ਐਕਸ਼ਨ ‘ਚ ਪੰਜਾਬ ਸਰਕਾਰ : ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਰੈਵੇਨਿਊ ਰਿਕਾਰਡ ‘ਚ ਲੱਗੇਗੀ ਲਾਲ ਲਕੀਰ

0
480

ਚੰਡੀਗੜ੍ਹ, 3 ਅਕਤੂੂਬਰ | ਪੰਜਾਬ ਵਿਚ ਇਸ ਵਾਰ ਝੋਨੇ ਦੀ ਕਟਾਈ ਦੌਰਾਨ ਪਰਾਲੀ ਨੂੰ ਅੱਗ ਲਾਉਣੀ ਸ਼ੁਰੂ ਹੋ ਗਈ ਹੈ। ਸੂਬੇ ਵਿਚ 15 ਸਤੰਬਰ ਤੋਂ ਝੋਨੇ ਦੀ ਕਟਾਈ ਸ਼ੁਰੂ ਹੋ ਗਈ ਹੈ ਪਰ ਪਿਛਲੇ 16 ਦਿਨਾਂ ਵਿਚ ਪਰਾਲੀ ਸਾੜਨ ਦੇ 342 ਮਾਮਲੇ ਸਾਹਮਣੇ ਆਏ ਹਨ। ਪਿਛਲੇ ਦੋ ਸਾਲਾਂ ਦੇ ਮੁਕਾਬਲੇ ਇਸ ਵਾਰ ਪਰਾਲੀ ਸਾੜਨ ਦੇ ਮਾਮਲਿਆਂ ਵਿਚ ਭਾਰੀ ਵਾਧਾ ਹੋਇਆ ਹੈ।

ਇਸ ਵਾਰ ਸਭ ਤੋਂ ਵੱਧ ਮਾਮਲੇ 15 ਸਤੰਬਰ ਤੋਂ 1 ਅਕਤੂਬਰ ਤੱਕ ਦੇ ਸਮੇਂ ਦੌਰਾਨ ਸਾਹਮਣੇ ਆਏ ਹਨ। ਅੰਮ੍ਰਿਤਸਰ ‘ਚ ਸਭ ਤੋਂ ਵੱਧ 86 ਥਾਵਾਂ ‘ਤੇ ਪਰਾਲੀ ਸਾੜੀ ਗਈ। ਸਰਕਾਰ ਦੇ ਸਾਰੇ ਦਾਅਵਿਆਂ ਦੇ ਬਾਵਜੂਦ ਪਰਾਲੀ ਸਾੜਨ ਦੇ ਮਾਮਲਿਆਂ ‘ਤੇ ਕਾਬੂ ਨਹੀਂ ਪਾਇਆ ਜਾ ਸਕਿਆ। ਝੋਨੇ ਦੀ ਕਟਾਈ ਦੌਰਾਨ ਪਰਾਲੀ ਸਾੜਨ ਕਾਰਨ ਮੌਸਮ ਦੇ ਖ਼ਰਾਬ ਹੋਣ ਦੀ ਸੰਭਾਵਨਾ ਵੱਧ ਗਈ ਹੈ।

ਪਿਛਲੇ 2 ਸਾਲਾਂ ਦੇ ਮੁਕਾਬਲੇ ਇਸ ਵਾਰ ਪਹਿਲੀ ਅਕਤੂਬਰ ਤੱਕ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਚ ਭਾਰੀ ਵਾਧਾ ਹੋਇਆ ਹੈ। ਪੰਜਾਬ ਵਿਚ ਸਾਲ 2021 ਵਿਚ 1 ਅਕਤੂਬਰ ਤੱਕ ਪਰਾਲੀ ਸਾੜਨ ਦੇ 228 ਮਾਮਲੇ ਦਰਜ ਕੀਤੇ ਗਏ ਸਨ, ਜਦਕਿ 2022 ਵਿਚ ਇਨ੍ਹਾਂ ਦੀ ਗਿਣਤੀ 192 ਸੀ। ਇਸ ਸਾਲ ਇਨ੍ਹਾਂ ਮਾਮਲਿਆਂ ਦੀ ਗਿਣਤੀ 342 ਤੱਕ ਪਹੁੰਚ ਗਈ ਹੈ। ਇਸ ਤਰ੍ਹਾਂ 16 ਸਤੰਬਰ ਤੋਂ 1 ਅਕਤੂਬਰ ਤੱਕ ਮਹਿਜ਼ 16 ਦਿਨਾਂ ਵਿਚ ਸੂਬੇ ਵਿਚ ਖੇਤਾਂ ਵਿਚ ਡੇਢ ਗੁਣਾ ਤੋਂ ਵੱਧ ਪਰਾਲੀ ਸਾੜੀ ਜਾ ਚੁੱਕੀ ਹੈ।

