ਬਠਿੰਡਾ ਦੇ ਫਾਇਰ ਬ੍ਰਿਗੇਡ ਚੌਂਕ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀਆਂ ਵੱਲੋਂ ਪੰਜਾਬੀ ਫਿਲਮ ‘ਸਤਲੁਜ’ ਨੂੰ ਮੁੜ ਰਿਲੀਜ਼ ਕਰਨ ਦੀ ਮੰਗ ਨੂੰ ਲੈ ਕੇ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਹੱਥਾਂ ਵਿੱਚ ਬੈਨਰ ਅਤੇ ਤਖ਼ਤੀਆਂ ਫੜ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਰੋਸ਼ ਮਾਰਚ ਕੱਢਿਆ। ਉਨ੍ਹਾਂ ਦਾ ਕਹਿਣਾ ਸੀ ਕਿ ਫਿਲਮ ਨੂੰ ਲੋਕਾਂ ਤੱਕ ਪਹੁੰਚਣ ਦਾ ਪੂਰਾ ਮੌਕਾ ਮਿਲਣਾ ਚਾਹੀਦਾ ਹੈ ਅਤੇ ਇਸ ਦੀ ਰਿਲੀਜ਼ ‘ਤੇ ਲੱਗੀਆਂ ਰੁਕਾਵਟਾਂ ਦੂਰ ਕੀਤੀਆਂ ਜਾਣ।

ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਸਰਕਾਰ ਵੱਲੋਂ ਫਿਲਮ ਦੀ ਰਿਲੀਜ਼ ਵਿੱਚ ਰੁਕਾਵਟ ਪਾਈ ਜਾ ਰਹੀ ਹੈ, ਜਿਸ ਕਾਰਨ ਪੰਜਾਬੀ ਸਿਨੇਮਾ ਅਤੇ ਲੋਕਾਂ ਦੇ ਵਿਚਾਰ ਪ੍ਰਗਟ ਕਰਨ ਦੇ ਅਧਿਕਾਰ ਨੂੰ ਨੁਕਸਾਨ ਪਹੁੰਚ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਫਿਲਮ ‘ਸਤਲੁਜ’ ਨੂੰ ਬਿਨਾਂ ਕਿਸੇ ਦੇਰੀ ਦੇ ਮੁੜ ਸਿਨੇਮਾਘਰਾਂ ਵਿੱਚ ਰਿਲੀਜ਼ ਕੀਤਾ ਜਾਵੇ ਤਾਂ ਜੋ ਦਰਸ਼ਕ ਇਸ ਨੂੰ ਦੇਖ ਸਕਣ।

ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਜਲਦੀ ਇਸ ਮੰਗ ‘ਤੇ ਕੋਈ ਫੈਸਲਾ ਨਾ ਲਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਫਿਲਹਾਲ ਪ੍ਰਦਰਸ਼ਨ ਸ਼ਾਂਤਮਈ ਢੰਗ ਨਾਲ ਸਮਾਪਤ ਹੋਇਆ ਅਤੇ ਪੁਲਿਸ ਵੱਲੋਂ ਇਲਾਕੇ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ।