾ ਦਿੱਤੀ ਗਈ ਹੈ। ਇਹ ਹੁਕਮ 30 ਨਵੰਬਰ ਤੱਕ ਲਾਗੂ ਰਹਿਣਗੇ। ਜ਼ਿਲਾ ਫਿਰੋਜ਼ਪੁਰ ਦੀ ਹਦੂਦ ਅੰਦਰ ਆਮ ਨਾਗਰਿਕਾਂ ਨੂੰ ਵ੍ਹੀਕਲ ਡਰਾਈਵ ਕਰਦੇ ਸਮੇਂ ਅਤੇ ਸੜਕ ਉਤੇ ਪੈਦਲ ਚਲਦੇ ਸਮੇਂ ਚਿਹਰਾ ਢੱਕ ਕੇ ਚੱਲਣ ‘ਤੇ ਪਾਬੰਦੀ ਲਗਾਈ ਗਈ ਹੈ।
ਜ਼ਿਲਾ ਮੈਜਿਸਟਰੇਟ ਨੇ ਦੱਸਿਆ ਕਿ ਸੀਨੀਅਰ ਕਪਤਾਨ ਪੁਲਿਸ ਫਿਰੋਜ਼ਪੁਰ ਵੱਲੋਂ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਗਿਆ ਹੈ ਕਿ ਜ਼ਿਲੇ ਵਿਚ ਆਮ ਲੋਕ ਵਾਹਨ ਚਲਾਉਂਦੇ ਸਮੇਂ ਜਾਂ ਪੈਦਲ ਚਲਦੇ ਸਮੇਂ ਆਪਣਾ ਮੂੰਹ ਕੱਪੜੇ ਨਾਲ ਬੰਨ੍ਹ ਲੈਂਦੇ ਹਨ, ਜਿਸ ਕਰਕੇ ਉਨ੍ਹਾਂ ਦੀ ਪਛਾਣ ਕਰਨ ਵਿਚ ਮੁਸ਼ਕਿਲ ਹੋ ਜਾਂਦੀ ਹੈ।
ਇੱਥੇ ਇਹ ਵੀ ਦੱਸਣਯੋਗ ਹੈ ਕਿ ਇਸ ਤਰ੍ਹਾਂ ਚਿਹਰਾ ਢੱਕਣ ਨਾਲ ਸਮਾਜ-ਵਿਰੋਧੀ ਸ਼ਰਾਰਤੀ ਅਨਸਰਾਂ ਵੱਲੋਂ ਕਿਸੇ ਵੀ ਸੰਗੀਨ ਵਾਰਦਾਤ ਨੂੰ ਅੰਜਾਮ ਦੇ ਕੇ ਪੁਲਿਸ ਤੋਂ ਬਚਿਆ ਜਾ ਸਕਦਾ ਹੈ। ਇਸ ਲਈ ਮੂੰਹ ਢੱਕ ਕੇ ਵਾਹਨ ਚਲਾਉਣ ਅਤੇ ਮੂੰਹ ਢੱਕ ਕੇ ਪੈਦਲ ਚੱਲਣ ਉਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਇਹ ਪਾਬੰਦੀ ਉਨ੍ਹਾਂ ਵਿਅਕਤੀਆਂ ‘ਤੇ ਲਾਗੂ ਨਹੀਂ ਹੋਵੇਗੀ, ਜਿਨ੍ਹਾਂ ਨੇ ਕਿਸੇ ਬੀਮਾਰੀ ਜਾਂ ਐਲਰਜੀ ਦੀ ਵਜ੍ਹਾ ਕਾਰਨ ਮੈਡੀਕਲ ਸੁਪਰਵਿਜ਼ਨ ਦੇ ਹੇਠਾਂ ਮਾਸਕ ਜਾਂ ਕੋਈ ਹੋਰ ਚੀਜ਼ ਪਹਿਨੀ ਹੋਵੇਗੀ। ਇਹ ਹੁਕਮ 30 ਨਵੰਬਰ 2023 ਤੱਕ ਲਾਗੂ ਰਹਿਣਗੇ।