ਮਾਣ ਵਾਲੀ ਗੱਲ : ਮਾਂ ਬੋਲੀ ਪ੍ਰਤੀ ਪਟਿਆਲਾ ਪੁਲਿਸ ਦੀ ਪਹਿਲਕਦਮੀ, ਵਰਦੀ ‘ਤੇ ਪੰਜਾਬੀ ਭਾਸ਼ਾ ‘ਚ ਲਿਖਵਾਏ ਨਾਂ

0
824

ਪਟਿਆਲਾ। ਮਾਨ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਨੂੰ ਲੈ ਕੇ ਪੰਜਾਬ ਵਿੱਚ ਕਈ ਅਹਿਮ ਫ਼ੈਸਲੇ ਲਏ ਜਾ ਰਹੇ ਹਨ। ਮਾਨ ਸਰਕਾਰ ਵੱਲੋਂ ਪੰਜਾਬ ਵਿੱਚ ਹਰ ਪਾਸੇ ਪੰਜਾਬੀ ਭਾਸ਼ਾ ਨੂੰ ਪਹਿਲ ਦਿੱਤੀ ਜਾ ਰਹੀ ਹੈ। ਇਸੇ ਵਿਚਾਲੇ ਪੰਜਾਬੀ ਭਾਸ਼ਾ ਪ੍ਰਤੀ ਪਟਿਆਲਾ ਪੁਲਿਸ ਵੱਲੋਂ ਇੱਕ ਵੱਡਾ ਕਦਮ ਚੁੱਕਿਆ ਗਿਆ ਹੈ, ਜਿਸ ਦੇ ਤਹਿਤ ਹੁਣ ਵਰਦੀ ‘ਤੇ ਅੰਗਰੇਜ਼ੀ ਦੀ ਬਜਾਏ ਪੰਜਾਬੀ ਵਿੱਚ ਨਾਮ ਲਿਖਵਾਉਣੇ ਸ਼ੁਰੂ ਕਰ ਦਿੱਤੇ ਗਏ ਹਨ।

ਪੰਜਾਬੀ ਭਾਸ਼ਾ ਨੂੰ ਹਰ ਮਹਿਕਮੇ ਵਿੱਚ ਲਾਗੂ ਕਰਨ ਤਹਿਤ ਪਟਿਆਲਾ ਦੇ SSP ਵਰੁਣ ਸ਼ਰਮਾ ਨੇ ਵਰਦੀ ‘ਤੇ ਨੇਮ ਪਲੇਟ ਪੰਜਾਬੀ ਵਿੱਚ ਲਾਉਣੀ ਵੀ ਸ਼ੁਰੂ ਕਰ ਦਿੱਤੀ ਹੈ । ਜਿਨ੍ਹਾਂ ਤੋਂ ਬਾਅਦ ਪੁਲਿਸ ਮਹਿਕਮੇ ਦੇ ਹੋਰ ਮੁਲਾਜ਼ਮਾਂ ਵੱਲੋਂ ਵੀ ਪੰਜਾਬੀ ਨੂੰ ਪਹਿਲ ਦੇਣੀ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ SSP ਵਰੁਣ ਸ਼ਰਮਾ ਨੇ ਕਿਹਾ ਕਿ ਮਾਂ ਬੋਲੀ ਸਾਡੇ ਲਈ ਸਭ ਤੋਂ ਪਹਿਲਾਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਲਏ ਗਏ ਫੈਸਲੇ ਅਨੁਸਾਰ ਪੰਜਾਬੀ ਭਾਸ਼ਾ ਨੂੰ ਹਰ ਪੱਧਰ ‘ਤੇ ਲਾਗੂ ਕੀਤਾ ਜਾਵੇਗਾ।

ਉੱਥੇ ਹੀ ਸਬ-ਇੰਸਪੈਕਟਰ ਅਵਤਾਰ ਸਿੰਘ ਨੇ ਵੀ ਪੰਜਾਬੀ ਭਾਸ਼ਾ ਵਿੱਚ ਵਰਦੀ ‘ਤੇ ਨਾਂ ਲਿਖਵਾ ਲਿਆ ਹੈ। ਇਸ ਬਾਰੇ ਉਨ੍ਹਾਂ ਕਿਹਾ ਕਿ ਸਾਡੇ ਲਈ ਪੰਜਾਬੀ ਭਾਸ਼ਾ ਸਾਡਾ ਮਾਣ ਹੈ। ਉਨ੍ਹਾਂ ਕਿਹਾ ਕਿ SSP ਵਰੁਣ ਸ਼ਰਮਾ ਦੀ ਪਹਿਲਕਦਮੀ ਦੇ ਚਲਦਿਆਂ ਉਨ੍ਹਾਂ ਨੇ ਵੀ ਆਪਣਾ ਨਾਂ ਪੰਜਾਬੀ ਵਿੱਚ ਲਿਖਵਾਇਆ ਹੈ।