ਚੰਡੀਗੜ੍ਹ| ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸ਼ਨੀਵਾਰ ਨੂੰ ਪੰਜਾਬ ਸਰਕਾਰ ਦੀ ਟੈਕਸ ਚੋਰੀ ਨੂੰ ਲੈ ਕੇ ਅਲਰਟ ਮੋਡ ‘ਤੇ ਨਜ਼ਰ ਆਏ। ਉਹ ਆਪਣੀ ਟੀਮ ਸਮੇਤ ਸਵੇਰੇ ਹੀ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਪਹੁੰਚ ਗਏ। ਇੱਥੇ ਉਨ੍ਹਾਂ ਜੀਐਸਟੀ ਅਤੇ ਟੈਕਸ ਚੋਰੀ ਕਰਨ ਵਾਲੇ ਬਹੁਤ ਸਾਰੇ ਟਰੱਕ ਫੜੇ ਅਤੇ ਉਨ੍ਹਾਂ ਦੇ ਮਾਲਕਾਂ ‘ਤੇ ਭਾਰੀ ਜੁਰਮਾਨਾ ਲਗਾਇਆ।

ਵਿੱਤ ਮੰਤਰੀ ਚੀਮਾ ਨੇ ਟੈਕਸ ਚੋਰੀ ਕਰਨ ਵਾਲੇ 16 ਟਰੱਕ ਫੜੇ। ਫਿਰ ਉਨ੍ਹਾਂ ਦੇ ਮਾਲਕਾਂ ਨੂੰ ਕੁੱਲ 10 ਲੱਖ ਰੁਪਏ ਜੁਰਮਾਨਾ ਕੀਤਾ ਗਿਆ। ਚੀਮਾ ਵੱਲੋਂ ਰੋਕੇ ਗਏ ਟਰੱਕਾਂ ਦੇ ਡਰਾਈਵਰ ਉਨ੍ਹਾਂ ਕੋਲੋਂ ਮੰਗੇ ਗਏ ਸਬੰਧਤ ਦਸਤਾਵੇਜ਼ ਅਤੇ ਬਿੱਲ ਪੇਸ਼ ਨਹੀਂ ਕਰ ਸਕੇ। ਇਸ ਕਾਰਨ ਮੁੱਢਲੇ ਪੜਾਅ ’ਤੇ ਹੀ ਟਰੱਕ ਮਾਲਕਾਂ ਨੂੰ ਜੁਰਮਾਨਾ ਕੀਤਾ ਗਿਆ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਇਸ ਤਰ੍ਹਾਂ ਦੀ ਇਹ ਪਹਿਲੀ ਕਾਰਵਾਈ ਹੈ ਕਿਉਂਕਿ ਇਸ ਤੋਂ ਪਹਿਲਾਂ ਵੀ GST ਵਿਭਾਗ ‘ਤੇ ਕਈ ਵਾਰ ਦੋਸ਼ ਲੱਗ ਚੁੱਕੇ ਹਨ। ਇਹੀ ਕਾਰਨ ਹੈ ਕਿ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਜੀਐਸਟੀ ਵਿਭਾਗ ਦੇ ਕੁਝ ਅਧਿਕਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਸੂਬਾ ਸਰਕਾਰ ਸਪੱਸ਼ਟ ਕਰਦੀ ਆ ਰਹੀ ਹੈ ਕਿ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਲੋਕਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ, ਚਾਹੇ ਉਹ ਕਿਸੇ ਵੀ ਸਿਆਸੀ ਪਾਰਟੀ ਦਾ ਹੋਵੇ।