ਪਿਛਲੇ ਸਾਲ ਸਭ ਤੋਂ ਵੱਧ ਪਰਾਲੀ ਸਾੜਨ ਦੀਆਂ ਘਟਨਾਵਾਂ ਪੰਜਾਬ ਦੇ 5 ਜ਼ਿਲ੍ਹਿਆਂ ਸੰਗਰੂਰ, ਬਠਿੰਡਾ, ਫ਼ਿਰੋਜ਼ਪੁਰ, ਮੁਕਤਸਰ ਅਤੇ ਮੋਗਾ ਵਿਚ ਵਾਪਰੀਆਂ, ਜੋ ਕਿ ਸੂਬੇ ਵਿਚ ਪਰਾਲੀ ਸਾੜਨ ਦੀਆਂ ਕੁੱਲ ਘਟਨਾਵਾਂ ਦੀਆਂ ਲਗਭਗ 44 ਫੀਸਦੀ ਬਣਦੀਆਂ ਹਨ। ਇਸ ਸਾਲ ਸਰਕਾਰ ਨੇ ਆਪਣੀ ਕਾਰਜ ਯੋਜਨਾ ਤਹਿਤ 6 ਜ਼ਿਲ੍ਹਿਆਂ ਹੁਸ਼ਿਆਰਪੁਰ, ਮਾਲੇਰਕੋਟਲਾ, ਪਠਾਨਕੋਟ, ਰੂਪਨਗਰ, ਐਸ.ਏ.ਐਸ.ਨਗਰ (ਮੁਹਾਲੀ) ਅਤੇ ਐਸ.ਬੀ.ਐਸ.ਨਗਰ ‘ਤੇ ਸਖ਼ਤ ਨਿਗਰਾਨੀ ਸ਼ੁਰੂ ਕੀਤੀ ਹੈ ਪਰ ਪਿਛਲੇ 16 ਦਿਨਾਂ ਦੌਰਾਨ ਅੰਮ੍ਰਿਤਸਰ ਜ਼ਿਲ੍ਹੇ ਵਿਚ ਸਭ ਤੋਂ ਵੱਧ 4.5.50. ਪਰਾਲੀ ਸਾੜਨ ਦੀਆਂ ਘਟਨਾਵਾਂ – 86. ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਤਰਨਤਾਰਨ ਵਿਚ ਵੀ ਪਰਾਲੀ ਸਾੜਨ ਦੇ 6 ਮਾਮਲੇ ਦਰਜ ਕੀਤੇ ਗਏ ਹਨ।

ਪੰਜਾਬ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਨਾਲ ਕਈ ਜ਼ਿਲ੍ਹਿਆਂ ਵਿਚ ਪ੍ਰਦੂਸ਼ਣ ਦਾ ਪੱਧਰ ਵਧਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿਚ ਜਿੱਥੇ ਪਰਾਲੀ ਸਾੜਨ ਦੇ ਸਭ ਤੋਂ ਵੱਧ ਮਾਮਲੇ ਸਾਹਮਣੇ ਆ ਰਹੇ ਹਨ, ਉਥੇ ਹਵਾ ਪ੍ਰਦੂਸ਼ਣ ਦਾ ਪੱਧਰ 1 ਅਕਤੂਬਰ ਨੂੰ 86 ਤੋਂ ਵੱਧ ਕੇ 109 ਹੋ ਗਿਆ ਹੈ। ਇਸੇ ਤਰ੍ਹਾਂ ਮੰਡੀ ਗੋਬਿੰਦਗੜ੍ਹ ਵਿਚ ਪ੍ਰਦੂਸ਼ਣ ਦਾ ਪੱਧਰ 106 ਤੋਂ ਵੱਧ ਕੇ 167 ਹੋ ਗਿਆ ਹੈ।