ਅੰਮ੍ਰਿਤਸਰ। ਦਿਹਾਤੀ ਪੁਲਸ ਵੱਲੋਂ ਕੀਤੀ ਗਈ ਪ੍ਰੈੱਸ ਕਾਨਫ਼ਰੰਸ ਵਿੱਚ ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡੀਜੀਪੀ ਪੰਜਾਬ ਪੁਲਿਸ ਅਤੇ ਦਿਹਾਤੀ ਪੁਲਿਸ ਐੱਸਐੱਸਪੀ ਵੱਲੋਂ ਮਾੜੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਦਿਹਾਤੀ ਪੁਲਿਸ ਨੂੰ ਬਹੁਤ ਵੱਡੀ ਕਾਮਯਾਬੀ ਹੱਥ ਲੱਗੀ ਹੈ। ਉਨ੍ਹਾਂ ਦੱਸਿਆ ਕਿ ਥਾਣਾ ਮਹਿਤਾ ਦੀ ਪੁਲਸ ਨੂੰ ਸਭ ਤੋਂ ਵੱਡੀ ਕਾਮਯਾਬੀ ਹਾਸਲ ਹੋਈ ਹੈ ਜਿਸ ਵਿਚ ਉਨ੍ਹਾਂ ਇਕ ਨਾਮੀ ਗੈਂਗਸਟਰ ਮਲਕੀਤ ਸਿੰਘ ਉਰਫ ਨਵਾਬ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਕੋਲੋਂ ਨਾਜਾਇਜ਼ ਹਥਿਆਰ ਅਤੇ ਗੋਲੀ ਸਿੱਕਾ ਵੀ ਬਰਾਮਦ ਕੀਤਾ ਗਿਆ ਹੈ
ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਖਿਲਾਫ 35 ਦੇ ਕਰੀਬ ਕੇਸ ਦਰਜ ਕੀਤੇ ਗਏ ਹਨ, ਜਿਸ ਵਿੱਚ 46 ਦੇ ਕਰੀਬ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫਤਾਰ ਦੋਸ਼ੀਆਂ ਕੋਲੋਂ 236 ਗ੍ਰਾਮ ਹੈਰੋਇਨ ਅਤੇ 9484 ਨਸ਼ੀਲੀ ਗੋਲੀਆਂ ਅਤੇ ਕੈਪਸੂਲ ਬਰਾਮਦ ਕੀਤੇ ਗਏ ਹਨ। ਸ਼ਰਾਬ ਦੀ ਸਮੱਗਲਿੰਗ ਰੋਕਣ ਲਈ 16 ਦੇ ਕਰੀਬ ਕੇਸ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿਚ ਸੱਤ ਦੇ ਕਰੀਬ ਦੋਸ਼ੀਆਂ ਨੂੰ ਕਾਬੂ ਕੀਤਾ ਗਿਆ ਹੈ।
ਕਾਬੂ ਦੋਸ਼ੀਆਂ ਕੋਲੋਂ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ । ਪੁਲਿਸ ਅਧਿਕਾਰੀ ਸ਼ੁਭਮ ਅਗਰਵਾਲ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੁੱਟਾਂ ਖੋਹਾਂ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਜਿਹੜੀ ਦਿਹਾਤੀ ਮੁਹਿੰਮ ਚਲਾਈ ਗਈ ਹੈ, ਉਸ ਤੇ ਕਾਰਵਾਈ ਕਰਦੇ ਹੋਏ 5 ਦੇ ਕਰੀਬ ਮੁਕੱਦਮੇ ਦਰਜ ਕਰਕੇ ਪੰਜ ਦੋਸ਼ੀਆਂ ਨੂੰ ਕਾਬੂ ਕੀਤਾ ਗਿਆ ਹੈ, ਜਿਨ੍ਹਾਂ ਕੋਲੋਂ ਕਾਫੀ ਮਾਤਰਾ ਵਿੱਚ ਹਥਿਆਰ ਤੇ ਗੋਲੀ ਸਿੱਕਾ ਬਰਾਮਦ ਕੀਤਾ ਗਿਆ ਹੈ।
ਪੁਲਸ ਅਧਿਕਾਰੀ ਨੇ ਕਿਹਾ ਪਬਲਿਕ ਨੂੰ ਪੁਲਸ ਦਾ ਸਹਿਯੋਗ ਕਰਨਾ ਚਾਹੀਦਾ ਹੈ ਕੋਈ ਵੀ ਮਾੜੇ ਅਨਸਰਾਂ ਖਿਲਾਫ ਜਾਂ ਨਸ਼ੇ ਦੇ ਖਿਲਾਫ਼ ਜਾਂ ਗ਼ੈਰਕਾਨੂੰਨੀ ਹਥਿਆਰਾਂ ਦੇ ਖਿਲਾਫ ਕੋਈ ਜਾਣਕਾਰੀ ਹੋਵੇ ਤੇ ਉਹ ਪੁਲੀਸ ਅਧਿਕਾਰੀਆਂ ਨਾਲ ਸਾਂਝੀ ਕਰ ਸਕਦਾ ਹੈ ਉਸ ਦਾ ਨਾਂ ਵੀ ਗੁਪਤ ਰੱਖਿਆ ਜਾਵੇਗਾ।