ਪੰਜਾਬ ਸਰਕਾਰ ਨੇ ਪਲਾਟ ਦੀ ਰਜਿਸਟਰੀ ਤੇ ਬਿਜਲੀ ਮੀਟਰ ਲਈ NOC ਦੀ ਸ਼ਰਤ ਖਤਮ ਕਰ ਕੇ ਲੱਖਾਂ ਲੋਕਾਂ ਨੂੰ ਦਿੱਤੀ ਵੱਡੀ ਰਾਹਤ

0
220

ਚੰਡੀਗੜ੍ਹ | ਪੰਜਾਬ ਦੇ ਲੋਕਾਂ ਦੀ ਭਲਾਈ ਨੂੰ ਮੁੱਖ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਸਰਕਾਰ ਨੇ ਪਲਾਟ ਦੀ ਰਜਿਸਟਰੀ ਤੇ ਬਿਜਲੀ ਮੀਟਰ ਲਈ ਨੋ ਆਬਜੈਸ਼ਨ ਸਰਟੀਫਿਕੇਟ (NOC) ਦੀ ਸ਼ਰਤ ਨੂੰ ਖਤਮ ਕੀਤਾ, ਜਿਸ ਦਾ ਫਾਇਦਾ ਪੰਜਾਬ ਦੇ ਲੋਕਾਂ ਨੂੰ ਮਿਲਿਆ ਕਿਉਂਕਿ ਉਨ੍ਹਾਂ ਨੂੰ ਪਲਾਟ ਦੀ ਰਜਿਸਟਰੀ ਕਰਵਾਉਣ ਤੇ ਬਿਜਲੀ ਮੀਟਰ ਲਗਵਾਉਣ ਲਈ NOC ਦੀ ਲੋੜ ਹੁੰਦੀ ਹੈ ਪਰ ਕਾਲੋਨੀ ਅਣ-ਅਧਿਕਾਰਤ ਹੋਣ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਆਮ ਲੋਕਾਂ ਨੂੰ ਬਹੁਤ ਵੱਡੀ ਰਾਹਤ ਮਿਲੀ ਕਿਉਂਕਿ ਲੋਕਾਂ ਨੂੰ ਆਪਣੇ ਪਲਾਟਾਂ ਦੀ ਰਜਿਸਟਰੀ ਕਰਵਾਉਣ ਤੇ ਬਿਜਲੀ ਮੀਟਰ ਲਗਵਾਉਣ ‘ਚ ਆਉਂਦੀ ਸਮੱਸਿਆ ਖਤਮ ਹੋਈ ਅਤੇ ਅਣ-ਅਧਿਕਾਰਤ ਕਾਲੋਨੀਆਂ ਉਤੇ ਰੋਕ ਲੱਗੀ। ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਫੈਸਲੇ ਦਾ ਮਨੋਰਥ ਆਮ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ।

