ਪੰਜਾਬ ਸਰਕਾਰ ਵਲੋਂ ਸ਼ਹੀਦ ਸਤਨਾਮ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਅਤੇ 12 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ

0
1621

ਗੁਰਦਾਸਪੁਰ. ਬੀਤੇ ਦਿਨੀ ਸੋਮਵਾਰ ਦੀ ਰਾਤ ਨੂੰ ਲੱਦਾਖ ਦੀ ਗਲਵਾਨ ਵਾਦੀ ਵਿਚ ਚੀਨੀ ਸੈਨਾ ਨਾਲ ਹੋਏ ਟਕਰਾਅ ਵਿਚ  ਸ਼ਹਾਦਤ ਦਾ ਜਾਮ ਪੀਣ ਵਾਲੇ ਨਾਇਬ ਸੂਬੇਦਾਰ ਸਤਨਾਮ ਸਿੰਘ (42) ਦਾ ਉਨਾਂ ਦੇ ਜੱਦੀ ਪਿੰਡ ਭੋਜਰਾਜ (ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ) ਗੁਰਦਾਸਪੁਰ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। ਇਸ ਮੌਕੇ ਸੁਖਜਿੰਦਰ ਸਿੰਘ ਰੰਧਾਵਾ ਕੈਬਨਿਟ ਮੰਤਰੀ ਪੰਜਾਬ, ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ, ਰਜਿੰਦਰ ਸਿੰਘ ਸੋਹਲ ਐਸ.ਐਸ.ਪੀ ਗੁਰਦਾਸਪੁਰ ਮੌਜੂਦ ਸਨ।
ਰੰਧਾਵਾ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਦੇਸ਼ ਦੀ ਰਾਖੀ ਖਾਤਰ ਕੀਤੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾਵੇਗਾ ਤੇ ਪੂਰੇ ਦੇਸ਼ ਨੂੰ ਸ਼ਹੀਦ ਸਤਨਾਮ ਸਿੰਘ ਦੀ ਸ਼ਹਾਦਤ ‘ਤੇ ਗਰਵ ਹੈ।ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ ਅਤੇ ਉਨਾਂ ਕਿਹਾ ਕਿ ਪੰਜਾਬ ਸਰਕਾਰ ਸ਼ਹੀਦ ਪਰਿਵਾਰ ਨਾਲ ਖੜੀ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰੰਧਾਵਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਪਾਕਿਸਤਾਨ ਅਤੇ ਚੀਨ ਦੇਸ਼ , ਜੋ ਹਮੇਸ਼ਾਂ ਭਾਰਤ ਨੂੰ ਕਮਜੋਰ ਕਰਨ ਦੀ ਕੋਸ਼ਿਸ ਵਿਚ ਰਹਿੰਦੇ ਹਨ ਵੱਲ ਸਖਤ ਰੁਖ਼ ਅਪਣਾਉਣਾ ਚਾਹੀਦਾ ਹੈ ਅਤੇ ਹੁਣ ਸਮਾਂ ਆ ਗਿਆ ਹੈ ਕਿ ਵਿਰੋਧੀ ਤਾਕਤਾਂ ਵਿਰੁੱਧ ਸਖਤੀ ਨਾਲ ਕਾਰਵਾਈ ਕੀਤੀ ਜਾਵੇ।  
ਰੰਧਾਵਾ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸ਼ਹੀਦ ਦੇ ਪਰਿਵਾਰ ਨਾਲ ਖੜ੍ਹੀ ਹੈ ਅਤੇ ਪੰਜਾਬ ਸਰਕਾਰ ਵਲੋਂ ਸ਼ਹੀਦ ਦੇ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ ਅਤੇ ਸਰਕਾਰ ਦੀ ਨੀਤੀ ਮੁਤਾਬਕ 12 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ।ਰੰਧਾਵਾ ਨੇ ਸ਼ਹੀਦ ਦੀ ਪਤਨੀ ਜਸਵਿੰਦਰ ਕੋਰ, ਬੇਟੀ ਸੰਦੀਪ ਕੋਰ ਤੇ ਬੇਟਾ ਪ੍ਰਭਜੋਤ ਸਿੰਘ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪਰਿਵਾਰ ਨਾਲ ਇਸ ਦੁੱਖ ਦੀ ਘੜੀ ਵਿਚ ਸ਼ਾਮਿਲ ਹੈ।ਰੰਧਾਵਾ ਨੇ ਸ਼ਹੀਦ ਸਤਨਾਮ ਸਿੰਘ ਦੇ ਨਾਂਅ ‘ਤੇ ਪਿੰਡ ਅੰਦਰ ਯਾਦਗਾਰੀ ਗੇਟ ਦੀ ਉਸਾਰੀ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਕਿਹਾ ਕਿ ਜਿਲ੍ਹਾ ਪ੍ਰਸ਼ਾਸਨ ਹਮੇਸ਼ਾਂ ਉਨਾਂ ਦੀ ਦੁੱਖ ਤਕਲੀਫ ਵਿਚ ਉਨਾਂ ਨਾਲ ਹੈ ਅਤੇ ਸ਼ਹੀਦ ਸਤਨਾਮ ਸਿੰਘ ਦੀ ਸ਼ਹਾਦਤ ‘ਤੇ ਪੂਰੇ ਜ਼ਿਲ੍ਹੇ ਨੂੰ ਮਾਣ ਹੈ।