ਪ੍ਰਦੂਸ਼ਣ ਘਟਾਉਣ ਲਈ ਪੰਜਾਬ ਸਰਕਾਰ ਨੇ ਇਲੈਕਟ੍ਰਿਕ ਗੱਡੀਆਂ ਦੀ ਨਵੀਂ ਨੀਤੀ ਨੂੰ ਦਿੱਤੀ ਪ੍ਰਵਾਨਗੀ, ਪੜ੍ਹੋ ਪੂਰੀ ਖਬਰ

0
597

ਚੰਡੀਗੜ੍ਹ | ਵਾਹਨਾਂ ਦੇ ਪ੍ਰਦੂਸ਼ਣ ਕਾਰਨ ਸੂਬੇ ਦੇ ਪਲੀਤ ਹੋ ਰਹੇ ਵਾਤਾਵਰਣ ਨੂੰ ਬਚਾਉਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਵੀਰਵਾਰ ਨੂੰ ਪੰਜਾਬ ਇਲੈਕਟ੍ਰਿਕ ਵਾਹਨ ਨੀਤੀ (ਪੀ.ਈ.ਵੀ.ਪੀ.)-2022 ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਫੈਸਲਾ ਪੰਜਾਬ ਸਿਵਲ ਸਕੱਤਰੇਤ-1 ਵਿਚ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੇ ਦਫ਼ਤਰ ਵਿਚ ਹੋਈ ਮੀਟਿੰਗ ਦੌਰਾਨ ਲਿਆ ਗਿਆ।

ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਵਾਤਾਵਰਣ ਨੂੰ ਬਚਾਉਣ ਬਾਰੇ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਪੰਜਾਬ ਇਲੈਕਟ੍ਰਿਕ ਵਾਹਨ ਨੀਤੀ (ਪੀ.ਈ.ਵੀ.ਪੀ.)-2022 ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਨੀਤੀ ਤਹਿਤ ਵਾਹਨਾਂ ਦੇ ਪ੍ਰਦੂਸ਼ਣ ਨਿਕਾਸ ਨੂੰ ਘਟਾਉਣ, ਬੁਨਿਆਦੀ ਢਾਂਚੇ ਦਾ ਨਿਰਮਾਣ, ਖੋਜ ਅਤੇ ਵਿਕਾਸ, ਰੋਜ਼ਗਾਰ ਦੇ ਮੌਕੇ, ਸਥਿਰਤਾ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਪੰਜਾਬ ਨੂੰ ਇਲੈਕਟ੍ਰਿਕ ਵਾਹਨਾਂ, ਪੁਰਜ਼ਿਆਂ ਅਤੇ ਬੈਟਰੀਆਂ ਦੇ ਨਿਰਮਾਣ ਲਈ ਇਕ ਪਸੰਦੀਦਾ ਸਥਾਨ ਵਜੋਂ ਸਥਾਪਤ ਕੀਤਾ ਜਾ ਸਕੇਗਾ।