ਪਟਿਆਲਾ/ਚੰਡੀਗੜ੍ਹ, 29 ਦਸੰਬਰ | ਸੁਪਰੀਮ ਕੋਰਟ ਦੇ ਹੁਕਮਾਂ ‘ਤੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਹਸਪਤਾਲ ‘ਚ ਦਾਖ਼ਲ ਕਰਵਾਉਣ ਲਈ ਕਿਸਾਨ ਆਗੂਆਂ ਤੇ ਪੰਜਾਬ ਪ੍ਰਸ਼ਾਸਨ ਵਿਚਾਲੇ ਹੋਈ ਮੀਟਿੰਗ ਨਾਕਾਮ ਰਹੀ ਹੈ। ਸੁਪਰੀਮ ਕੋਰਟ ਨੇ ਡੱਲੇਵਾਲ ਨੂੰ 31 ਦਸੰਬਰ ਤੋਂ ਪਹਿਲਾਂ ਹਸਪਤਾਲ ਵਿਚ ਦਾਖ਼ਲ ਕਰਵਾਉਣ ਲਈ ਕਿਹਾ ਹੈ। ਇਸ ਕੇਸ ਦੀ ਸੁਣਵਾਈ ਵੀ ਇਸੇ ਦਿਨ ਹੋਣੀ ਹੈ।
ਇਸ ਸਬੰਧੀ ਪੰਜਾਬ ਦੇ ਡੀਆਈਜੀ ਜਸਕਰਨ ਸਿੰਘ 3 ਵਜੇ ਖਨੌਰੀ ਸਰਹੱਦ ’ਤੇ ਪੁੱਜੇ। ਹਾਲਾਂਕਿ ਕਿਸਾਨ ਇਸ ਗੱਲ ਨੂੰ ਨਹੀਂ ਮੰਨ ਰਹੇ ਸਨ। ਇਸ ਤੋਂ ਬਾਅਦ ਕਿਸਾਨ ਆਗੂਆਂ ਨੇ ਡੀ.ਆਈ.ਜੀ. ਸਣੇ ਡੱਲੇਵਾਲ ਨਾਲ ਮੁਲਾਕਾਤ ਕੀਤੀ। ਜੇਕਰ ਪੰਜਾਬ ਸਰਕਾਰ ਉਨ੍ਹਾਂ ਨੂੰ ਮਨਾਉਣ ਵਿੱਚ ਕਾਮਯਾਬ ਨਾ ਹੋਈ ਤਾਂ 31 ਦਸੰਬਰ ਨੂੰ ਹੋਣ ਵਾਲੀ ਸੁਣਵਾਈ ਵਿਚ ਪੰਜਾਬ ਦੇ ਡੀਜੀਪੀ ਅਤੇ ਮੁੱਖ ਸਕੱਤਰ ਖ਼ਿਲਾਫ਼ ਮਾਣਹਾਨੀ ਦਾ ਕੇਸ ਚੱਲ ਸਕਦਾ ਹੈ।
ਇਸ ਦੌਰਾਨ ਕਿਸਾਨ ਆਗੂ ਸਰਵਣ ਪੰਧੇਰ ਨੇ ਲੁਧਿਆਣਾ ਵਿਚ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਨੇ ਪਟਿਆਲਾ ਪੁਲਿਸ ਨੂੰ ਅਲਰਟ ਮੋਡ ’ਤੇ ਰੱਖਿਆ ਹੋਇਆ ਹੈ। ਉਥੇ 30 ਤੋਂ 40 ਬੱਸਾਂ ਖੜ੍ਹੀਆਂ ਕੀਤੀਆਂ ਗਈਆਂ ਹਨ, ਜੋ ਕਿਸੇ ਸਮੇਂ ਵੀ ਖਨੌਰੀ ਸਰਹੱਦ ‘ਤੇ ਜਾ ਸਕਦੀਆਂ ਹਨ।
ਤੁਹਾਨੂੰ ਦੱਸ ਦੇਈਏ ਕਿ ਪਿਛਲੇ 10 ਮਹੀਨਿਆਂ ਤੋਂ ਪੰਜਾਬ ਦੀਆਂ ਦੋ ਕਿਸਾਨ ਜਥੇਬੰਦੀਆਂ ਫਸਲਾਂ ਦੀ ਖਰੀਦ ਲਈ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਗਰੰਟੀ ਦੇਣ ਲਈ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਅੰਦੋਲਨ ਕਰ ਰਹੀਆਂ ਹਨ। ਇਸ ਮੰਗ ਨੂੰ ਲੈ ਕੇ ਕਿਸਾਨ ਆਗੂ ਜਗਜੀਤ ਡੱਲੇਵਾਲ ਖਨੌਰੀ ਸਰਹੱਦ ’ਤੇ 34 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਹਨ।