ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਇਕ ਅਕਤੂਬਰ 2022 ਤੋਂ ਮਿਲੇਗਾ 6 ਫੀਸਦੀ ਮਹਿੰਗਾਈ ਭੱਤਾ

0
3927

ਜਲੰਧਰ/ਲੁਧਿਆਣਾ/ਚੰਡੀਗੜ੍ਹ | ਸਰਕਾਰੀ ਮੁਲਾਜ਼ਮਾਂ ਦੀ ਭਲਾਈ ਯਕੀਨੀ ਬਣਾਉਣ ਦੇ ਉਦੇਸ਼ ਨਾਲ ਚੁੱਕੇ ਇਤਿਹਾਸਕ ਕਦਮ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸੂਬਾ ਸਰਕਾਰ ਦੇ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਵੇਰਵੇ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਕਿਹਾ ਕਿ ਇਸ ਸਬੰਧੀ ਫੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿੱਚ ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।

ਬੁਲਾਰੇ ਨੇ ਅੱਗੇ ਕਿਹਾ ਕਿ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਸਕੀਮ ਜਾਂ ਨਵੀਂ ਪੈਨਸ਼ਨ ਸਕੀਮ ਦੋਵਾਂ ਵਿੱਚੋਂ ਚੋਣ ਕਰਨ ਦਾ ਅਧਿਕਾਰ ਹੋਵੇਗਾ। ਜ਼ਿਕਰਯੋਗ ਹੈ ਕਿ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਸਾਲ 2004 ਵਿੱਚ ਬੰਦ ਕਰ ਦਿੱਤੀ ਗਈ ਸੀ ਅਤੇ ਉਦੋਂ ਤੋਂ ਹੀ ਮੁਲਾਜ਼ਮਾਂ ਨੂੰ ਨਵੀਂ ਪੈਨਸ਼ਨ ਸਕੀਮ ਦਿੱਤੀ ਜਾ ਰਹੀ ਹੈ ਪਰ ਮੁਲਾਜ਼ਮ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਲੰਮੇ ਸਮੇਂ ਤੋਂ ਮੰਗ ਕਰ ਰਹੇ ਹਨ।

ਲੱਖਾਂ ਮੁਲਾਜ਼ਮਾਂ ਦੀ ਭਲਾਈ ਨੂੰ ਧਿਆਨ ਵਿੱਚ ਰੱਖਦਿਆਂ ਕੈਬਨਿਟ ਨੇ ਸੂਬੇ ਵਿੱਚ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਫੈਸਲਾ ਕੀਤਾ ਹੈ। ਇਹ ਸਕੀਮ ਲਾਗੂ ਹੋਣ ਨਾਲ ਸੂਬੇ ਦੇ ਮੁਲਾਜ਼ਮਾਂ ਨੂੰ ਵੱਡੀ ਰਾਹਤ ਮਿਲਣ ਦੀ ਸੰਭਾਵਨਾ ਹੈ। ਮੁਲਾਜ਼ਮਾਂ ਨੂੰ ਸਰਕਾਰ ਦੀ ਰੀੜ੍ਹ ਦੀ ਹੱਡੀ ਮੰਨਦਿਆਂ ਸੂਬਾ ਸਰਕਾਰ ਨੇ ਇਹ ਇਤਿਹਾਸਕ ਕਦਮ ਚੁੱਕਿਆ ਹੈ, ਜਿਸ ਦਾ ਸੂਬਾ ਸਰਕਾਰ ਦੇ ਸਾਰੇ ਮੁਲਾਜ਼ਮਾਂ ਨੂੰ ਫਾਇਦਾ ਮਿਲਣ ਦੀ ਸੰਭਾਵਨਾ ਹੈ।

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਪਹਿਲੀ ਅਕਤੂਬਰ 2022 ਤੋਂ ਮਿਲੇਗਾ ਛੇ ਫੀਸਦੀ ਮਹਿੰਗਾਈ ਭੱਤਾ

ਇਸ ਦੌਰਾਨ ਇਕ ਹੋਰ ਅਹਿਮ ਫੈਸਲੇ ਵਿੱਚ ਪੰਜਾਬ ਕੈਬਨਿਟ ਨੇ ਪਹਿਲੀ ਅਕਤੂਬਰ 2022 ਤੋਂ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਛੇ ਫੀਸਦੀ ਮਹਿੰਗਾਈ ਭੱਤਾ (ਡੀ.ਏ.) ਦੇਣ ਦਾ ਫੈਸਲਾ ਕੀਤਾ ਹੈ। ਲੱਖਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਲਾਭ ਪਹੁੰਚਾਉਣ ਵਾਲੇ ਇਸ ਫੈਸਲੇ ਨੂੰ ਕੈਬਨਿਟ ਨੇ ਅੱਜ ਪ੍ਰਵਾਨਗੀ ਦਿੱਤੀ।
ਮੰਤਰੀ ਮੰਡਲ ਦੀ ਇਹ ਰਾਇ ਸੀ ਕਿ ਮੁਲਾਜ਼ਮ ਸੂਬਾਈ ਪ੍ਰਸ਼ਾਸਨ ਦਾ ਸਭ ਤੋਂ ਅਹਿਮ ਅੰਗ ਹਨ ਅਤੇ ਉਨ੍ਹਾਂ ਦੇ ਹਿੱਤਾਂ ਦੀ ਰੱਖਿਆ ਸਰਕਾਰ ਦੀ ਮੁੱਖ ਤਰਜੀਹ ਹੈ।