ਪੰਜਾਬ ਸਰਕਾਰ ਨੇ 3 ਸਾਲਾਂ ਤੋਂ ਜਾਰੀ ਨਹੀਂ ਕੀਤੀ ਪੋਸਟ ਮੈਟ੍ਰਿਕ ਸਕਾਲਰਸ਼ਿਪ, ਹਾਈਕੋਰਟ ਨੇ ਕਾਰਨ ਦਸੋਂ ਨੋਟਿਸ ਕੀਤਾ ਜਾਰੀ

0
267

ਚੰਡੀਗੜ੍ਹ | ਪੰਜਾਬ-ਹਰਿਆਣਾ ਹਾਈਕੋਰਟ ਨੇ ਹਾਈਕੋਰਟ ਦੇ ਹੁਕਮਾਂ ਦੇ ਬਾਵਜੂਦ ਤਿੰਨ ਸਾਲਾਂ ਤੋਂ ਪ੍ਰਾਈਵੇਟ ਕਾਲਜਾਂ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਜਾਰੀ ਨਾ ਕਰਨ ‘ਤੇ ਪੰਜਾਬ ਸਰਕਾਰ ਨੂੰ ਫਟਕਾਰ ਲਗਾਉਂਦੇ ਹੋਏ ਪੰਜਾਬ ਦੇ ਮੁੱਖ ਸਕੱਤਰ ਅਤੇ ਸਮਾਜਿਕ ਨਿਆਂ ਵਿਭਾਗ ਦੇ ਡਾਇਰੈਕਟਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ। ਅਦਾਲਤ ਨੇ ਚੇਤਾਵਨੀ ਦਿੱਤੀ ਕਿ ਜੇਕਰ 27 ਮਾਰਚ ਤੱਕ ਜਵਾਬ ਦਾਇਰ ਨਾ ਕੀਤਾ ਗਿਆ ਤਾਂ ਦੋਵਾਂ ਅਧਿਕਾਰੀਆਂ ਨੂੰ ਪੇਸ਼ ਹੋ ਕੇ ਜਵਾਬ ਦੇਣਾ ਪਵੇਗਾ।

ਪੰਜਾਬ ਦੇ ਕਈ ਪ੍ਰਾਈਵੇਟ ਕਾਲਜਾਂ ਨੇ ਸਮੀਰ ਸਚਦੇਵ ਰਾਹੀਂ ਮਾਣਹਾਨੀ ਪਟੀਸ਼ਨ ਦਾਇਰ ਕਰਦੇ ਹੋਏ ਕਿਹਾ ਸੀ ਕਿ ਸਰਕਾਰ ਨੇ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਵੀ ਉਨ੍ਹਾਂ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਪੈਸੇ ਜਾਰੀ ਨਹੀਂ ਕੀਤੇ। ਕੇਂਦਰ ਸਰਕਾਰ ਨੇ ਇਹ ਰਾਸ਼ੀ ਪੰਜਾਬ ਸਰਕਾਰ ਨੂੰ ਜਾਰੀ ਕਰ ਦਿੱਤੀ ਹੈ। ਹਾਈਕੋਰਟ ਦੇ ਨੋਟਿਸ ਦੇ ਜਵਾਬ ‘ਚ ਦੱਸਿਆ ਗਿਆ ਕਿ ਵਿੱਤੀ ਸਾਲ 2016-17, 2020-21 ਅਤੇ 2021-22 ਦੇ ਪੈਸੇ ਜਾਰੀ ਕਰ ਦਿੱਤੇ ਗਏ ਹਨ ਪਰ ਵਿੱਤੀ ਸਾਲ 2017-18, 2018-19 ਅਤੇ 2019-20 ਲਈ ਪੈਸੇ ਜਾਰੀ ਨਹੀਂ ਕੀਤੇ ਗਏ, ਜਦਕਿ ਕੇਂਦਰ ਸਰਕਾਰ ਨੇ ਇਨ੍ਹਾਂ ਤਿੰਨਾਂ ਵਿੱਤੀ ਸਾਲਾਂ ਦੀ ਰਾਸ਼ੀ ਪੰਜਾਬ ਸਰਕਾਰ ਨੂੰ ਜਾਰੀ ਕਰ ਦਿੱਤੀ ਹੈ।

ਅਦਾਲਤ ਨੇ ਇਹ ਰਕਮ ਜਾਰੀ ਕਰਨ ਦੇ ਹੁਕਮ ਦਿੱਤੇ ਸਨ। ਇਸ ਦੇ ਬਾਵਜੂਦ ਇਹ ਰਾਸ਼ੀ ਜਾਰੀ ਨਹੀਂ ਕੀਤੀ ਗਈ। ਇਸ ਨੂੰ ਅਦਾਲਤ ਦੀ ਮਾਣਹਾਨੀ ਦੱਸਦਿਆਂ ਹੁਣ ਅਦਾਲਤ ਦੀ ਮਾਣਹਾਨੀ ਦੀ ਪਟੀਸ਼ਨ ਦਾਇਰ ਕੀਤੀ ਗਈ ਹੈ। ਪੰਜਾਬ ਸਰਕਾਰ ਦੀ ਇਸ ਦੇਰੀ ‘ਤੇ ਸਖ਼ਤ ਰੁਖ਼ ਅਖਤਿਆਰ ਕਰਦਿਆਂ ਪੰਜਾਬ-ਹਰਿਆਣਾ ਹਾਈਕੋਰਟ ਨੇ ਮੁੱਖ ਸਕੱਤਰ ਤੇ ਹੋਰਨਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਨਾਲ ਹੀ ਕਿਹਾ ਕਿ ਜੇਕਰ ਹੁਕਮਾਂ ਦੀ ਪਾਲਣਾ ਨਾ ਕੀਤੀ ਗਈ ਤਾਂ ਦੋਵਾਂ ਅਧਿਕਾਰੀਆਂ ਨੂੰ ਖੁਦ ਪੇਸ਼ ਹੋ ਕੇ ਜਵਾਬ ਦੇਣਾ ਪਵੇਗਾ।