• ਪੰਜਾਬ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਤਹਿਤ 125 ਕਰੋੜ ਦੇ ਵਿਕਾਸ ਕਾਰਜਾਂ ਲਈ ਟੈਂਡਰ ਮੰਗੇ- ਡਿਪਟੀ ਕਮਿਸ਼ਨਰ
  • ਡਿਪਟੀ ਕਮਿਸ਼ਨਰ ਵਲੋਂ ਪੰਜਾਬ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਅਤੇ ਸਮਾਰਟ ਵਿਲੇਜ ਮੁਹਿੰਮ ਦਾ ਜਾਇਜ਼ਾ

ਜਲੰਧਰ . ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਜ਼ਿਲ੍ਹੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ 125 ਕਰੋੜ ਰੁਪਏ ਦੇ ਵਿਕਾਸ ਕਾਰਜ ਜਲਦ ਸ਼ੁਰੂ ਕੀਤੇ ਜਾ ਰਹੇ ਹਨ ਕਿਉਂਕਿ ਦੂਜੇ ਪੜਾਅ ਤਹਿਤ ਪੰਜਾਬ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਅਧੀਨ ਟੈਂਡਰ ਜਾਰੀ ਕੀਤੇ ਜਾ ਚੁੱਕੇ ਹਨ।

ਉਨ੍ਹਾਂ ਕਿਹਾ ਕਿ ‘ਮਿਸ਼ਨ ਫ਼ਤਿਹ’ ਤਹਿਤ ਸਮਾਰਟ ਵਿਲੇਜ ਮੁਹਿੰਮ ਅਧੀਨ ਦੂਜੇ ਪੜ੍ਹਾਅ ਦੌਰਾਨ 150 ਕਰੋੜ ਰੁਪਏ ਤੋਂ ਜ਼ਿਆਦਾ ਦੇ ਵਿਕਾਸ ਕਾਰਜਾਂ ਨਾਲ ਜ਼ਿਲ੍ਹੇ ਦੇ 961 ਪਿੰਡਾਂ ਨੂੰ ਨਵੀਂ ਦਿੱਖ ਪ੍ਰਦਾਨ ਕਰਨ ਲਈ ਵਿਕਾਸ ਕਾਰਜ ਜਲਦ ਸ਼ੁਰੂ ਕੀਤੇ ਜਾ ਰਹੇ ਹਨ। ਕੋਵਿਡ-19 ਮਹਾਂਮਾਰੀ ਦੌਰਾਨ ਸੂਬੇ ਨੂੰ ਮੁੜ ਲੀਹਾਂ ‘ਤੇ ਲਿਆਉਣ ਲਈ ‘ਮਿਸ਼ਨ ਫ਼ਤਿਹ’ ਦੇ ਹਿੱਸੇ ਵਜੋਂ ਪੰਜਾਬ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਅਤੇ ਸਮਾਰਟ ਵਿਲੇਜ ਮੁਹਿੰਮ ਅਧੀਨ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਸਬੰਧੀ ਵਿਚਾਰ ਵਟਾਂਦਰਾ ਕਰਨ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦੂਜੇ ਪੜਾਅ ਤਹਿਤ ਪੰਜਾਬ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਅਧੀਨ 125 ਕਰੋੜ ਦੇ ਵਿਕਾਸ ਕਾਰਜਾਂ ਦੇ ਟੈਂਡਰ ਜਿਸ ਵਿੱਚ 90 ਕਰੋੜ ਨਗਰ ਨਿਗਮ ਅਤੇ 35 ਕਰੋੜ ਰੁਪਏ ਦੇ ਮਿਊਂਸੀਪਲ ਕਮੇਟੀਆਂ ਦੇ ਵਿਕਾਸ ਕਾਰਜ ਸ਼ਾਮਿਲ ਹਨ।          

ਥੋਰੀ ਨੇ ਉਪ ਮੰਡਲ ਮੈਜਿਸਟਰੇਟਾਂ ਨੂੰ ਕਿਹਾ ਕਿ ਇਨਾਂ ਸਕੀਮਾਂ ਅਧੀਨ ਕੀਤੇ ਜਾਣ ਵਾਲੇ ਕੰਮਾਂ ਨੂੰ ਜਲਦੀ ਸ਼ੁਰੂ ਕਰਕੇ ਨਿਰਧਾਰਿਤ ਸਮੇਂ ਵਿੱਚ ਮੁਕੰਮਲ ਕਰਨ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਹੁਲਾਰਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਇਨਾਂ ਫ਼ੰਡਾਂ ਨਾਲ ਜ਼ਿਲ੍ਹੇ ਦੇ ਸ਼ਹਿਰੀ ਖੇਤਰਾਂ ਨੂੰ ਵਿਕਾਸ ਪਖੋਂ ਨਵੀਂ ਦਿੱਖ ਪ੍ਰਦਾਨ ਕੀਤੀ ਜਾਵੇਗੀ।

ਥੋਰੀ ਨੇ ਕਿਹਾ ਕਿ ਇਨ੍ਹਾਂ ਸਕੀਮਾਂ ਦਾ ਮੁੱਖ ਮੰਤਵ ਸ਼ਹਿਰੀ ਖੇਤਰਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਹੈ । ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨਾਂ ਸਕੀਮਾਂ ਅਧੀਨ ਚੱਲ ਰਹੇ ਵਿਕਾਸ ਕਾਰਜਾਂ ਨੂੰ ਨਿਰਧਾਰਿਤ ਸਮੇਂ ਵਿੱਚ ਮੁਕੰਮਲ ਕਰਨ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਕਾਸ ਪ੍ਰੋਜੈਕਟਾਂ ਦੇ ਮੁਕੰਮਲ ਹੋਣ ਵਿੱਚ ਕਿਸੇ ਤਰ੍ਹਾਂ ਦੀ ਦੇਰੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਮਾਰਟ ਵਿਲੇਜ ਮੁਹਿੰਮ ਤਹਿਤ ਸ਼ੁਰੂ ਕੀਤੇ ਗਏ ਸਾਰੇ ਕੰਮਾਂ ਨੂੰ ਜਲਦ ਮੁਕੰਮਲ ਕੀਤਾ ਜਾਵੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਉਪ ਮੰਡਲ ਮੈਜਿਸਟਰੇਟ ਰਾਹੁਲ ਸਿੰਧੂ, ਗੌਤਮ ਜੈਨ, ਜੈ ਇੰਦਰ ਸਿੰਘ, ਵਿਨੀਤ ਕੁਮਾਰ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਇਕਬਾਲਜੀਤ ਸਿੰਘ ਅਤੇ ਹੋਰ ਵੀ ਹਾਜ਼ਰ ਸਨ।