ਮੁੱਖ ਮੰਤਰੀ ਨੇ ਕਿਹਾ ਸੀ ਕਿ ਨਵੀਂ ਸੋਧ ਮੁਤਾਬਕ ਕੋਈ ਵੀ ਵਿਅਕਤੀ ਜਿਸ ਨੇ ਮਿਤੀ 31 ਜੁਲਾਈ, 2024 ਤੱਕ ਅਣ-ਅਧਿਕਾਰਤ ਕਾਲੋਨੀ ਵਿੱਚ ਸਥਿਤ 500 ਵਰਗ ਗਜ਼ ਤੱਕ ਦੇ ਖੇਤਰ ਲਈ ਇੱਕ ਪਾਵਰ ਆਫ਼ ਅਟਾਰਨੀ, ਸਟੈਂਪ ਪੇਪਰ ‘ਤੇ ਵੇਚਣ ਲਈ ਇਕਰਾਰਨਾਮਾ ਜਾਂ ਕੋਈ ਹੋਰ ਅਜਿਹਾ ਦਸਤਾਵੇਜ਼ ਜਿਸ ਨੂੰ ਸਰਕਾਰ ਨੋਟੀਫਿਕੇਸ਼ਨ ਦੁਆਰਾ ਨਿਰਧਾਰਤ ਕਰ ਸਕਦੀ ਹੈ, ਰਾਹੀਂ ਇਕਰਾਰਨਾਮਾ ਕੀਤਾ ਹੈ, ਉਸ ਰਕਬੇ ਲਈ ਐਨ.ਓ.ਸੀ. ਦੀ ਲੋੜ ਨਹੀਂ ਹੋਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਕਾਲੋਨਾਈਜ਼ਰ ਗੈਰ-ਕਾਨੂੰਨੀ ਢੰਗ ਨਾਲ ਪੈਸਾ ਇਕੱਠਾ ਕਰਦੇ ਹਨ ਪਰ ਉਨ੍ਹਾਂ ਦੀਆਂ ਗਲਤ ਕਾਰਵਾਈਆਂ ਦਾ ਖਮਿਆਜ਼ਾ ਲੋਕਾਂ ਨੂੰ ਭੁਗਤਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਤਿੰਨ ਵਾਰ ਗੈਰ-ਕਾਨੂੰਨੀ ਕਾਲੋਨੀਆਂ ਨੂੰ ਰੈਗੂਲਰ ਕੀਤਾ, ਜਦਕਿ ਹਰ ਵਾਰ ਇਹ ਸ਼ਰਤ ਲਾਈ ਗਈ ਸੀ ਕਿ ਇਹ ਰਾਹਤ ਆਖ਼ਰੀ ਵਾਰ ਹੈ। ਉਨ੍ਹਾਂ ਕਿਹਾ ਇਹ ਫੈਸਲਾ ਆਮ ਲੋਕਾਂ ਦੇ ਪਲਾਟਾਂ ਨੂੰ ਕਾਨੂੰਨੀ ਜਾਮਾ ਪਹਿਨਾਉਣ ਲਈ ਲਿਆ ਹੈ, ਨਾ ਕਿ ਗੈਰ-ਕਾਨੂੰਨੀ ਕਾਲੋਨੀਆਂ ਨੂੰ।

ਸਰਕਾਰ ਦੇ ਇਸ ਫੈਸਲੇ ਨਾਲ ਸੂਬੇ ਦੇ ਉਨ੍ਹਾਂ ਲੱਖਾਂ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੀ ਹੈ, ਜੋ ਲੰਬੇ ਸਮੇਂ ਤੋਂ ਬਿਨਾਂ ਐਨ.ਓ.ਸੀ. ਲਏ ਅਣਅਧਿਕਾਰਤ ਕਾਲੋਨੀਆਂ ਵਿਚ ਪਲਾਂਟ ਅਤੇ ਘਰ ਖਰੀਦ ਬੈਠੇ ਸਨ ਤੇ ਜਿਨ੍ਹਾਂ ਨੂੰ ਰਜਿਸਟਰੀ ਕਰਵਾਉਣ ਤੇ ਬਿਜਲੀ ਮੀਟਰ ਲਗਵਾਉਣ ਲਈ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।

ਸਰਕਾਰ ਵੱਲੋਂ ਜਾਰੀ ਹਦਾਇਤਾਂ ਤੋਂ ਬਾਅਦ ਹੁਣ ਬਿਜਲੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਕਿ 31 ਜੁਲਾਈ 2024 ਤੋਂ ਬਾਅਦ ਰਜਿਸਟਰੀਆਂ ਦੇ 500 ਗਜ਼ ਤੱਕ ਦੇ ਮਕਾਨਾਂ ਅਤੇ ਪਲਾਟਾਂ ਦੇ ਮਾਲਕ ਹੁਣ ਆਪਣੇ ਘਰਾਂ ਵਿਚ ਬਿਜਲੀ ਲੈ ਸਕਣਗੇ। ਬਿਨਾਂ NOC ਤੋਂ ਮੀਟਰ ਲਗਵਾ ਸਕਦੇ ਹਨ। ਇਸ ਤੋਂ ਪਹਿਲਾਂ ਅਣ-ਅਧਿਕਾਰਤ ਕਾਲੋਨੀਆਂ ਵਿਚ ਪਲਾਟ ਅਤੇ ਮਕਾਨ ਖਰੀਦਣ ਵਾਲੇ ਲੱਖਾਂ ਪਰਿਵਾਰਾਂ ਨੂੰ ਆਪਣੇ ਘਰਾਂ ਵਿਚ ਬਿਜਲੀ ਦੇ ਮੀਟਰ ਲਗਵਾਉਣ ਲਈ ਦਰ-ਦਰ ਦੀਆਂ ਠੋਕਰਾਂ ਖਾਣੀਆਂ ਪੈਂਦੀਆਂ ਸਨ।